For the best experience, open
https://m.punjabitribuneonline.com
on your mobile browser.
Advertisement

ਜ਼ਿਮਨੀ ਚੋਣ: ‘ਆਪ’ ਵੱਲੋਂ ਉਮੀਦਵਾਰਾਂ ਦਾ ਐਲਾਨ

07:35 AM Oct 21, 2024 IST
ਜ਼ਿਮਨੀ ਚੋਣ  ‘ਆਪ’ ਵੱਲੋਂ ਉਮੀਦਵਾਰਾਂ ਦਾ ਐਲਾਨ
ਹਰਦੀਪ ਸਿੰਘ ਡਿੰਪੀ ਢਿੱਲੋਂ, ਹਰਿੰਦਰ ਸਿੰਘ ਧਾਲੀਵਾਲ, ਇਸ਼ਾਂਕ ਚੱਬੇਵਾਲ, ਗੁਰਦੀਪ ਸਿੰਘ ਰੰਧਾਵਾ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 20 ਅਕਤੂਬਰ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਹਿ ਚੁੱਕੇ ਹਨ ਤੇ ਇਸੇ ਸਾਲ ਅਗਸਤ ਮਹੀਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਵਿਧਾਨ ਸਭਾ ਹਲਕਾ ਬਰਨਾਲਾ ਤੋਂ ਪਾਰਟੀ ਨੇ ਪੁਰਾਣੇ ਵਰਕਰ ਹਰਿੰਦਰ ਸਿੰਘ ਧਾਲੀਵਾਲ ਨੂੰ ਉਮੀਦਵਾਰ ਐਲਾਨਿਆ ਹੈ। ਹਰਿੰਦਰ ਸਿੰਘ ਧਾਲੀਵਾਲ ਬਰਨਾਲਾ ਦੇ ਸਾਬਕਾ ਵਿਧਾਇਕ ਤੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀਆਂ ’ਚੋਂੋਂ ਹਨ।
‘ਆਪ’ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਪੁੱਤ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ਼ਾਂਕ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲੰਬੇ ਸਮੇਂ ਤੋਂ ਇਸੇ ਹਲਕੇ ਦੇ ਇੰਚਾਰਜ ਵਜੋਂ ਕੰਮਕਾਜ ਦੇਖ ਰਹੇ ਸਨ। ਉਹ ਉਦਯੋਗ ਬੋਰਡ ਦੇ ਸੀਨੀਅਰ ਡਿਪਟੀ ਚੇਅਰਮੈਨ ਵੀ ਹਨ।

