ਜ਼ਿਮਨੀ ਚੋਣਾਂ: ਪੰਜਾਬ ਵਿੱਚ ਚਾਰ ਸੀਟਾਂ ’ਤੇ ਵੋਟਾਂ ਦੀ ਗਿਣਤੀ ਅੱਜ
ਚਰਨਜੀਤ ਭੁੱਲਰ
ਚੰਡੀਗੜ੍ਹ, 22 ਨਵੰਬਰ
ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਲਈ 20 ਨਵੰਬਰ ਨੂੰ ਪਈਆਂ ਵੋਟਾਂ ਦਾ ਨਤੀਜਾ ਭਲਕੇ ਸ਼ਨਿਚਰਵਾਰ ਨੂੰ ਆ ਜਾਵੇਗਾ। ਭਲਕੇ ਵਿਧਾਨ ਸਭਾ ਹਲਕਾ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਰਾਖਵਾਂ ਹਲਕਾ ਚੱਬੇਵਾਲ ਤੋਂ ਚੋਣ ਲੜਨ ਵਾਲੇ 45 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਜਨਤਕ ਹੋਵੇਗਾ।
‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਦੋ ਲੋਕ ਸਭਾ ਸੀਟਾਂ ਅਤੇ ਇੱਕ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਹੋ ਚੁੱਕੀ ਹੈ, ਜਿਸ ’ਚੋਂ ਦੋ ਸੀਟਾਂ ‘ਆਪ’ ਦੇ ਹਿੱਸੇ ਅਤੇ ਇੱਕ ਸੀਟ ਵਿਰੋਧੀ ਧਿਰ ਦੀ ਝੋਲੀ ਪਈ ਹੈ। ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਅੱਜ ਉਮੀਦਵਾਰਾਂ ਦੀ ਸਿਆਸੀ ਧੜਕਣ ਮੁੜ ਤੇਜ਼ ਹੋ ਗਈ ਹੈ। ਇਨ੍ਹਾਂ ਚੋਣਾਂ ਵਿਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਰਗੇ ਸਿਆਸੀ ਧਨੰਤਰਾਂ ਦਾ ਭਵਿੱਖ ਵੀ ਤੈਅ ਹੋਣਾ ਹੈ। ਇਨ੍ਹਾਂ ਦੋਵੇਂ ਆਗੂਆਂ ਦੀਆਂ ਪਤਨੀਆਂ ਚੋਣ ਮੈਦਾਨ ਵਿਚ ਸਨ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਲਈ ਬਰਨਾਲਾ ਸੀਟ ਵੱਕਾਰੀ ਹੈ। ਇਸ ਹਲਕੇ ਤੋਂ ‘ਆਪ’ ਜਿੱਤਣ ’ਤੇ ਮੀਤ ਹੇਅਰ ਦਾ ਸਿਆਸੀ ਕੱਦ ਵੱਡਾ ਹੋਵੇਗਾ ਅਤੇ ਹਾਰਨ ’ਤੇ ਉਨ੍ਹਾਂ ਦੀ ਰਾਜਸੀ ਭੱਲ ਪ੍ਰਭਾਵਿਤ ਹੋਵੇਗੀ। ਭਾਜਪਾ ਇਨ੍ਹਾਂ ਚੋਣਾਂ ਵਿਚ ਆਪਣੀ ਵੋਟ ਫ਼ੀਸਦੀ ਵਿਚ ਵਾਧੇ ਨੂੰ ਨੇੜਿਓਂ ਦੇਖ ਰਹੀ ਹੈ ਕਿਉਂਕਿ ਦਲਿਤ ਭਾਈਚਾਰੇ ਦਾ ਭਾਜਪਾ ਵੱਲ ਰੁਝਾਨ ਪਹਿਲੀ ਵਾਰ ਸਾਹਮਣੇ ਨਜ਼ਰ ਆਇਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾਵੇਗੀ। ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਪੁਲੀਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਹਲਕਾ ਡੇਰਾ ਬਾਬਾ ਨਾਨਕ ’ਚ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟਸ, ਇੰਜਨੀਅਰਿੰਗ ਵਿੰਗ ਗੁਰਦਾਸਪੁਰ ਵਿੱਚ 18 ਗੇੜਾਂ ਵਿੱਚ ਹੋਵੇਗੀ। ਚੱਬੇਵਾਲ (ਐੱਸਸੀ) ਵਿੱਚ ਵੋਟਾਂ ਦੀ ਗਿਣਤੀ ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿੱਚ 15 ਗੇੜਾਂ ਵਿੱਚ ਕੀਤੀ ਜਾਵੇਗੀ। ਗਿੱਦੜਬਾਹਾ ਹਲਕੇ ਵਿੱਚ ਸਭ ਤੋਂ ਵੱਧ 81.90 ਫ਼ੀਸਦੀ ਵੋਟਿੰਗ ਹੋਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ, ਗਿੱਦੜਬਾਹਾ ਵਿੱਚ 13 ਗੇੜਾਂ ਵਿੱਚ ਕੀਤੀ ਜਾਵੇਗੀ। ਇਸੇ ਤਰ੍ਹਾਂ ਬਰਨਾਲਾ ਹਲਕੇ ’ਚ 56.34 ਫ਼ੀਸਦੀ ਵੋਟਿੰਗ ਹੋਈ। ਇਸ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿੱਚ 16 ਗੇੜਾਂ ’ਚ ਕੀਤੀ ਜਾਵੇਗੀ।
ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ
ਨਵੀਂ ਦਿੱਲੀ: ਮਹਾਰਾਸ਼ਟਰ ਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਾਲ ਨਾਲ ਦੇਸ਼ ਦੇ 13 ਰਾਜਾਂ ਦੀਆਂ 46 ਵਿਧਾਨ ਸਭਾ ਸੀਟਾਂ ਅਤੇ ਮਹਾਰਾਸ਼ਟਰ ਦੀ ਨਾਂਦੇੜ ਤੇ ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਸਵੇਰੇ ਅੱਠ ਵਜੇ ਸ਼ੁਰੂ ਹੋਵੇਗੀ। ਮਹਾਰਾਸ਼ਟਰ ’ਚ ਸਾਰਿਆਂ ਦੀਆਂ ਨਜ਼ਰਾਂ ਭਾਜਪਾ ਦੀ ਅਗਵਾਈ ਹੇਠਲੇ ਮਹਾਯੁਤੀ ਅਤੇ ਸੱਤਾ ਦੀ ਵਾਪਸੀ ਦੀ ਕੋਸ਼ਿਸ਼ ’ਚ ਜੁਟੇ ਮਹਾ ਵਿਕਾਸ ਅਘਾੜੀ (ਐੱਮਵੀਏ) ਵਿਚਾਲੇ ਮੁਕਾਬਲੇ ਦੇ ਨਤੀਜੇ ’ਤੇ ਟਿਕੀਆਂ ਹੋਈਆਂ ਹਨ ਜਦਕਿ ਝਾਰਖੰਡ ’ਚ ਮੁੱਖ ਮੁਕਾਬਲਾ ਭਾਜਪਾ ਦੀ ਅਗਵਾਈ ਹੇਠਲੇ ਐੱਨਡੀਏ ਅਤੇ ਜੇਐੱਮਐੱਮ ਦੀ ਅਗਵਾਈ ਹੇਠਲੇ ਗੱਠਜੋੜ ਵਿਚਾਲੇ ਹੈ। ਦੂਜੇ ਪਾਸੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵਾਇਨਾਡ ਲੋਕ ਸਭਾ ਹਲਕੇ ਤੋਂ ਆਪਣੀ ਪਹਿਲੀ ਚੋਣ ਲੜ ਰਹੀ ਹੈ। ਇਸ ਸੀਟ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਸੰਸਦ ਮੈਂਬਰ ਸਨ। ਕੇਰਲ ’ਚ ਵਾਇਨਾਡ ਲੋਕ ਸਭਾ ਸੀਟ ਅਤੇ ਪਲੱਕੜ ਤੇ ਚੇਲੱਕੜਾ ਵਿਧਾਨ ਸਭਾ ਸੀਟਾਂ ’ਤੇ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਉੱਤਰ ਪ੍ਰਦੇਸ਼ ਦੀਆਂ ਨੌਂ, ਰਾਜਸਥਾਨ ਦੀਆਂ ਸੱਤ, ਪੱਛਮੀ ਬੰਗਾਲ ਦੀਆਂ ਛੇ, ਅਸਾਮ ਦੀਆਂ ਪੰਜ, ਪੰਜਾਬ ਤੇ ਬਿਹਾਰ ਦੀਆਂ ਚਾਰ-ਚਾਰ, ਕਰਨਾਟਕ ਦੀਆਂ ਤਿੰਨ, ਮੱਧ ਪ੍ਰਦੇਸ਼ ਤੇ ਕੇਰਲ ਦੀਆਂ ਦੋ-ਦੋ ਤੇ ਗੁਜਰਾਤ, ਛੱਤੀਸਗੜ੍ਹ, ਉੱਤਰਾਖੰਡ ਤੇ ਮੇਘਾਲਿਆ ਦੀ ਇੱਕ-ਇੱਕ ਵਿਧਾਨ ਸਭਾ ਸੀਟ ’ਤੇ ਵੋਟਾਂ ਦੀ ਗਿਣਤੀ ਵੀ 23 ਨਵੰਬਰ ਨੂੰ ਹੋਵੇਗੀ। -ਪੀਟੀਆਈ