ਜ਼ਿਮਨੀ ਚੋਣਾਂ: ਭਾਜਪਾ ਨੇ ਸਿੱਖ ਚਿਹਰਿਆਂ ’ਤੇ ਪੱਤਾ ਖੇਡਿਆ
ਜੋਗਿੰਦਰ ਸਿੰਘ ਮਾਨ
ਮਾਨਸਾ, 22 ਅਕਤੂਬਰ
ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਮਗਰੋਂ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ ਜ਼ਿਮਨੀ ਵਿਧਾਨ ਸਭਾ ਚੋਣਾਂ ਲਈ ਤਿੰਨ ਸਿੱਖ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ’ਚ ਆਪਸੀ ਪਾਟੋ-ਧਾੜ ਦੌਰਾਨ ਇਨ੍ਹਾਂ ਸਿੱਖ ਹਸਤੀਆਂ ਦੀ ਅਹਿਮ ਭੂਮਿਕਾ ਰਹਿਣ ਦੀ ਹੁਣ ਉਮੀਦ ਬੱਝ ਗਈ ਹੈ। ਭਾਜਪਾ ਵੱਲੋਂ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ, ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਨੇ ਇਨ੍ਹਾਂ ਸਿੱਖ ਚਿਹਰਿਆਂ ਦੀ ਸੂਚੀ ਜਾਰੀ ਕਰਕੇ ਫ਼ਿਲਹਾਲ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਹੈਰਾਨ ਕਰ ਦਿੱਤੇ ਹਨ।
ਬੇਸ਼ੱਕ ਭਾਜਪਾ ਵੱਲੋਂ ਮਨਪ੍ਰੀਤ ਬਾਦਲ ਅਤੇ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾਉਣ ਦੀਆਂ ਚਰਚਾ ਕਈ ਦਿਨਾਂ ਤੋਂ ਚੱਲ ਰਹੀ ਸੀ ਪਰ ਕੁੱਝ ਹਲਕੇ ਇਨ੍ਹਾਂ ਨਾਵਾਂ ਦੇ ਐਲਾਨ ਹੋ ਜਾਣ ਨੂੰ ਮੰਨ ਨਹੀਂ ਸੀ ਰਹੇ, ਪਰ ਅੱਜ ਅਚਾਨਕ ਸੂਚੀ ਜਾਰੀ ਹੋਣ ਤੋਂ ਬਾਅਦ ਨਵੇਂ ਸਿਆਸੀ ਮੁਕਾਬਲਿਆਂ ਦੀ ਆਸ ਬੱਝ ਗਈ ਹੈ। ਮਨਪ੍ਰੀਤ ਬਾਦਲ ਵੱਲੋਂ ਆਪਣੇ ਰਵਾਇਤੀ ਵਿਧਾਨ ਸਭਾ ਹਲਕੇ ਗਿੱਦੜਬਾਹਾ ਤੋਂ ਅੰਦਰ ਖਾਤੇ ਲੰਬੇ ਸਮੇਂ ਤੋਂ ਸਰਗਰਮੀਆਂ ਵਿੱਢੀਆਂ ਹੋਈਆਂ ਸਨ। ਉਨ੍ਹਾਂ ਦੀਆਂ ਸਰਗਰਮੀਆਂ ਨੂੰ ਗੰਭੀਰਤਾ ਨਾਲ ਲੈ ਕੇ ਹੀ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਜਿਨ੍ਹਾਂ ਨੂੰ ਮਗਰੋਂ ਹੁਣ ਸੱਤਾਧਾਰੀ ‘ਆਪ’ ਵੱਲੋਂ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਮਨਪ੍ਰੀਤ ਬਾਦਲ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਗਿੱਦੜਬਾਹਾ ਤੋਂ ਕੀਤੀ ਸੀ। ਉਨ੍ਹਾਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰ ਵੇਲੇ 1995 ਵਿੱਚ ਇੱਥੋਂ ਜ਼ਿਮਨੀ ਚੋਣ ਦੌਰਾਨ ਸੱਤਾਧਾਰੀ ਕਾਂਗਰਸ ਧਿਰ ਦੇ ਉਮੀਦਵਾਰ ਨੂੰ ਹਰਾਇਆ ਸੀ। ਉਹ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਦੀ ਸਰਕਾਰ ਸਮੇਂ ਖਜ਼ਾਨਾ ਮੰਤਰੀ ਰਹਿ ਚੁੱਕੇ ਹਨ। ਉਹ 1997, 2002 ਅਤੇ 2007 ਵਿੱਚ ਗਿੱਦੜਬਾਹਾ ਤੋਂ ਵਿਧਾਇਕ ਰਹੇ ਹਨ ਅਤੇ ਉਹ 2012 ਵਿੱਚ ਉਥੋਂ ਚੋਣ ਹਾਰ ਗਏ ਸਨ।
