ਕੈਬਨਿਟ ਮੰਤਰੀ ਧਾਲੀਵਾਲ ਨੇ ਲਾਇਆ ਜਨਤਾ ਦਰਬਾਰ
ਸੁਖਦੇਵ ਸੁੱਖ
ਅਜਨਾਲਾ, 4 ਫਰਵਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਆਪਣੇ ਦਫਤਰ ਵਿੱਚ ਲਗਾਏ ਗਏ ਜਨਤਾ ਦਰਬਾਰ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਜਨਤਾ ਦਰਬਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਮੁਸਕਲਾਂ ਦਾ ਮੌਕੇ ਤੇ ਹੱਲ ਕਰਨਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਕੱਟਣੇ ਪੈਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਾਰੇ ਮੰਤਰੀ ਅਤੇ ਵਿਧਾਇਕਾਂ ਨੂੰ ਆਪੋ ਆਪਣੇ ਹਲਕੇ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਧਾਲੀਵਾਲ ਨੇ ਅਧਿਕਾਰੀਆਂ ਨਾਲ ਅਜਨਾਲਾ ਹਲਕੇ ਦੇ ਵਿਕਾਸ ਕਾਰਜਾਂ ਦੇ ਰੀਵਿਊ ਨੂੰ ਲੈ ਕੇ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਉਹ ਰੋਜ਼ਾਨਾ ਪ੍ਰਗਤੀ ਰਿਪੋਰਟ ਲੈਣ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਸਮੇਂ ਸਮੇਂ ਸਿਰ ਚੈੱਕ ਕਰਨ। ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਰ ਵਾਰ ਮੀਟਿੰਗਾਂ ਕਰਨ ਦੀ ਬਜਾਏ ਉਨ੍ਹਾਂ ਦੇ ਮਸਲੇ ਹੱਲ ਕਰੇ। ਇਸ ਮੌਕੇ ਐਸਡੀਐਮ ਰਵਿੰਦਰ ਸਿੰਘ, ਬੀਡੀਪੀਓ ਸੁਖਜੀਤ ਸਿੰਘ ਬਾਜਵਾ, ਡੀਐਸਪੀ ਗੁਰਵਿੰਦਰ ਸਿੰਘ ਔਲਖ, ਗੁਰਜੰਟ ਸਿੰਘ ਸੋਹੀ,ਆਮ ਆਦਮੀ ਦੇ ਸ਼ਹਿਰੀ ਪ੍ਰਧਾਨ ਅਮਿਤ ਔਲ ਤੇ ਚੇਅਰਮੈਨ ਬੱਬੂ ਚੇਤਨਪੁਰਾ ਹਾਜ਼ਰ ਸਨ।