ਮਜ਼ਦੂਰ ਮੁਕਤੀ ਮੋਰਚਾ ਵੱਲੋਂ ‘ਆਪ’ ਦੇ ਵਿਰੋਧ ਦਾ ਸੱਦਾ
ਪਰਸ਼ੋਤਮ ਬੱਲੀ
ਬਰਨਾਲਾ, 13 ਨਵੰਬਰ
ਜ਼ਿਮਨੀ ਚੋਣਾਂ ਵਿੱਚ ਮਜ਼ਦੂਰ ਮੁਕਤੀ ਮੋਰਚੇ ਨੇ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਸੱਦਾ ਦਿੱਤਾ ਹੈ। ਇਹ ਐਲਾਨ ਅੱਜ ਇਥੇ ਮੱਖਣ ਸਿੰਘ ਰਾਮਗੜ੍ਹ ਦੀ ਪ੍ਰਧਾਨਗੀ ਹੇਠ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਕਮਾਂ ਦੀਆਂ ਅਮੀਰ ਪੱਖੀ ਨੀਤੀਆਂ ਨੇ ਆਮ ਜਨਤਾ ਦੀ ਜ਼ਿੰਦਗੀ ਨਰਕ ਬਣਾ ਦਿੱਤੀ ਹੈ। ਮੁੱਖ ਮੰਤਰੀ ਮਾਨ ਦੇ ਰੰਗਲੇ ਪੰਜਾਬ ਵਿੱਚ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਵਾਅਦੇ ਅਨੁਸਾਰ ਔਰਤਾਂ ਨੂੰ ਅਜੇ ਤੱਕ 1000 ਰੁਪਏ ਮਹੀਨਾ ਨਾ ਦੇ ਕੇ ਔਰਤਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 2022 ‘ਚ ਕੀਤੀਆਂ ਗਾਰੰਟੀਆਂ ’ਚੋਂ ਇੱਕ ਵੀ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅੱਜ ਕੇਂਦਰੀ ਸੱਤਾਧਾਰੀ ਹਾਕਮ ਕਾਰਪੋਰੇਟ ਘਰਾਣਿਆਂ ਦੇ ਮੁਨਾਫ਼ੇ ਲਈ ਆਮ ਲੋਕਾਂ ਨੂੰ ਮਹਿੰਗਾਈ ਦੀ ਭੱਠੀ ’ਚ ਸੁੱਟ ਰਹੇ ਹਨ। ਆਗੂਆਂ ਮਜ਼ਦੂਰ ਸਮਾਜ ਨੂੰ ਜਥੇਬੰਦਕ ਹੋ ਕੇ ਆਪਣੀ ਆਜ਼ਾਦ ਤਾਕਤ ਖੜ੍ਹੀ ਕਰਨ ਦਾ ਸੱਦਾ ਦਿੱਤਾ।