ਚੱਕ ਰਾਮ ਸਿੰਘ ਵਾਲਾ ’ਚ ਨਰਮੇ ਦੀ ਕਾਸ਼ਤ ਸਬੰਧੀ ਕੈਂਪ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 20 ਜੂਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫ਼ਲ ਮੁਹਿੰਮ ਤਹਿਤ ਪੀਏਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਅੱਜ ਪਿੰਡ ਚੱਕ ਰਾਮ ਸਿੰਘ ਵਾਲਾ ਵਿੱਚ ਕਿਸਾਨ ਜਾਗਰੂਕਤਾ ਕੈਂਪ ਖੇਤੀਬਾੜੀ ਤੇ ਕਿਸਾਨ ਕਲਿਆਣ ਵਿਭਾਗ ਦੇ ਸਹਿਯੋਗ ਨਾਲ ਲਾਇਆ ਗਿਆ। ਕੈਂਪ ਦਾ ਮਕਸਦ ਕਿਸਾਨਾਂ ਨੂੰ ਕੀੜੇ-ਮਕੌੜੇ ਤੇ ਬਿਮਾਰੀਆਂ ਦੀ ਅਗਾਊਂ ਰੋਕਥਾਮ ਬਾਰੇ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਨਰਮੇ ਦੀ ਫ਼ਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪਸਾਰ ਮਾਹਿਰ ਡਾ. ਪ੍ਰਿਤਪਾਲ ਸਿੰਘ ਨੇ ਨਰਮੇ ਦੀ ਫ਼ਸਲ ਵਿੱਚ ਸਿੰਚਾਈ ਅਤੇ ਖਾਦਾਂ ਦੀ ਸਹੀ ਵਰਤੋਂ ਢੁਕਵੇਂ ਸਮੇਂ ’ਤੇ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇੇ। ਜ਼ਿਲ੍ਹਾ ਪਸਾਰ ਡਾ. ਨਵਨੀਤ ਕੌਰ ਨੇ ਕਿਸਾਨਾਂ ਨਾਲ ਸਾਉਣੀ ਦੀਆਂ ਫ਼ਸਲਾਂ ਵਿੱਚ ਸੁਚੱਜੇ ਸਿੰਚਾਈ ਪ੍ਰਬੰਧ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਡਾ. ਗੁਰਮੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਆਪਣੇ ਖੇਤਾਂ ਦਾ ਸਰਵੇਖਣ ਕਰਨ।