For the best experience, open
https://m.punjabitribuneonline.com
on your mobile browser.
Advertisement

ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਤਲਬ

08:38 AM Jun 08, 2024 IST
ਡਿਪਟੀ ਕਮਿਸ਼ਨਰਾਂ ਤੋਂ ਰਿਪੋਰਟ ਤਲਬ
ਚੰਡੀਗੜ੍ਹ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਏਐੱਨਆਈ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 7 ਜੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਅੱਜ ਡਿਪਟੀ ਕਮਿਸ਼ਨਰਾਂ ਕੋਲੋਂ ‘ਘਰ-ਘਰ ਰਾਸ਼ਨ’ ਸਕੀਮ ਬਾਰੇ ਰਿਪੋਰਟ ਤਲਬ ਕਰ ਲਈ ਹੈ। ਲੋਕ ਸਭਾ ਚੋਣਾਂ ਦੌਰਾਨ ਵੱਡੀ ਪੱਧਰ ’ਤੇ ਰਾਸ਼ਨ ਕਾਰਡ ਕੱਟੇ ਜਾਣ ਦਾ ਰੌਲਾ ਪਿਆ ਸੀ। ਮੁੱਖ ਮੰਤਰੀ ਨੇ ਅੱਜ ਇਸ ਸਕੀਮ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਇਸ ਸਕੀਮ ਨੂੰ ਪੂਰਨ ਤੌਰ ’ਤੇ ਲਾਗੂ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਰਾਸ਼ਨ ਕਾਰਡ ਨਹੀਂ ਕੱਟਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਲਈ ਕੁਝ ਲੋਕਾਂ ਨੇ ਇਹ ਅਫ਼ਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਕੋਲੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਾਕਾਇਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਸਥਾਪਤ ਕੀਤੀਆਂ ਗਈਆਂ ਮਾਡਲ ਫੇਅਰ ਪ੍ਰਾਈਸ ਸ਼ਾਪਸ (ਐੱਮਐੱਫਪੀਐੱਸ) ਰਾਹੀਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਇਹ ਸਹੂਲਤ ਇਸੇ ਤਰ੍ਹਾਂ ਜਾਰੀ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਸ਼ਨ ਦੀ ਨਿਰਵਿਘਨ ਅਤੇ ਦਿੱਕਤ ਰਹਿਤ ਡਲਿਵਰੀ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮ ਛੱਡਣ ਜਾਂ ਬੇਵਕਤੇ ਅਨਾਜ ਲੈਣ ਸਮੇਂ ਬਹੁਤੀ ਵਾਰ ਖੱਜਲ-ਖ਼ੁਆਰੀ ਝੱਲਣੀ ਪੈਂਦਾ ਸੀ। ਹੁਣ ਲਾਭਪਾਤਰੀਆਂ ਦੇ ਘਰਾਂ ਨੇੜੇ ਰਾਸ਼ਨ ਦੀ ਵੰਡ ਕਰ ਕੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਗਈ ਹੈ।

Advertisement

ਝੋਨੇ ਦੇ ਸੀਜ਼ਨ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ: ਮਾਨ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਅਗਾਮੀ ਸੀਜ਼ਨ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ 11 ਜੂਨ ਤੋਂ ਕਿਸਾਨਾਂ ਨੂੰ ਨਹਿਰੀ ਪਾਣੀ ਨਿਰਵਿਘਨ ਸਪਲਾਈ ਕੀਤਾ ਜਾਵੇਗਾ ਕਿਉਂਕਿ ਨਹਿਰਾਂ ਦੀ ਗਾਰ ਕੱਢਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਮਾਨਸਾ, ਬਠਿੰਡਾ, ਫ਼ਾਜ਼ਿਲਕਾ, ਫ਼ਿਰੋਜ਼ਪੁਰ ਅਤੇ ਕੌਮਾਂਤਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਇਲਾਕਿਆਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸੇ ਤਰ੍ਹਾਂ 15 ਜੂਨ ਤੋਂ ਮੋਗਾ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐੱਸਏਐੱਸ ਨਗਰ), ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਪੁੱਛਗਿੱਛ ਕਰਨ ਲਈ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ 96461-51466 ’ਤੇ ਕਾਲ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਕਿਸਾਨ ਝੋਨੇ ਦੀ ਫ਼ਸਲ ਦੀ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੀ ਵਰਤੋਂ ਕਰਨਗੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।

Advertisement

Advertisement
Author Image

sukhwinder singh

View all posts

Advertisement