ਕੈਗ ਨੇ ਗ਼ੈਰਕਾਨੂੰਨੀ ਖਣਨ ਰੋਕਣ ਵਿੱਚ ‘ਆਪ’ ਦੀ ਢਿੱਲ ਵੱਲ ਇਸ਼ਾਰਾ ਕੀਤਾ: ਬਾਜਵਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਫਰਵਰੀ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਵੱਡੀ ਪੱਧਰ ’ਤੇ ਹੋ ਰਹੇ ਗ਼ੈਰ-ਕਾਨੂੰਨੀ ਖਣਨ ’ਤੇ ਰੋਕ ਲਗਾਉਣ ਵਿੱਚ ਅਸਫ਼ਲ ਰਹਿਣ ’ਤੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗ਼ੈਰ-ਕਾਨੂੰਨੀ ਖਣਨ ਨੂੰ ਠੱਲ੍ਹਣਾ ਤੇ ਖਣਨ ਤੋਂ 20 ਹਜ਼ਾਰ ਕਰੋੜ ਰੁਪਏ ਦੀ ਕਮਾਈ ਕਰਨਾ ‘ਆਪ’ ਦੇ ਮੁੱਖ ਚੋਣ ਵਾਅਦਿਆਂ ਵਿੱਚੋਂ ਇੱਕ ਸੀ।ਉਨ੍ਹਾਂ ਕਿਹਾ ਕਿ ਵਿੱਤੀ ਸਾਲ 2022-23 ਲਈ ਲੋਕ ਨਿਰਮਾਣ ਵਿਭਾਗਾਂ ਦੇ ਕੰਮਕਾਜ ਦੀ ਸਾਲਾਨਾ ਸਮੀਖਿਆ ਦੌਰਾਨ ਭਾਰਤ ਦੇ ਕੰਪਟਰੋਲਰ ਆਡੀਟਰ ਜਨਰਲ (ਕੈਗ) ਨੇ ਕਿਹਾ ਕਿ ਪੰਜਾਬ ਰਾਜ ਰੇਤੇ ਤੇ ਬਜਰੀ ਮਾਈਨਿੰਗ ਨੀਤੀ 2018 ਦੀ ਲੋੜ ਅਨੁਸਾਰ ਤੇ ਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਜੀਓ-ਟੈਗਿੰਗ, ਜੀਓ-ਫੈਂਸਿੰਗ ਅਤੇ ਇਲੈਕਟ੍ਰੌਨਿਕ ਨਿਗਰਾਨੀ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ। ਤਿੰਨ ਡਰੇਨੇਜ ਡਿਵੀਜ਼ਨਾਂ ਦੇ ਰਿਕਾਰਡਾਂ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜਲ ਸਰੋਤ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲਗਾਉਣ ਅਤੇ ਜਾਂਚ ਕਰਨ ਲਈ ਤਕਨਾਲੋਜੀ ਦੀ ਵਰਤੋਂ ਨਹੀਂ ਕੀਤੀ ਗਈ ਸੀ।