Advertisement

ਬਰਨਾਲਾ ਤੋਂ ‘ਆਪ’ ਉਮੀਦਵਾਰ ਹਰਿੰਦਰ ਸਿੰਘ ਖ਼ਿਲਾਫ਼ ਬਗ਼ਾਵਤ

ਬਰਨਾਲਾ (ਪਰਸ਼ੋਤਮ ਬੱਲੀ): ਬਰਨਾਲਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਐਲਾਨੇ ਗਏ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ (ਛੀਨੀਂਵਾਲ) ਦਾ ਪਾਰਟੀ ਅੰਦਰ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਸੀਟ ਤੋਂ ਦਾਅਵੇਦਾਰੀ ਜਤਾ ਰਹੇ ‘ਆਪ’ ਦੇ ਪੁਰਾਣੇ ਕਾਰਕੁਨ, ਮੌਜੂਦਾ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਪ੍ਰੈੱਸ ਕਾਨਫਰੰਸ ਕਰਕੇ ਹਰਿੰਦਰ ਸਿੰਘ ਨੂੰ ‘ਟਿਕਟ’ ਦੇਣ ਦੇ ਫ਼ੈਸਲੇ ਨੂੰ ਸਿੱਧੀ ਚੁਣੌਤੀ ਦਿੰਦਿਆਂ ਪਾਰਟੀ ਹਾਈਕਮਾਨ ਨੂੰ ਇਸ ’ਤੇ ਮੁੜ ਵਿਚਾਰ ਕਰਨ ਲਈ 24 ਘੰਟਿਆਂ ਦਾ ਸਮਾਂ ਦਿੱਤਾ ਹੈ। ਇਥੇ ਪ੍ਰੈੱਸ ਕਾਨਫਰੰਸ ਦੌਰਾਨ ਗੁਰਦੀਪ ਬਾਠ ਨੇ ਕਿਹਾ ਕਿ ਉਹ ਪਿਛਲੇ ਸੱਤ ਸਾਲਾਂ ਤੋਂ ਜ਼ਿਲ੍ਹਾ ਪ੍ਰਧਾਨ ਹਨ। ਸੂਬੇ ’ਚ 2014 ਵਿੱਚ ਪਾਰਟੀ ਦੇ ਗਠਨ ਤੋਂ ਬਾਅਦ ਉਨ੍ਹਾਂ ਲਗਾਤਾਰ ਪੰਜਾਬ ਤੇ ਦੂਜੇ ਰਾਜਾਂ ਵਿੱਚ ਮਿਲੀ ਹਰ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਈ ਹੈ। ਉਨ੍ਹਾਂ ਨੂੰ ਇਸ ਵਾਰ ਉਮੀਦਵਾਰ ਐਲਾਨੇ ਜਾਣ ਦਾ ਪੱਕਾ ਭਰੋਸਾ ਦਿਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਐਲਾਨੇ ਉਮੀਦਵਾਰ ਦੀ ਮੀਤ ਹੇਅਰ ਦੇ ਜਮਾਤੀ ਤੇ ਦੋਸਤ ਹੋਣ ਤੋਂ ਇਲਾਵਾ ਪਾਰਟੀ ਗਤੀਵਿਧੀਆਂ ’ਚ ਇੱਕ ਵੀ ਦੇਣ ਨਹੀਂ ਹੈ। ਉਨ੍ਹਾਂ ਪਾਰਟੀ ਅੰਦਰ ਫੈਲ ਰਹੇ ‘ਪਰਿਵਾਰਵਾਦ’ ਪ੍ਰਤੀ ਵੀ ਚਿੰਤਾ ਜ਼ਾਹਿਰ ਕੀਤੀ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸਬੰਧੀ ਕਿਹਾ ਕਿ ਹਰਿੰਦਰ ਸਿੰਘ ਧਾਲੀਵਾਲ ਪਾਰਟੀ ਨਾਲ ਅੰਨਾ ਅੰਦੋਲਨ ਦੇ ਸਮੇਂ ਤੋਂ ਜੁੜੇ ਹੋਏ ਹਨ। ਉਨ੍ਹਾਂ ਧਾਲੀਵਾਲ ਨਾਲ ਕਿਸੇ ਵੀ ਰਿਸ਼ਤੇਦਾਰੀ ਤੋਂ ਇਨਕਾਰ ਕੀਤਾ ਤੇ ਕਿਹਾ ਕਿ ਜੇਕਰ ਰਿਸ਼ਤੇਦਾਰੀ ਸਾਬਤ ਹੋ ਜਾਵੇ ਤਾਂ ਉਹ ‘ਘਰ ਬੈਠ’ ਜਾਣਗੇ। ਦੂਜੇ ਪਾਸੇ ਗੁਰਦੀਪ ਬਾਠ ਨੇ ਕਿਹਾ ਕਿ ਜੇਕਰ ਹਰਿੰਦਰ ਦੀ ਪਾਰਟੀ ਲਈ ਕੋਈ ਸਰਗਰਮੀ ਦਸ ਦਿੱਤੀ ਜਾਵੇ ਤਾਂ ਉਹ ਵੀ ਅਜਿਹਾ ਹੀ ਕਰਨਗੇ।

Advertisement

Advertisement
Author Image

sukhwinder singh

View all posts

Advertisement