ਕੈਬਨਿਟ ਮੰਤਰੀ ਗੋਇਲ ਵੱਲੋਂ ਮੂਨਕ ਦੀ ਅਨਾਜ ਮੰਡੀ ਦਾ ਦੌਰਾ
ਕਰਮਵੀਰ ਸੈਣੀ
ਮੂਨਕ, 13 ਅਕਤੂਬਰ
ਮੂਨਕ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਐੱਸਡੀਐੱਮ ਸੂਬਾ ਸਿੰਘ ਸਮੇਤ ਨਵੀਂ ਅਨਾਜ ਮੰਡੀ ਮੂਨਕ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ਵਿੱਚ ਹੀ ਆੜ੍ਹਤੀ ਐਸੋਸੀਏਸ਼ਨ ਅਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਇਕ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਕੇਂਦਰ ਸਰਕਾਰ ਅਤੇ ਐੱਫਸੀਆਈ ਵੱਲੋਂ ਝੋਨੇ ਵਿੱਚ ਨਮੀ ਦੀ ਪ੍ਰਤੀਸ਼ਤਤਾ ਸਬੰਧੀ ਜਾਣਕਾਰੀ ਦਿੰਦਿਆਂ ਦੁਹਰਾਇਆ ਕਿ ਸਾਰੇ ਕਿਸਾਨ ਵੀਰਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਕਿ ਅਨਾਜ ਮੰਡੀਆਂ ਵਿੱਚ ਕੇਵਲ 17% ਤੋਂ ਘੱਟ ਨਮੀ ਵਾਲੀ ਫਸਲ ਹੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ। ਇਸ ਮੌਕੇ ਸੂਬਾ ਸਿੰਘ ਐੱਸਡੀਐੱਮ ਮੂਨਕ ਨੇ ਕਿਹਾ ਕਿ ਕਿਸਾਨ ਵੀਰਾਂ ਨੂੰ ਸਮੇਂ ਸਮੇਂ ’ਤੇ ਮੀਟਿੰਗਾਂ ਕਰਕੇ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਰਾਹੀਂ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਸ਼ਾਮ ਨੂੰ ਕੰਬਾਈਨਾਂ ਰਾਹੀਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਜੇ ਕੋਈ ਵੀ ਕਿਸਾਨ ਜਾਂ ਕੰਬਾਈਨ ਚਾਲਕ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਕੰਬਾਈਨ ਨੂੰ ਸਮੁੱਚੇ ਸੀਜਨ ਲਈ ਜਬਤ ਕਰ ਲਿਆ ਜਾਵੇਗਾ।
ਵਿਧਾਇਕ ਵੱਲੋਂ ਮਾਲੇਰਕੋਟਲਾ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਮਾਲੇਰਕੋਟਲਾ(ਹੁਸ਼ਿਆਰ ਸਿੰਘ ਰਾਣੂ): ਵਿਧਾਇਕ ਮਾਲੇਰਕੋਟਲਾ ਡਾ. ਮੁਹੰਮਦ ਜਮੀਲ-ਉਰ ਰਹਿਮਾਨ ਅਤੇ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵਿਧਾਇਕ ਰਹਿਮਾਨ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਝੋਨੇ ਦੀ ਖ਼ਰੀਦ ਦਾ ਕੰਮ ਨਿਰੰਤਰ ਜਾਰੀ ਰੱਖਿਆ ਜਾਵੇਗਾ ਜੇਕਰ ਖ਼ਰੀਦ ਸਬੰਧੀ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸਦਾ ਢੁਕਵਾਂ ਹੱਲ ਤੁਰੰਤ ਪ੍ਰਭਾਵ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਅਜਿਹਾ ਕਰਨ ਨਾਲ ਝੋਨੇ ’ਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਵਾਧੂ ਨਮੀ ਵਾਲੀ ਫਸਲ ਖਰੀਦਣ ਵਿੱਚ ਅਸਮਰਥ ਹੁੰਦੀਆਂ ਹਨ ਅਤੇ ਬਗ਼ੈਰ ਸੂਪਰ ਸਟਰਾ ਮੈਨੇਜਮੈਂਟ ਸਿਸਟਮ ਵਾਲੀ ਕੰਬਾਈਨਾਂ ਨਾਲ ਕਟਾਈ ਨਾ ਕਰਵਾਉਣ।