For the best experience, open
https://m.punjabitribuneonline.com
on your mobile browser.
Advertisement

ਜ਼ਿਮਨੀ ਚੋਣ: ਜਲੰਧਰ ’ਚ ਡੇਰੇ ਲਾਉਣਗੇ ਮੁਲਾਜ਼ਮ

08:42 AM Jun 24, 2024 IST
ਜ਼ਿਮਨੀ ਚੋਣ  ਜਲੰਧਰ ’ਚ ਡੇਰੇ ਲਾਉਣਗੇ ਮੁਲਾਜ਼ਮ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਜੂਨ
ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ’ਚ ਜੁੱਟ ਗਈਆਂ ਹਨ, ਉਥੇ ਹੀ ਆਮ ਆਦਮੀ ਪਾਰਟੀ ਦੀ ਬੇੜੀ ’ਚ ਵੱਟੇ ਪਾਉਣ ਲਈ ਪੰਜਾਬ ਭਰ ਦੇ ਮੁਲਾਜ਼ਮ ਵੀ ਪੱਬਾਂ-ਭਾਰ ਹੋ ਗਏ ਹਨ। ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਵਾਅਦਾ ਪੂਰਾ ਨਾ ਹੋਣ ਤੋਂ ਖਫ਼ਾ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ 7 ਜੁਲਾਈ ਨੂੰ ਜਲੰਧਰ ’ਚ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਪੰਜਾਬ ਭਰ ਤੋਂ ਮੁਲਾਜ਼ਮ ਭਰਵੀਂ ਸ਼ਮੂਲੀਅਤ ਕਰਨਗੇ। ਫਰੰਟ ਦੇ ਸੂਬਾ ਕਨਵੀਨਰ ਸਲਿੰਦਰ ਕੰਬੋਜ ਨੇ ਜਾਰੀ ਬਿਆਨ ’ਚ ਕਿਹਾ ਕਿ ਪਿਛਲੇ ਸਮੇਂ ਤੋਂ 17 ਜੁਲਾਈ 2020 ਦਾ ਨੋਟੀਫਿਕੇਸ਼ਨ ਰੱਦ ਕਰ ਕੇ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਦਾ ਪੇਅ ਸਕੇਲ ਬਹਾਲ ਕਰਵਾਉਣ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਹੈ। ਲੋਕ ਸਭਾ ਚੋਣਾਂ ਦੌਰਾਨ ਵੀ ਫਰੰਟ ਵੱਲੋਂ ‘ਪੰਜਾਬ ਪੇਅ ਸਕੇਲ ਨਹੀਂ ਤਾਂ ਵੋਟ ਨਹੀਂ’ ਮੁਹਿੰਮ ਚਲਾਈ ਗਈ ਸੀ, ਜਿਸ ਨੂੰ ਭਰਪੂਰ ਹੁੰਗਾਰਾ ਮਿਲਿਆ ਤੇ ਇਸ ਦਾ ਖਮਿਆਜ਼ਾ ਸੱਤਾਧਾਰੀ ਪਾਰਟੀ ਨੂੰ ਭੁਗਤਣਾ ਪਿਆ।
ਉਨ੍ਹਾਂ ਦੱਸਿਆ ਕਿ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਫਰੰਟ ਵੱਲੋਂ 7 ਜੁਲਾਈ ਨੂੰ ਜਲੰਧਰ ਪੱਛਮੀ ਵਿੱਚ ਰੋਸ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਹ ਵਾਅਦਾ ਵਫ਼ਾ ਨਹੀਂ ਹੋਇਆ, ਜਿਸ ਦਾ ਨਤੀਜਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ 3 ਸੀਟਾਂ ’ਤੇ ਸਿਮਟ ਕੇ ਭੁਗਤਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਪੰਜਾਬ ਪੇਅ ਸਕੇਲ ਬਹਾਲ ਨਾ ਕੀਤਾ ਗਿਆ ਤਾਂ ਉਹ ਜ਼ਿਮਨੀ ਚੋਣਾਂ ਵਿੱਚ ਵੀ ਸੱਤਾਧਾਰੀ ਪਾਰਟੀ ਦਾ ਵਿਰੋਧ ਜਾਰੀ ਰੱਖਣਗੇ।

