For the best experience, open
https://m.punjabitribuneonline.com
on your mobile browser.
Advertisement

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਲਹਿਰਾਇਆ

11:21 AM Jan 28, 2024 IST
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਤਿਰੰਗਾ ਲਹਿਰਾਇਆ
ਸੰਗਰੂਰ ’ਚ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਦੇ ਹੋਏ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਜਨਵਰੀ
ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲੀਸ ਲਾਈਨ ਸਟੇਡੀਅਮ ’ਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬਤੌਰ ਮੁੱਖ ਮਹਿਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਐੱਸ.ਐੱਸ.ਪੀ ਸਰਤਾਜ ਸਿੰਘ ਚਹਿਲ ਵੀ ਉਨ੍ਹਾਂ ਦੇ ਨਾਲ ਸਨ। ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਇਸ ਦੌਰਾਨ ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਦਰਸਾਉਂਦੀਆਂ ਵੱਖ ਵੱਖ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ। ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਤਹਿਤ ਕੋਰੀਓਗ੍ਰਾਫੀ, ਗੱਤਕੇ, ਸਭਿਆਚਾਰਕ ਨਾਚਾਂ, ਜਿਮਨਾਸਟਿਕ ਦੀ ਪੇਸ਼ਕਾਰੀ ਕੀਤੀ ਗਈ। ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ ਲੋਕ ਨਾਚ ਗਿੱਧਾ ਤੇ ਲੋਕ ਨਾਚ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ। ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਨੇ ਜ਼ਿਲਾ ਸੰਗਰੂਰ ਦੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ।
ਇਸ ਮੌਕੇ ਕੈਬਨਿਟ ਮੰਤਰੀ ਨੇ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਵੀਰਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਯੋਧੇ ਸਾਡੇ ਦੇਸ਼ ਦੀ ਪ੍ਰਭੂਸੱਤਾ ਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਸ੍ਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।

Advertisement

ਮਾਲੇਰਕੋਟਲਾ ਵਿੱਚ ਕੈਬਨਿਟ ਮੰਤਰੀ ਧਾਲੀਵਾਲ ਨੇ ਕੌਮੀ ਝੰਡਾ ਲਹਿਰਾਇਆ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ।

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਐਨ.ਆਰ.ਆਈ. ਮਾਮਲਿਆਂ ਅਤੇ ਪ੍ਰਬੰਧਕੀ ਸੁਧਾਰਾਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕਰਦਿਆਂ ਮਾਰਚ ਪਾਸਟ ਤੋਂ ਸਲਾਮੀ ਲਈ। ਕੁਲਦੀਪ ਸਿੰਘ ਧਾਲੀਵਾਲ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਨਮਨ ਕਰਦਿਆਂ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨਿਰੋਲ ਮੈਰਿਟ ਦੇ ਆਧਾਰ ’ਤੇ 39 ਹਜ਼ਾਰ 406 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ, ਬਿਹਤਰ ਸਿਹਤ ਸਹੂਲਤਾਂ ਦੇਣ ਲਈ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, 117 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਕਰੀਬ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ ਤੇ ਜ਼ਿਲ੍ਹੇ ਵਿੱਚ ਕਰੀਬ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਉਸਾਰਿਆ ਜਾਵੇਗਾ। ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ, ਕਾਰਗਿਲ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪੱਲਵੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ, ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ, ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਆਦਿ ਮੌਜਦੂ ਸਨ।

Advertisement
Author Image

sukhwinder singh

View all posts

Advertisement
Advertisement
×