ਇਸੇ ਤਰ੍ਹਾਂ ਭਾਜਪਾ ਵੱਲੋਂ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉਹ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ। ਉਨ੍ਹਾਂ ਦੇ ਪਿਤਾ ਅਕਾਲੀ-ਭਾਜਪਾ ਸਰਕਾਰ ਦੌਰਾਨ 2007 ਅਤੇ 2012 ਵਿੱਚ ਵਿਧਾਨ ਸਭਾ ਦੇ ਸਪੀਕਰ ਰਹੇ ਹਨ ਅਤੇ ਸਾਬਕਾ ਮੰਤਰੀ ਵੀ ਰਹੇ ਹਨ। 2022 ਵਿੱਚ ਅਕਾਲੀ ਦਲ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਮੁਕਾਬਲੇ ਮੈਦਾਨ ਵਿੱਚ ਉਤਾਰਿਆ ਸੀ ਅਤੇ ਉਹ ਥੋੜ੍ਹੀਆਂ ਵੋਟਾਂ ਨਾਲ ਹਾਰ ਗਏ ਸਨ।
ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਕੇਵਲ ਸਿੰਘ ਢਿੱਲੋਂ ਨੂੰ ਬਰਨਾਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਉਹ 2007, 2012 ਵਿੱਚ ਦੋ ਵਾਰ ਬਰਨਾਲਾ ਤੋਂ ਵਿਧਾਇਕ ਰਹੇ ਅਤੇ 2017 ਵਿੱਚ ਉਹ ‘ਆਪ’ ਦੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਲਗਪਗ 2300 ਵੋਟਾਂ ਦੇ ਫ਼ਰਕ ਨਾਲ ਚੋਣ ਹਾਰ ਗਏ ਸਨ। ਉਨ੍ਹਾਂ ਨੇ 2019 ਵਿੱਚ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜੀ, ਪਰ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ।
ਸ਼੍ਰੋਮਣੀ ਅਕਾਲੀ ਦਲ ਫ਼ਤਹਿ ਨੇ ਅਤਲਾ ਨੂੰ ਬਰਨਾਲਾ ਤੋਂ ਉਮੀਦਵਾਰ ਐਲਾਨਿਆ
ਮਾਨਸਾ (ਪੱਤਰ ਪ੍ਰੇਰਕ):
ਸ਼੍ਰੋਮਣੀ ਅਕਾਲੀ ਦਲ ਫ਼ਤਿਹ ਨੇ ਸੁਖਚੈਨ ਸਿੰਘ ਅਤਲਾ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਹੈ। ਅਤਲਾ ਨੇ ਕਿਹਾ ਕਿ ਉਹ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫਤਹਿ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਉਸ ’ਤੇ ਵਿਸ਼ਵਾਸ ਜਤਾਉਂਦੇ ਹੋਏ ਬਰਨਾਲਾ ਤੋਂ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਅਤੇ ਬਰਨਾਲਾ ਵਿਧਾਨ ਸਭਾ ਦੇ ਵੋਟਰਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।