ਵਾਤਾਵਰਣ ਸ਼ੁੱਧ ਰੱਖਣ ਲਈ ਬੂਟੇ ਲਾਉਣ ਦਾ ਸੱਦਾ
ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਜੂਨ
ਵਿਸ਼ਵ ਵਾਤਾਵਰਣ ਦਿਵਸ ਮਨਾਉਂਦਿਆਂ ਜ਼ਿਲ੍ਹਾ ਪਟਿਆਲਾ ਦੇ ਸਾਰੇ 10 ਬਲਾਕਾਂ ਦੇ ਪਿੰਡਾਂ ਵਿੱਚ ਟੋਭਿਆਂ ਦੇ ਆਲੇ-ਦੁਆਲੇ ਪੌਦੇ ਲਗਾਏ ਗਏ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸਥਾਨਕ ਵਸਨੀਕਾਂ, ਖਾਸ ਕਰਕੇ ਔਰਤਾਂ, ਗ਼ੈਰ-ਸਰਕਾਰੀ ਸੰਗਠਨਾਂ, ਪੰਚਾਂ, ਸਰਪੰਚਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਬਲਾਕ-ਪੱਧਰੀ ਸਟਾਫ਼ ਸਮੇਤ ਉਤਸ਼ਾਹੀ ਭਾਈਚਾਰਕ ਭਾਗੀਦਾਰੀ ਦੇਖਣ ਨੂੰ ਮਿਲੀ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ, ਅਮਰਿੰਦਰ ਸਿੰਘ ਟਿਵਾਣਾ ਅਤੇ ਨਵਰੀਤ ਕੌਰ ਸੇਖੋਂ ਦੇ ਨਾਲ-ਨਾਲ ਸਾਰੇ ਐੱਸਡੀਐੱਮਜ਼, ਜੰਗਲਾਤ ਵਿਭਾਗ ਦੇ ਅਧਿਕਾਰੀ ਅਤੇ ਬੀਡੀਪੀਓਜ਼ ਨੇ ਆਪਣੇ-ਆਪਣੇ ਅਧਿਕਾਰ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਬੂਟੇ ਲਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਨੇ ਦਿਨ ਭਰ ਵੱਖ-ਵੱਖ ਦੇਸੀ ਰੁੱਖਾਂ ਦੀਆਂ ਕਿਸਮਾਂ ਦੇ ਪੌਦੇ ਲਗਾਏ। ਬੁਲਾਰਿਆਂ ਨੇ ਰਹਿੰਦ-ਖੂੰਹਦ ਦੇ ਉਤਪਾਦਨ ਨੂੰ ਘੱਟ ਤੋਂ ਘੱਟ ਕਰਨ, ਨਿਪਟਾਰੇ ਤੋਂ ਪਹਿਲਾਂ ਰਹਿੰਦ-ਖੂੰਹਦ ਨੂੰ ਵੱਖ ਕਰਨ, ਭੂਮੀਗਤ ਪਾਣੀ ਦੀ ਸੰਭਾਲ ਕਰਨ ਅਤੇ ਤਾਜ਼ੇ ਪਾਣੀ ਦੀ ਬਰਬਾਦੀ ਨੂੰ ਘਟਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਏਡੀਸੀ (ਪੇਂਡੂ ਵਿਕਾਸ) ਅਮਰਿੰਦਰ ਟਿਵਾਣਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਵਿਸ਼ਵ ਵਾਤਾਵਰਣ ਦਿਵਸ ਮੌਕੇ ਵਣ ਮੰਡਲ ਅਫ਼ਸਰ ਮੋਨਿਕਾ ਦੇਵੀ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਅੱਜ ਸਰਪੰਚ ਗੁਰਮੀਤ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਝਨੇੜੀ ਵੱਲੋਂ ਪਾਰਕ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਗੁਰਮੀਤ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਸਰਕਾਰ, ਸਮਾਜ ਸੇਵੀ ਸੰਸਥਾਵਾਂ ਅਤੇ ਪੰਚਾਇਤਾਂ ਨੂੰ ਰਲ ਮਿਲ ਕੇ ਨਵੇਂ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਬੈਸਟ ਇੰਚਾਰਜ ਪ੍ਰਵੀਨ ਕੁਮਾਰ, ਬਲਾਕ ਅਫਸਰ ਰਮਨਦੀਪ ਸਿੰਘ, ਗੁਰਤੇਜ ਸਿੰਘ ਝਨੇੜੀ ਕਨਵੀਨਰ ਟਰਾਂਸਪੋਰਟ ਸੈੱਲ, ਹਰਮੇਲ ਸਿੰਘ ਫੌਜੀ, ਜਗਦੀਪ ਸਿੰਘ, ਗਗਨਦੀਪ ਸਿੰਘ ਤੇ ਗੁਰਵਿੰਦਰ ਸਿੰਘ ਹਾਜ਼ਰ ਸਨ।
ਕੈਪਸ਼ਨ— ਪਿੰਡ ਝਨੇੜੀ ਵਿੱਚ ਬੂਟੇ ਲਗਾਉਂਦੇ ਹੋਏ ਪ੍ਰਬੰਧਕ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੁਆਰਾ ਬੂਟਾ ਲਗਾ ਕੇ ਕੀਤੀ ਗਈ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਲੱਬ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਣ ਬਚਾਉਣ ਪੋਸਟਰ ਮੇਕਿੰਗ ਅਤੇ ਲੇਖ ਲਿਖਣ ਦੇ ਮੁਕਾਬਲਿਆਂ ਰਾਹੀਂ ਜਾਗਰੂਕ ਕੀਤਾ ਗਿਆ। ਸਮਾਰੋਹ ਦੇ ਅੰਤ ਵਿੱਚ ਸਾਰੇ ਹਾਜ਼ਰ ਵਿਅਕਤੀਆਂ ਨੇ ‘ਹਰਿਆਵਲੀ ਵਧਾਓ, ਧਰਤੀ ਬਚਾਓ’ ਦਾ ਨਾਅਰਾ ਲਗਾ ਕੇ ਇਹ ਪ੍ਰਣ ਲਿਆ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਹਮੇਸ਼ਾ ਅੱਗੇ ਰਹਿਣਗੇ। ਇਸ ਮੌਕੇ ਪ੍ਰੋ. ਇੰਦਰਜੀਤ ਸਿੰਘ, ਰੁਪਿੰਦਰ ਕੌਰ, ਸੁਖਜੀਤ ਕੌਰ, ਜਸਵੀਰ ਸਿੰਘ ਅਤੇ ਸਿਮਰਨਜੀਤ ਸਿੰਘ ਹਾਜ਼ਰ ਸਨ।
ਕੈਪਸ਼ਨ: ਯੂਨੀਵਰਸਿਟੀ ਕਾਲਜ ਵਿੱਚ ਬੂਟਾ ਲਾਉਂਦੇ ਹੋਏ ਇੰਚਾਰਜ ਮਨਪ੍ਰੀਤ ਕੌਰ ਸੋਢੀ ਤੇ ਹੋਰ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਫਤਿਹਗੜ੍ਹ ਸਥਿਥ ਕੇਸੀਟੀ ਕਾਲਜ ਆਫ਼ ਇੰਜਨੀਅਰਿੰਗ ਵਿਚ ਅੱਜ ਵਾਤਾਵਰਣ ਦਿਵਸ ਨੂੰ ਸਮਰਪਿਤ ਪੌਦੇ ਲਾਏ ਗਏ। ਕਾਲਜ ਦੇ ਚੇਅਰਮੈਨ ਮੌਂਟੀ ਗਰਗ ਨੇ ਦੱਸਿਆ ਕਿ ਵਾਤਾਵਰਨ ਦਿਵਸ, ਕੁਦਰਤ ਅਤੇ ਧਰਤੀ ਦੀ ਰੱਖਿਆ ਕਰਨ ਲਈ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਦਿਵਸ ਨੂੰ ਸਮਰਪਿਤ ਚਾਰਟ ਅਤੇ ਪੋਸਟਰ ਵੀ ਤਿਆਰ ਕੀਤੇ। ਇਸ ਮੌਕੇ ਕਾਲਜ ਦੇ ਸਕੱਤਰ ਰਾਮ ਗੋਪਾਲ ਗਰਗ, ਪ੍ਰਧਾਨ ਜਸਵੰਤ ਸਿੰਘ ਤੇ ਆਲਮਜੀਤ ਸਿੰਘ ਆਦਿ ਹਾਜ਼ਰ ਸਨ।