ਬੱਸ ਕਾਮਿਆਂ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ’ਚ ਚੱਕਾ ਜਾਮ ਦਾ ਐਲਾਨ
ਪੱਤਰ ਪ੍ਰੇਰਕ
ਚੰਡੀਗੜ੍ਹ, 28 ਦਸੰਬਰ
ਪੰਜਾਬ ਰੋਡਵੇਜ਼ ਪਨਬੱਸ,ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਨਿੱਤਰਦਿਆਂ 30 ਦਸੰਬਰ ਨੂੰ ਹੜਤਾਲ ਕਰਕੇ ਕਿਸਾਨੀ ਧਰਨਿਆਂ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ। ਇੱਥੇ ਅੱਜ ਯੂਨੀਅਨ ਦੇ ਸੰਸਥਾਪਕ ਕਮਲ ਕੁਮਾਰ, ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਗੁਰਪ੍ਰੀਤ ਸਿੰਘ ਪੰਨੂ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਕਿਸਾਨ ਜਥੇਬੰਦੀਆਂ ਵੱਲੋਂ ਜੋ 30 ਦਸੰਬਰ ਨੂੰ ਪੰਜਾਬ ਬੰਦ ਕਰਨ ਸਮੇਤ ਕੀਤੇ ਜਾਣ ਵਾਲੇ ਧਰਨੇ-ਪ੍ਰਦਰਸ਼ਨਾਂ ਵਿੱਚ ਡੱਟ ਕੇ ਸ਼ਮੂਲੀਅਤ ਕਰੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਭਾਵੇਂ ਕਿਸਾਨ ਯੂਨੀਅਨ ਦੇ ਪ੍ਰਦਰਸ਼ਨ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਚੱਲਣਗੇ ਪਰ ਬੱਸ ਕਾਮੇ ਆਮ ਜਨਤਾ ਦੀ ਪ੍ਰੇਸ਼ਾਨੀ ਨੂੰ ਵੀ ਦੇਖਦਿਆਂ ਉਸ ਦਿਨ ਸਿਰਫ਼ 10 ਤੋਂ 2 ਵਜੇ ਤੱਕ ਹੀ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਨਗੇ।