ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 13 ਨਵੰਬਰ ਨੂੰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਅਕਤੂਬਰ
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਚਾਰ ਵਿਧਾਨ ਸਬਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ (ਐੱਸਸੀ), ਗਿੱਦੜਬਾਹਾ ਤੇ ਬਰਨਾਲਾ ਲਈ ਜ਼ਿਮਨੀ ਚੋਣ 13 ਨਵੰਬਰ ਨੂੰ ਹੋਵੇਗੀ, ਜਦੋਂਕਿ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਮਨੀ ਚੋਣਾਂ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ 25 ਨਵੰਬਰ ਤੱਕ ਅਮਲ ਵਿਚ ਰਹੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ 18 ਤੋਂ 25 ਅਕਤੂਬਰ ਤੱਕ ਦਾਖਲ ਕੀਤੇ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ ਅਤੇ 30 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 831 ਪੋਲਿੰਗ ਸਟੇਸ਼ਨ ਤਿਆਰ ਕੀਤੇ ਗਏ ਹਨ, ਜਿੱਥੇ ਕੁੱਲ 6 ਲੱਖ 96 ਹਜ਼ਾਰ 316 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ। ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ (ਐੱਸਸੀ), ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਅਤੇ ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਨਿਯੁਕਤ ਕੀਤਾ ਹੈ। ਵਿਧਾਨ ਸਭਾ ਹਲਕਾ ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ, ਚੱਬੇਵਾਲ ਤੋਂ ਡਾ. ਰਾਜ ਕੁਮਾਰ ਚੱਬੇਵਾਲ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਡਾ. ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਸਨ। ਇਨ੍ਹਾਂ ਚਾਰਾ ਆਗੂਆਂ ਦੇ ਲੋਕ ਸਭਾ ਚੋਣਾਂ ਜਿੱਤਣ ਕਰਕੇ ਇਹ ਚਾਰੋਂ ਵਿਧਾਨ ਸਭਾ ਹਲਕੇ ਖਾਲੀ ਹੋ ਗਏ ਸਨ।