Advertisement

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਝੰਡਾ ਮਾਰਚ ਦਾ ਐਲਾਨ

ਬਠਿੰਡਾ (ਮਨੋਜ ਸ਼ਰਮਾ): ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਨੇ ਸੂਬਾ ਪੱਧਰੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਹੈ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਯੂਨੀਅਨ ਵੱਲੋਂ ਝੰਡਾ ਮਾਰਚ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਲਗਾਤਾਰ ਮੀਟਿੰਗ ਨਾ ਕਰਨ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਇਸੇ ਕਾਰਨ ਯੂਨੀਅਨ ਨੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਸਰਕਾਰ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਬਾਵਜੂਦ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ’ਤੇ ਕੋਈ ਗੰਭੀਰਤਾ ਨਹੀਂ ਦਿਖਾ ਰਹੀ। ਸੀਪੀਐੱਫ ਕਰਮਚਾਰੀ ਯੂਨੀਅਨ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ 27 ਜੂਨ ਨੂੰ ਝੰਡਾ ਮਾਰਚ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ, ਅਮਨਦੀਪ ਸਿੰਘ ਖਜ਼ਾਨਚੀ, ਸੰਗਤ ਰਾਮ, ਗੁਰਮੇਲ ਸਿੰਘ ਵਿਰਕ, ਧਰਮਿੰਦਰ ਸਿੰਘ, ਜਰਨੈਲ ਸਿੰਘ ਔਜਲਾ ਆਦਿ ਸ਼ਾਮਲ ਸਨ।

Advertisement

‘ਆਪ’ ਉਮੀਦਵਾਰ ਦਾ ਘਿਰਾਓ ਕਰਨਗੇ ਦਫ਼ਤਰੀ ਬਾਬੂ

ਮੋਗਾ (ਮਹਿੰਦਰ ਸਿੰਘ ਰੱਤੀਆਂ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਇਥੇ ਹੋਈ ਸੂਬਾ ਪੱਧਰੀ ਮੀਟਿੰਗ ਵਿਚ ਆਪਣੀਆਂ ਮੰਗਾਂ ਲਈ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸੂਬਾ ਸਰਕਾਰ ਵਿਰੁੱਧ 5 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਤੇ ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿਚ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਸੰਦੀਪ ਕੁਮਾਰ ਆਨੰਦ, ਚੇਅਰਮੈਨ ਮੇਵਾ ਸਿੰਘ, ਦਲਬੀਰ ਸਿੰਘ ਸਿੱਧੂ, ਮੁਲਖਰਾਜ ਸਿੰਘ ਆਦਿ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਲਈ ਅਤੇ ਸਰਕਾਰ ਦੀ ਬੇਰੁਖੀ ਖ਼ਿਲਾਫ਼ 5 ਜੁਲਾਈ ਨੂੰ ਜਲੰਧਰ ਵਿੱਚ ਰੋਸ ਰੈਲੀ ਕਰ ਕੇ ਬਾਜ਼ਾਰਾਂ ਵਿੱਚ ਮਾਰਚ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਦਫਤਰ/ਘਰ ਦਾ ਘਿਰਾਓ ਕੀਤਾ ਜਾਵੇਗਾ। ਜੇ ਫਿਰ ਵੀ ਪੰਜਾਬ ਸਰਕਾਰ ਵੱਲੋਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨਾਲ ਮੀਟਿੰਗ ਕਰ ਕੇ ਮੰਨੀਆਂ ਹੋਈਆਂ ਮੰਗਾਂ ਦੇ ਪੱਤਰ ਜਾਰੀ ਨਾ ਕੀਤੇ ਤਾਂ ਜਥੇਬੰਦੀ ਵੱਲੋਂ ਭਵਿੱਖ ਵਿੱਚ ਹੋਰ ਵੀ ਸਖਤ ਫੈਸਲੇ ਲਏ ਜਾਣਗੇ।

Advertisement
Author Image

sukhwinder singh

View all posts

Advertisement