ਜ਼ਿਮਨੀ ਚੋਣਾਂ: ਸਿਆਸੀ ਧਿਰਾਂ ਵੱਲੋਂ ਉਮੀਦਵਾਰਾਂ ਨੂੰ ਅੰਤਿਮ ਛੋਹਾਂ
ਚਰਨਜੀਤ ਭੁੱਲਰ
ਚੰਡੀਗੜ੍ਹ, 17 ਅਕਤੂਬਰ
ਪੰਜਾਬ ਵਿਚ ਸਿਆਸੀ ਧਿਰਾਂ ਨੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਦਿੱਲੀ ਵਿੱਚ ਮੀਟਿੰਗ ਹੋਣ ਦੀ ਚਰਚਾ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਸਨ। ਕਾਂਗਰਸ ਪਾਰਟੀ ਨੇ 18 ਅਕਤੂਬਰ ਨੂੰ ਮੀਟਿੰਗ ਸੱਦ ਲਈ ਹੈ।
ਇਸੇ ਤਰ੍ਹਾਂ ਭਾਜਪਾ ਨੇ ਵੀ ਸਰਗਰਮੀ ਵਿੱਢ ਦਿੱਤੀ ਹੈ। ਪੰਜਾਬ ਵਿੱਚ ਚਾਰ ਜ਼ਿਮਨੀ ਸੀਟਾਂ, ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ 13 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਸਬੰਧੀ 25 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਸਿਆਸੀ ਧਿਰਾਂ ਦਿਨ ਥੋੜ੍ਹੇ ਰਹਿਣ ਕਰਕੇ ਉਮੀਦਵਾਰਾਂ ਦੇ ਨਾਮ ਫਾਈਨਲ ਕਰਨ ਵਿਚ ਜੁਟ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਬਾਹਰੀ ਉਮੀਦਵਾਰਾਂ ਨੂੰ ਟਿਕਟ ਦਿੱਤੇ ਜਾਣ ਦੀ ਚਰਚਾ ਭਾਰੂ ਹੈ।
ਗਿੱਦੜਬਾਹਾ ਸੀਟ ਲਈ ਸਭ ਤੋਂ ਅਹਿਮ ਨਾਮ ਹਰਦੀਪ ਸਿੰਘ ਡਿੰਪੀ ਢਿੱਲੋਂ ਦਾ ਹੈ ਜਿਨ੍ਹਾਂ ਨੇ ਥੋੜ੍ਹਾ ਸਮਾਂ ਪਹਿਲਾਂ ਹੀ ‘ਆਪ’ ਵਿਚ ਸ਼ਮੂਲੀਅਤ ਕੀਤੀ ਸੀ। ‘ਆਪ’ ਦੀ ਸਮਝ ਹੈ ਕਿ ਗਿੱਦੜਬਾਹਾ ਤੋਂ ਜੁਝਾਰੂ ਵਿਅਕਤੀ ਹੀ ਟੱਕਰ ਦੇ ਸਕਦਾ ਹੈ ਜੋ ਵਿਰੋਧੀ ਧਿਰਾਂ ਨੂੰ ਉਨ੍ਹਾਂ ਦੀ ਭਾਸ਼ਾ ਵਿੱਚ ਹੀ ਜਵਾਬ ਦੇ ਸਕਦਾ ਹੋਵੇ। ਸੂਬੇ ਦੀਆਂ ਚਾਰੋ ਸੀਟਾਂ ਵਿੱਚੋਂ ਸਭ ਤੋਂ ਅਹਿਮ ਗਿੱਦੜਬਾਹਾ ਹਲਕੇ ਦੀ ਹਾਟ ਸੀਟ ਹੈ ਜਿੱਥੋਂ ਜਿੱਤਣ ਵਾਲੀ ਪਾਰਟੀ ਦਾ ਸਿਆਸੀ ਕੱਦ ਉੱਚਾ ਹੋਵੇਗਾ।
ਬਰਨਾਲਾ ਸੀਟ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਹਰਿੰਦਰ ਸਿੰਘ ਦੇ ਨਾਮ ਦੀ ਸਿਫ਼ਾਰਸ਼ ਕੀਤੀ ਗਈ ਹੈ। ਬਰਨਾਲਾ ਸੀਟ ਤੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਵੀ ਤਕੜੇ ਦਾਅਵੇਦਾਰ ਹਨ। ਹਲਕਾ ਚੱਬੇਵਾਲ ਤੋਂ ਡਾ. ਰਾਜ ਕੁਮਾਰ ਵੇਰਕਾ ਆਪਣੇ ਨੇੜਲੇ ਨੂੰ ਟਿਕਟ ਦਿਵਾਉਣਾ ਚਾਹੁੰਦੇ ਹਨ ਜਦੋਂਕਿ ਡੇਰਾ ਬਾਬਾ ਨਾਨਕ ਤੋਂ ‘ਆਪ’ ਰਵੀਕਰਨ ਸਿੰਘ ਕਾਹਲੋਂ ਨੂੰ ਚੋਣ ਵਿੱਚ ਉਤਾਰ ਸਕਦੀ ਹੈ।
