ਬਰਨਾਲਾ ਅਤੇ ਗਿੱਦੜਬਾਹਾ ਹਲਕਿਆਂ ’ਚ ਹੋਵੇਗੀ ਜ਼ਿਮਨੀ ਚੋਣ
ਪੱਤਰ ਪ੍ਰੇਰਕ
ਮਾਨਸਾ, 9 ਜੂਨ
ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਚੋਣਾਂ ਵਿੱਚ ਮਾੜੇ ਪ੍ਰਦਰਸ਼ਨ ਕਾਰਨ ਕਸੂਤਾ ਘਿਰ ਗਿਆ ਹੈ। ਅਜਿਹੇ ਵਿਚ ਮਾਲਵਾ ਖੇਤਰ ਦੇ ਗਿੱਦੜਬਾਹਾ ਅਤੇ ਬਰਨਾਲਾ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਅਕਾਲੀ ਦਲ ਲਈ ਚੁਣੌਤੀ ਹੋਣਗੀਆਂ। ਇਹ ਦੋਵੇਂ ਵਿਧਾਨ ਸਭਾ ਹਲਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਬਣਨ ਕਾਰਨ ਖਾਲੀ ਹੋਏ ਹਨ। ਬਰਨਾਲਾ ਤੋਂ ਮੀਤ ਹੇਅਰ ਅਤੇ ਗਿੱਦੜਬਾਹਾ ਤੋਂ ਰਾਜਾ ਵੜਿੰਗ 2022 ਵਿੱਚ ਵਿਧਾਇਕ ਵਜੋਂ ਚੋਣ ਜਿੱਤੇ ਸਨ।
ਇਨ੍ਹਾਂ ਦੋਵੇਂ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਹੋਣ ਤੋਂ ਬਾਅਦ ਹੁਣ ਰਾਜ ਵਿੱਚ ਛੇਤੀ ਜ਼ਿਮਨੀ ਚੋਣ ਕਰਵਾਉਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ। ਚੋਣ ਕਮਿਸ਼ਨ ਵੱਲੋਂ 6 ਮਹੀਨਿਆਂ ਦੇ ਅੰਦਰ ਖਾਲੀ ਹੋਏ ਹਲਕਿਆਂ ਵਿੱਚ ਚੋਣ ਕਰਵਾਉਣੀ ਲਾਜ਼ਮੀ ਹੁੰਦੀ ਹੈ। ਗਿੱਦੜਬਾਹਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਮੰਨਿਆ ਜਾਂਦਾ ਰਿਹਾ ਹੈ। ਇੱਥੋਂ ਪ੍ਰਕਾਸ਼ ਸਿੰਘ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਚੋਣ ਜਿੱਤਦੇ ਰਹੇ ਹਨ। ਸੂਬੇ ਦੀ ਸੱਤਾਧਾਰੀ ਧਿਰ ਦੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਬਿਨਾਂ ਹੋਰ ਕੋਈ ਵੀ ਵਿਧਾਇਕ ਸੰਸਦ ਦੀਆਂ ਪੌੜੀਆਂ ਨਹੀਂ ਚੜ੍ਹ ਸਕਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤ ਹਾਸਲ ਕੀਤੀ ਹੈ ਅਤੇ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਮੈਂਬਰ ਪਾਰਲੀਮੈਂਟ ਬਣਨ ਦਾ ਸੁਪਨਾ ਚਕਨਾ ਚੂਰ ਕਰ ਦਿੱਤਾ ਹੈ। ਇਸੇ ਤਰ੍ਹਾਂ ਮਾਲਵਾ ਖੇਤਰ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਜੋ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਹਨ, ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਬਣਨ ਵਿੱਚ ਕਾਮਯਾਬ ਹੋ ਗਏ ਸਨ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਹਰਾਇਆ ਹੈ।
ਡੱਬੀ::::ਬਠਿੰਡਾ ਲੋਕ ਸਭਾ ਚੋਣ ਵਾਂਗ ਜਿੱਤ ਹਾਸਲ ਕਰਾਂਗੇ: ਭੂੰਦੜ
ਦੋਵੇਂ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਚੋਣਾਂ ਸਬੰਧੀ ਸੰਪਰਕ ਕਰਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਦੋਨੋਂ ਹਲਕਿਆਂ ਸਮੇਤ ਪੂਰੇ ਪੰਜਾਬ ਵਿੱਚ ਤਕੜੀ ਹੋ ਕੇ ਚੋਣ ਲੜੇਗੀ ਅਤੇ ਬਠਿੰਡਾ ਲੋਕ ਸਭਾ ਹਲਕੇ ਵਾਂਗ ਵਿਰੋਧੀਆਂ ਨੂੰ ਮਾਤ ਦੇਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਜ਼ਿਮਨੀ ਚੋਣਾਂ ਵਿੱਚ ਹਮੇਸ਼ਾ ਜਿੱਤਾਂ ਵਾਲੇ ਪਾਸੇ ਜਾਂਦਾ ਰਿਹਾ ਹੈ ਅਤੇ ਇਸ ਵਾਰ ਵੀ ਅਜਿਹੇ ਹਲਾਤ ਹੀ ਹੋਣਗੇ।