ਬੀਕੇਯੂ ਏਕਤਾ ਉਗਰਾਹਾਂ ਵੱਲੋਂ ਕੈਬਨਿਟ ਮੰਤਰੀ ਦੇ ਦਫਤਰ ਦਾ ਘਿਰਾਓ
ਰਮੇਸ਼ ਭਾਰਦਵਾਜ
ਲਹਿਰਾਗਾਗਾ, 19 ਅਕਤੂਬਰ
ਇਥੇ ਪੁਰਾਣੀ ਅਨਾਜ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਨਿੱਜੀ ਦਫਤਰ ਅੱਗੇ ਅੱਜ ਤੀਜੇ ਦਿਨ ਵੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਬਲਾਕ ਲਹਿਰਾਗਾਗਾ ਵਲੋਂ ਬਲਾਕ ਦੇ ਜਨਰਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਪੱਕਾ ਮੋਰਚਾ ਜਾਰੀ ਰਿਹਾ। ਉਧਰ ਕਿਸਾਨਾਂ ਨੇ ਰੋਸ ਵਜੋਂ ਚੌਟੀਆ ਟੌਲ ਪਲਾਜ਼ਾ ਪਰਚੀ ਮੁਕਤ ਕਰਵਾਇਆ। ਬਲਾਕ ਆਗੂਆਂ ਨੇ ਦੱਸਿਆ ਕਿ ‘ਆਪ’ ਸਰਕਾਰ ਦੇ ਵਿਧਾਇਕਾਂ, ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਐੱਮਐੱਸਪੀ ’ਤੇ ਨਿਰਵਿਘਨ ਖਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ’ਤੇ ਵਿਕੇ ਝੋਨੇ ਦੀ ਕਮੀ ਨੂੰ ਦੂਰ ਕਰਨ, ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮਐੱਸਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ; ਬਾਸਮਤੀ ਦਾ ਲਾਭਕਾਰੀ ਐੱਮਐੱਸਪੀ ਮਿਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ’ਤੇ ਖਰੀਦ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਸੂਬੇ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਆਪਣੀ ਜ਼ਿਮੇਵਾਰੀ ਸਮਝੇ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਪੂਰਾ ਕਰੇ।
ਇਸ ਮੌਕੇ ਬਲਾਕ ਕਾਰਜਕਾਰੀ ਪ੍ਰਧਾਨ ਬਹਾਦਰ ਸਿੰਘ ਭੁਟਾਲ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਰਾਮ ਸਿੰਘ ਨੰਗਲਾ, ਪ੍ਰੀਤਮ ਲਹਿਲ ਕਲਾ, ਰਾਮਚੰਦ ਚੋਟੀਆਂ, ਸੁਰੇਸ਼ ਕੁਮਾਰ ਕਾਲਬੰਜਾਰਾ, ਸਰਬਜੀਤ ਸ਼ਰਮਾ ਮੌਜੂਦ ਸਨ।