ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਏਕੇ ਦਾ ਸੱਦਾ
ਦਵਿੰਦਰ ਪਾਲ
ਚੰਡੀਗੜ੍ਹ 18 ਅਕਤੂਬਰ
ਪੰਜਾਬ ਦੀਆਂ ਅੱਧੀ ਦਰਜਨ ਤੋਂ ਵੱਧ ਕਿਸਾਨ ਜਥੇਬੰਦੀਆਂ ਨੇ ਅੱਜ ਇੱਥੇ ਵੱਖ-ਵੱਖ ਮੀਟਿੰਗਾਂ ਕਰਕੇ ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਤਹਿਤ ਇੱਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਯੋਜਨਾਬੱਧ ਢੰਗ ਨਾਲ ਕਿਸਾਨੀ ਮੰਗਾਂ ਸਬੰਧੀ ਸੰਘਰਸ਼ ਕਰਨ ਦਾ ਸੱਦਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਦੀਆਂ ਮੀਟਿੰਗਾਂ ਬਲਬੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਡਾ. ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਹੋਈਆਂ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨੇ ਗਏ 26, 27 ਅਤੇ 28 ਨਵੰਬਰ ਦੇ ਪ੍ਰੋਗਰਾਮਾਂ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ। ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤੇ ਰਾਹੀਂ ਪੰਜਾਬ ਤੋਂ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਹਰਿਆਣਾ ਨਾਲ ਪਾਣੀਆਂ ਦੀ ਵੰਡ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਇੱਕ ਹੋਰ ਮਤੇ ਰਾਹੀਂ ਮੀਟਿੰਗ ਵਿੱਚ ਪੱਕੇ ਪਟਵਾਰੀਆਂ ਦੀ ਭਰਤੀ, ਕਿਸਾਨਾਂ ਨੂੰ ਡੀਏਪੀ ਖਾਦ ਦੀ ਸਪਲਾਈ, ਮੰਡੀਆਂ ਵਿੱਚ ਬਾਇਓਮੀਟਰਿਕ ਪ੍ਰਣਾਲੀ ਦਾ ਵਿਰੋਧ, ਬਿਜਾਈ ਸਮੇਂ ਖਰਾਬ ਹੋਈ ਝੋਨੇ ਦੀ ਫ਼ਸਲ ਅਤੇ ਹਾਲ ਹੀ ਵਿੱਚ ਬੇਮੌਸਮੀ ਮੀਂਹ ਕਾਰਨ ਝੋਨੇ ਦੇ ਖਰਾਬੇ ਦਾ ਮੁਆਵਜ਼ਾ ਜਾਰੀ ਕਰਨ, ਮੰਡੀਆਂ ਵਿੱਚੋਂ ਝੋਨੇ ਦੀਆਂ ਬੋਰੀਆਂ ਚੁਕਵਾਉਣ ਅਤੇ ਸੂਬੇ ਵਿੱਚੋਂ ਸਾਇਲੋਜ਼ ਬੰਦ ਕਰਵਾਉਣ ਸਬੰਧੀ ਮਤੇ ਪਾਸ ਕੀਤੇ।
ਆਗੂਆਂ ਨੇ ਏਕਤਾ ਨੂੰ ਸਮੇਂ ਦੀ ਲੋੜ ਦੱਸਦਿਆਂ ਸਮੂਹ ਜਥੇਬੰਦੀਆਂ ਨੂੰ ਸਾਂਝੇ ਪ੍ਰੋਗਰਾਮਾਂ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਦੇ ਵਿਚਾਰ-ਵਟਾਂਦਰੇ ਅਤੇ ਸਮਝੌਤਿਆਂ ਨਾਲ ਮੋਰਚਾ ਸ਼ੁਰੂ ਕਰਨ ਲਈ ਪਾਣੀਆਂ ਦੇ ਝਗੜੇ, ਫੈਡਰਲ ਸਿਸਟਮ ’ਤੇ ਹਮਲਾ, ਵਾਤਾਵਰਨ ਪ੍ਰਦੂਸ਼ਣ, ਕਿਸਾਨਾਂ ਤੇ ਖੇਤੀ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਅਤੇ ਡਾ. ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਵਰਗੇ ਮੁੱਦੇ ਵਿਚਾਰੇ ਗਏ। ਕਿਸਾਨ ਆਗੂਆਂ ਨੇ ਦੱਸਿਆ ਕਿ ਸਾਰੀਆਂ ਜਥੇਬੰਦੀਆਂ ’ਚ ਏਕਤਾ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਕਿਸਾਨਾਂ ਦੇ ਭਖਦੇ ਮਸਲਿਆਂ ਨੂੰ ਸਾਂਝੇ ਮੰਚ ਤੋਂ ਇੱਕਜੁਟ ਹੋ ਕੇ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਨੇ ਮੀਟਿੰਗ ਕਰਕੇ ਇਹ ਸਿੱਟਾ ਕੱਢਿਆ ਸੀ ਕਿ ਸੰਘਰਸ਼ ਲਈ ਏਕਤਾ ਅਸੂਲ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵਿੱਚ ਏਕੇ ਲਈ ਤਿੰਨ ਕਮੇਟੀਆਂ ਦਾ ਗਠਨ ਕੀਤਾ ਸੀ, ਜਿਸ ਤਹਿਤ ਵੱਖ ਵੱਖ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਬੰਦ ਕਮਰਾ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਅੱਜ ਚੰਡੀਗੜ੍ਹ ਵਿੱਚ ਪੰਜ ਮੈਂਬਰੀ ਕਮੇਟੀ ਨੇ ਪੰਜ ਕਿਸਾਨ ਜਥੇਬੰਦੀਆਂ ਨਾਲ ਬੰਦ ਕਮਰਾ ਮੀਟਿੰਗ ਕੀਤੀ ਹੈ, ਜੋ ਹਾਂ-ਪੱਖੀ ਰਹੀ ਹੈ। ਮੀਟਿੰਗ ਵਿੱਚ ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ, ਹਰਜਿੰਦਰ ਸਿੰਘ ਟਾਂਡਾ, ਕਿਸਾਨ ਜਥੇਬੰਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸ਼ਿਰਕਤ ਕਰਦਿਆਂ 32 ਜਥੇਬੰਦੀਆਂ ਤਰਫੋਂ ਏਕਤਾ ਕਾਇਮ ਕਰਨ ਲਈ ਵਿਚਾਰ ਸਾਂਝੇ ਕੀਤੇ।