For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਵਿਧਾਇਕ ਦੇ ਦਫਤਰ ਅੱਗੇ ਪ੍ਰਦਰਸ਼ਨ

10:33 AM Feb 11, 2024 IST
ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਵਿਧਾਇਕ ਦੇ ਦਫਤਰ ਅੱਗੇ ਪ੍ਰਦਰਸ਼ਨ
ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ ਤੇ ਪੈਨਸ਼ਨਰ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 10 ਫਰਵਰੀ
ਪੰਜਾਬ ਦੇ ਦਰਜਨਾਂ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੱਦੇ ’ਤੇ ਅੱਜ ਇੱਥੇ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕਾਲੇ ਝੰਡਿਆਂ ਨਾਲ ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਦੇ ਦਫਤਰ ਅੱਗੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਅਤੇ ਪਿੱਟ ਸਿਆਪਾ ਕੀਤਾ ਗਿਆ। ਇਹ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਲੰਮੇ ਸਮੇ ਤੋਂ ਲਟਕਦੀਆ ਮੰਗਾਂ ਬਾਰੇ ਭਗਵੰਤ ਮਾਨ ਦੀ ਸਰਕਾਰ ਵੱਲੋਂ ਧਾਰੀ ਚੁੱਪ ਤੋਂ ਖਫ਼ਾ ਸਨ। ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਮੰਗ ਪੱਤਰ ਵਿੱਚ ਸਰਕਾਰ ਨੂੰ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ ਗਈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਸਥਾਨਕ ਨਵੀਂ ਅਨਾਜ ਮੰਡੀ ਵਿੱਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਦੇ ਵਾਅਦਿਆਂ ’ਤੇ ਯਕੀਨ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਹੁਤ ਵੱਡਾ ਰੋਲ ਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਸਰਕਾਰ ਮੁੱਕਰ ਗਈ ਹੈ। ਇਸ ਕਾਰਨ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਸਮੇਤ ਹੋਰਨਾਂ ਲੋਕਾਂ ਵਿੱਚ ਬਹੁਤ ਰੋਸ ਹੈ। ਰੈਲੀ ਨੂੰ ਪਸਸਫ ਦੇ ਆਗੂ ਸੁਖਦੇਵ ਚੰਗਾਲੀਵਾਲਾ, ਛੱਜੂ ਰਾਮ ਸ਼ਰਮਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਰਾਜ ਕੁਮਾਰ ਅਰੋੜਾ, ਜਰਨੈਲ ਸਿੰਘ, ਪੀਐੱਸਈਬੀ ਪੈਨਸ਼ਨਰਜ਼ ਯੂਨੀਅਨ ਦੇ ਗੁਰਚਰਨ ਸਿੰਘ, ਮਹਿੰਦਰ ਸਿੰਘ, ਗੁਰਮੇਲ ਖਾਈ, ਸੀਤਾ ਰਾਮ, ਹਰਭਗਵਾਨ ਗੁਰਨੇ, ਮਾਸਟਰ ਰਾਬਲ ਭੁਟਾਲ, ਜਸਵਿੰਦਰ ਪਿਸ਼ੌਰੀਆ, ਜਗਦੇਵ ਸਿੰਘ ਬਾਹੀਆ, ਜਗਰੂਪ ਸਿੰਘ, ਰਾਜਿੰਦਰ ਪਾਲ ਡੀ ਐਮ ਐਫ, ਮਨਜੀਤ ਸੰਗਤਪੁਰਾ, ਗੁਰਪ੍ਰੀਤ ਕੌਰ ਗਾਰਡ, ਰਾਜਵਿੰਦਰ ਕੌਰ ਨਵਾਂ ਗਾਓਂ, ਜਸਵੀਰ ਕੌਰ ਮੂਨਕ, ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ ਅਤੇ ਸਰਕਾਰ ਦੀ ਮੁਲਾਜ਼ਮਾਂ ਪੈਨਸ਼ਨਰਾਂ ਨੂੰ ਅਣਗੌਲਿਆਂ ਕਰਨ ਦੀ ਨਿਖੇਧੀ ਕਰਦੇ ਹੋਏ ਮੰਗਾਂ ਮੰਨਣ ਦੀ ਅਪੀਲ ਕੀਤੀ। ਵਿਧਾਇਕ ਬਰਿੰਦਰ ਗੋਇਲ ਨੇ ਮੁਲਾਜ਼ਮ ਆਗੂਆਂ ਤੋਂ ਮੰਗ-ਪੱਤਰ ਲਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਇਨ੍ਹਾਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਜ਼ੋਰ ਪਾਉਣਗੇ।

Advertisement

Advertisement
Advertisement
Author Image

Advertisement