ਹਾਲਾਂਕਿ ਕਾਹਲੋਂ ਨੇ ‘ਆਪ’ ਵਿੱਚ ਹਾਲੇ ਸ਼ਮੂਲੀਅਤ ਨਹੀਂ ਕੀਤੀ। ਸੂਤਰ ਦੱਸਦੇ ਹਨ ਕਿ ਕਾਹਲੋਂ ‘ਆਪ’ ਵਿੱਚ ਸ਼ਾਮਲ ਹੋ ਸਕਦੇ ਹਨ ਪ੍ਰੰਤੂ ਇਸ ਦੀ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਨਹੀਂ ਹੋਈ। ਡੇਰਾ ਬਾਬਾ ਨਾਨਕ ਤੋਂ ਸਥਾਨਕ ਆਗੂ ਵੀ ਦਾਅਵੇਦਾਰ ਹਨ। ਇਨ੍ਹਾਂ ਸੀਟਾਂ ’ਤੇ ‘ਆਪ’ ਵੱਲੋਂ ਲਾਏ ਇੰਚਾਰਜਾਂ ਤੋਂ ਵੀ ਫੀਡ ਬੈਕ ਲਈ ਗਈ ਹੈ। ‘ਆਪ’ ਇਨ੍ਹਾਂ ਸੀਟਾਂ ਨੂੰ ‘ਕਰੋ ਜਾਂ ਮਰੋ’ ਵਾਲੀ ਸਥਿਤੀ ਵਿੱਚ ਲੜਨਾ ਚਾਹੁੰਦੀ ਹੈ ਕਿਉਂਕਿ ਇਨ੍ਹਾਂ ਦੇ ਚੋਣ ਨਤੀਜਿਆਂ ਦਾ ਅਸਰ 2027 ਦੀਆਂ ਚੋਣਾਂ ’ਤੇ ਵੀ ਪਵੇਗਾ। ਦੂਜੇ ਪਾਸੇ, ਕਾਂਗਰਸ ਪਾਰਟੀ ਨੇ ਵੀ 18 ਅਕਤੂਬਰ ਨੂੰ ਮੀਟਿੰਗ ਸੱਦੀ ਹੈ ਜਿਸ ਵਿਚ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਤੋਂ ਇਲਾਵਾ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਸ਼ਾਮਲ ਹੋਣਗੇ। ਭਲਕੇ ਕਾਂਗਰਸ ਵਿੱਚ ਕੋਈ ਵੱਡਾ ਚਿਹਰਾ ਵੀ ਸ਼ਮੂਲੀਅਤ ਕਰ ਸਕਦਾ ਹੈ।
ਸੂਤਰਾਂ ਅਨੁਸਾਰ ਕਾਂਗਰਸ ਵੱਲੋਂ ਗਿੱਦੜਬਾਹਾ ਤੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਅਤੇ ਬਰਨਾਲਾ ਤੋਂ ਵਿਜੈ ਇੰਦਰ ਸਿੰਘ ਸਿੰਗਲਾ ਦਾ ਨਾਮ ਵਿਚਾਰਿਆ ਜਾ ਰਿਹਾ ਹੈ।
ਭਾਜਪਾ ਵੱਲੋਂ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਦੇ ਨਾਵਾਂ ਦੀ ਚਰਚਾ ਹੈ। ਹਰਿਆਣਾ ਚੋਣਾਂ ਵਿਚ ਤੀਜੀ ਵਾਰ ਜਿੱਤ ਹਾਸਲ ਕਰਨ ਮਗਰੋਂ ਭਾਜਪਾ ਇਨ੍ਹਾਂ ਜ਼ਿਮਨੀ ਚੋਣਾਂ ਨੂੰ ਲੈ ਕੇ ਉਤਸ਼ਾਹ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਦੇ ਮੌਜੂਦਾ ਪੰਥਕ ਸੰਕਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਸ਼ੀਏ ’ਤੇ ਧੱਕ ਦਿੱਤਾ ਹੈ ਅਤੇ ਅਕਾਲੀ ਲੀਡਰਸ਼ਿਪ ਦਾ ਸਮੁੱਚਾ ਧਿਆਨ ਇਸ ਨਵੇਂ ਸੰਕਟ ’ਤੇ ਕੇਂਦਰਿਤ ਹੋ ਗਿਆ ਹੈ।
ਪੰਜਾਬ: ਚਾਰ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਚੱਬੇਵਾਲ (ਐੱਸਸੀ), ਗਿੱਦੜਬਾਹਾ ਅਤੇ ਬਰਨਾਲਾ ’ਚ ਜ਼ਿਮਨੀ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ ਭਲਕੇ (18 ਅਕਤੂਬਰ) ਨੂੰ ਜਾਰੀ ਹੋਵੇਗਾ। ਇਸ ਦੇ ਨਾਲ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ। ਨਾਮਜ਼ਦਗੀਆਂ 25 ਅਕਤੂਬਰ ਤੱਕ ਭਰੀਆਂ ਜਾਣਗੀਆਂ ਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ ਜਦਕਿ ਨਾਮ 30 ਅਕਤੂਬਰ ਤੱਕ ਵਾਪਸ ਲਏ ਜਾ ਸਕਣਗੇ। 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ 18 ਤੋਂ 25 ਅਕਤੂਬਰ ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11 ਤੋਂ ਸ਼ਾਮ ਤਿੰਨ ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੀਟਾਂ ’ਤੇ ਪਹਿਲਾਂ ਹੀ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ।