ਨਵਾਂਸ਼ਹਿਰ ਵਿੱਚ ਕੈਬਨਿਟ ਮੰਤਰੀ ਵੱਲੋਂ ਬਿਜਲੀ ਘਰ ਦੀ ਚੈਕਿੰਗ
ਸੁਰਜੀਤ ਮਜਾਰੀ
ਨਵਾਂਸ਼ਹਿਰ, 10 ਦਸੰਬਰ
ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਜਿੱਥੇ ਉਨ੍ਹਾਂ ਬਿਜਲੀ ਘਰ ਨਵਾਂਸ਼ਹਿਰ ਦੀ ਚੈਕਿੰਗ ਕੀਤੀ ਉੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਉਸਾਰੀ ਜਾ ਰਹੀ ‘ਜੀ ਪਲੱਸ ਫੋਰ’ ਇਮਾਰਤ ਦੇ ਕੰਮ ਦਾ ਵੀ ਨਿਰੀਖਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੱਕਾਰੀ ਸੰਸਥਾ ਹੈ, ਜਿੱਥੇ 1450 ਦੇ ਕਰੀਬ ਬੱਚੇ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੂਲ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਉਸਾਰੀ ਜਾ ਰਹੀ ‘ਜੀ ਪਲੱਸ ਫੋਰ’ ਇਮਾਰਤ ਦਾ 95 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਨੂੰ ਦਸੰਬਰ ਦੇ ਅਖ਼ੀਰ ਤੱਕ ਮੁਕੰਮਲ ਕਰ ਕੇ ਸਿੱਖਿਆ ਵਿਭਾਗ ਦੇ ਸਪੁਰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਾਸੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ ਅਤੇ ਇਸ ਸਬੰਧੀ ਇਲਾਕਾ ਵਾਸੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਜਿਥੇ ਬਿਜਲੀ ਘਰ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਤੋਂ ਇਲਾਵਾ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਉੱਥੇ ਸਮਾਰਟ ਸਕੂਲ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ, ਆਪ ਆਗੂ ਹਰਜੋਤ ਕੌਰ ਲੋਹਟੀਆ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਖਟਕੜ, ਪ੍ਰਿੰਸੀਪਲ ਸਰਬਜੀਤ ਸਿੰਘ ਤੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਤਜਿੰਦਰ ਸਿੰਘ ਆਦਿ ਹਾਜ਼ਰ ਸਨ।