ਪਿੰਜੌਰ ਨੇੜੇ ਬੱਸ ਖੱਡ ’ਚ ਡਿੱਗੀ, 40 ਜ਼ਖ਼ਮੀ
ਪੀਪੀ ਵਰਮਾ
ਪੰਚਕੂਲਾ, 8 ਜੁਲਾਈ
ਪੰਚਕੂਲਾ ਜ਼ਿਲ੍ਹੇ ਦੇ ਬਲਾਕ ਪਿੰਜੌਰ ਨੇੜੇ ਅੱਜ ਸਵੇਰੇ ਹਰਿਆਣਾ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ 20 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ ਜਿਸ ਕਾਰਨ 40 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਵਿੱਚ ਬਹੁਗਿਣਤੀ ਸਕੂਲੀ ਵਿਦਿਆਰਥੀਆਂ ਦੀ ਹੈ। ਬੱਸ ਪਿੰਡ ਡਖਰੋਗ ਤੋਂ ਕਾਲਕਾ ਜਾ ਰਹੀ ਸੀ। ਹਾਦਸੇ ਤੋਂ ਬਾਅਦ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਪਿੰਜੌਰ ਅਤੇ ਪੰਚਕੂਲਾ ਦੇ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ 60 ਸਾਲਾ ਮਹਿਲਾ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਕ ਹੋਰ ਮਰੀਜ਼ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਸ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।
ਬਾਕੀ ਜ਼ਖ਼ਮੀ ਬੱਚਿਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੰਚਕੂਲਾ ਦੇ ਵਿਧਾਇਕ ਅਤੇ ਵਿਧਾਨ ਸਭਾ ਸਪੀਕਰ ਗਿਆਨਚੰਦ ਗੁਪਤਾ ਤੋਂ ਇਲਾਵਾ ਕਾਲਕਾ ਦੇ ਵਿਧਾਇਕ ਪ੍ਰਦੀਪ ਚੌਧਰੀ, ਡਿਪਟੀ ਕਮਿਸ਼ਨਰ ਡਾ. ਯਸ਼ ਗਰਗ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀਈਓ) ਸਤਪਾਲ ਕੌਸ਼ਿਕ ਅਤੇ ਹੋਰ ਸੀਨੀਅਰ ਅਧਿਕਾਰੀ ਜ਼ਖ਼ਮੀਆਂ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਅਤੇ ਡਾਕਟਰਾਂ ਨੂੰ ਜ਼ਖਮੀ ਬੱਚਿਆਂ ਤੇ ਹੋਰਾਂ ਦੇ ਇਲਾਜ ਸਬੰਧੀ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਦੌਰਾਨ ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।