ਚਮਕੌਰ ਸਾਹਿਬ ’ਚ ਬੁੱਢਾ ਦਲ ਨੇ ਮਹੱਲਾ ਕੱਢਿਆ
ਸੰਜੀਵ ਬੱਬੀ
ਚਮਕੌਰ ਸਾਹਿਬ, 23 ਦਸੰਬਰ
ਗੁਰਦੁਆਰਾ ਰਣਜੀਤਗੜ੍ਹ ਸਾਹਿਬ ਚਮਕੌਰ ਸਾਹਿਬ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਅਤੇ ਇਤਿਹਾਸਕ ਨਿਸ਼ਾਨ ਨਗਾਰਿਆਂ ਦੀ ਛਤਰ-ਛਾਇਆ ਹੇਠ ਮਹੱਲਾ ਸ਼ੁਰੂ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਰਣਜੀਤਗੜ੍ਹ ਛਾਉਣੀ ਬੁੱਢਾ ਦਲ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਜਿਹੜੀ ਕੌਮ ਦੇ ਨੌਜਵਾਨ ਬਹਾਦਰ ਤੇ ਅਣਖੀਲੇ ਹੁੰਦੇ ਹਨ, ਉਸ ਨੂੰ ਗ਼ੁਲਾਮ ਬਣਾਉਣਾ ਸੌਖਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜਿਹੜੀ ਕੌਮ ਦੇ ਲੋਕ ਡਰਪੋਕ ਤੇ ਸਵਾਰਥੀ ਹੁੰਦੇ ਹਨ, ਉਹ ਗ਼ੁਲਾਮਾਂ ’ਚ ਸ਼ਾਮਲ ਹੋ ਜਾਂਦੀ ਹੈ।
ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਨਿਹੰਗ ਸਿੰਘਾਂ ਦਾ ਮਹੱਲਾ ਗੁਰਦੁਆਰਾ ਰਣਜੀਤਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਚਮਕੌਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਕਤਲਗੜ੍ਹ ਸਾਹਿਬ ਤੋਂ ਸਟੇਡੀਅਮ ਦੇ ਗਰਾਊਂਡ ਵਿੱਚ ਪੁੱਜਾ। ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਵੱਡੀ ਗਿਣਤੀ ਨਿਹੰਗ ਸਿੰਘਾਂ ਨੇ ਸ਼ਮੂਲੀਅਤ ਕੀਤੀ। ਇੱਥੇ ਨਿਹੰਗ ਸਿੰਘਾਂ ਨੇ ਗਤਕਾ, ਘੌੜ ਦੌੜ, ਨੇਜੇ ਦੇ ਕਰਤੱਬ ਅਤੇ ਇੱਕ ਤੋਂ ਦੋ, ਦੋ ਤੋਂ ਚਾਰ ਘੋੜਿਆਂ ਦੀ ਸਵਾਰੀ ਕਰ ਕੇ ਜੰਗੀ ਕਰਤੱਬ ਵੀ ਦਿਖਾਏ। ਇਸ ਮੌਕੇ ਬਾਬਾ ਮੇਜਰ ਸਿੰਘ ਸੋਢੀ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਨਿਰਵੈਰ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਇੰਦਰਜੀਤ ਸਿੰਘ, ਬਾਬਾ ਰਘੁਬੀਰ ਸਿੰਘ, ਬਾਬਾ ਮਹਿਤਾਬ ਸਿੰਘ, ਬਾਬਾ ਰਾਜਾ ਰਾਜ ਸਿੰਘ, ਬਾਬਾ ਇੰਦਰ ਸਿੰਘ, ਬਾਬਾ ਲਾਲ ਸਿੰਘ ਅਤੇ ਬਾਬਾ ਮਾਨ ਸਿੰਘ ਆਦਿ ਹਾਜ਼ਰ ਸਨ।