ਜ਼ਿਮਨੀ ਚੋਣ: ਅਕਾਲੀ ਦਲ, ਕਾਂਗਰਸ ਤੇ ਭਾਜਪਾ ਵੱਲੋਂ ਪ੍ਰਦਰਸ਼ਨ
ਲਖਵਿੰਦਰ ਸਿੰਘ
ਮਲੋਟ, 14 ਦਸੰਬਰ
ਇਥੇ ਨਗਰ ਕੌਂਸਲ ਦੇ ਵਾਰਡ ਨੰਬਰ-12 ਦੀ ਜ਼ਿਮਨੀ ਚੋਣ ਲਈ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਉਪਰੰਤ ਸਾਰੀਆਂ ਪਾਰਟੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਸ਼ਹਿਰ ’ਚੋਂ ਲੰਘਦਾ ਕੌਮੀ ਮਾਰਗ ਜਾਮ ਕਰ ਕੇ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਇਸ ਕਾਰਵਾਈ ਨੂੰ ਲੋਕਤੰਤਰ ਦੀ ਹੱਤਿਆ ਕਰਾਰ ਦਿੱਤਾ। ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਵੋਟਾਂ ਰਾਹੀਂ ਜਿੱਤ-ਹਾਰ ਹੋਣੀ ਵੱਖਰੀ ਗੱਲ ਹੈ ਪਰ ਕਿਸੇ ਨੂੰ ਚੋਣ ਲੜਨ ਅਤੇ ਵੋਟ ਪਾਉਣ ਦੇ ਅਧਿਕਾਰ ਤੋਂ ਹੀ ਵਾਂਝਾ ਕਰ ਦੇਣਾ, ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸਰਕਾਰ ਅਤੇ ਇਸ ਦੇ ਨੁਮਾਇੰਦਿਆਂ ਦੇ ਦਬਾਅ ਹੇਠ ਕਾਗਜ਼ਾਂ ਵਿੱਚ ਨਾਜਾਇਜ਼ ਨੁਕਸ ਕੱਢ ਕੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦੇ ਕਾਗਜ਼ ਰੱਦ ਕੀਤੇ ਹਨ। ਧਰਨੇ ਵਿੱਚ ਮੌਜੂਦ ਕਾਂਗਰਸ ਦੀ ਸਾਬਕਾ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਵੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਨਿਖੇਧੀ ਕੀਤੀ। ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਦਾਅਵਾ ਕੀਤਾ ਕਿ ਉਹ ਇਸ ਧੱਕੇ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ ਚੇਅਰਮੈਨ ਬਲਕਾਰ ਸਿੰਘ ਔਲਖ, ਨਰਸਿੰਗ ਦਾਸ ਚਲਾਣਾ, ਐਡਵੋਕੇਟ ਜਸਪਾਲ ਔਲਖ, ਗੋਲਡੀ ਭੁੱਲਰ ਤੇ ਅਸ਼ਵਨੀ ਡਾਵਰ ਹਾਜ਼ਰ ਸਨ।