Canada: ਨਿੱਝਰ ਕਤਲ ਕੇਸ ’ਚ 4 ਭਾਰਤੀਆਂ ਨੂੰ ਜ਼ਮਾਨਤ
* ਸਿਖ਼ਰਲੀ ਅਦਾਲਤ ’ਚ ਮਾਮਲੇ ਦੀ ਅਗਲੀ ਸੁਣਵਾਈ 11 ਫਰਵਰੀ ਨੂੰ
ਵੈਨਕੂਵਰ, 9 ਜਨਵਰੀ
ਖ਼ਾਲਿਸਤਾਨ ਹਮਾਇਤੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡਾ ਦੇ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਵੀ ਜਾਰੀ ਕਰ ਦਿੱਤਾ ਹੈ।
ਮੀਡੀਆ ਰਿਪੋਰਟ ਮੁਤਾਬਕ ਕੈਨੇਡਾ ਦੀ ਸੁਪਰੀਮ ਕੋਰਟ ਨੇ ਅੱਜ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਕੈਨੇਡਾ ’ਚ ਗ੍ਰਿਫ਼ਤਾਰ ਚਾਰ ਭਾਰਤੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਫਰਵਰੀ ਨੂੰ ਬ੍ਰਿਟਿਸ਼ ਕੋਲੰਬੀਆ ਸੁਪਰੀਮ ਕੋਰਟ ਵਿੱਚ ਹੋਵੇਗੀ। ਗ਼ੌਰਤਲਬ ਹੈ ਕਿ ਹਰਦੀਪ ਸਿੰਘ ਨਿੱਝਰ ਨੂੰ ਭਾਰਤ ਨੇ ਦਹਿਸ਼ਤਗਰਦ ਐਲਾਨਿਆ ਹੋਇਆ ਸੀ।
ਪ੍ਰਾਪਤ ਵੇਰਵਿਆਂ ਅਨੁਸਾਰ ਹੇਠਲੀ ਅਦਾਲਤ ਵਿੱਚ ਕਾਰਵਾਈ ’ਤੇ ਰੋਕ ਲੱਗਣ ਤੋਂ ਬਾਅਦ ਸਬੂਤਾਂ ਦੀ ਘਾਟ ਕਾਰਨ ਸੁਪਰੀਮ ਕੋਰਟ ਨੇ ਰਿਹਾਈ ਦਾ ਹੁਕਮ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਕੈਨੇਡਿਆਈ ਪੁਲੀਸ ਮੁਲਜ਼ਮਾਂ ਵਿਰੁੱਧ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਇਸ ਸਬੰਧ ਵਿੱਚ ਫੜੇ ਗਏ ਚਾਰ ਭਾਰਤੀਆਂ ਦੀ ਪਛਾਣ ਕਰਨ ਬਰਾੜ (22), ਅਮਨਦੀਪ ਸਿੰਘ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਵਜੋਂ ਹੋਈ ਹੈ। ਇਨ੍ਹਾਂ ਨੂੰ ਨਵੰਬਰ 2024 ’ਚ ਚਾਰਜਸ਼ੀਟ ਕੀਤਾ ਗਿਆ ਸੀ। ਉਨ੍ਹਾਂ ਕੈਨੇਡੀਅਨ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।ਅਦਾਲਤੀ ਦਸਤਾਵੇਜ਼ਾਂ ਅਨੁਸਾਰ ਤਿੰਨ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਲਈ ਪੇਸ਼ ਹੋਏ ਸਨ, ਜਦਕਿ ਇੱਕ ਆਪਣੇ ਵਕੀਲ ਰਾਹੀਂ ਪੇਸ਼ ਹੋਇਆ ਸੀ। ਇਸ ਮਾਮਲੇ ’ਤੇ ਟਿੱਪਣੀ ਕਰਦਿਆਂ ਬ੍ਰਿਟਿਸ਼ ਕੋਲੰਬੀਆ ਪ੍ਰੋਸੀਕਿਊਸ਼ਨ ਸਰਵਿਸ ਦੇ ਅਧਿਕਾਰੀ ਨੇ ਕਿਹਾ, ‘ਕੁਝ ਪ੍ਰੀ-ਟਰਾਇਲ ਪੱਖ ਅਸਲ ਮੁਕੱਦਮੇ ਤੋਂ ਪਹਿਲਾਂ ਰੱਖੇ ਜਾਣਗੇ, ਪਰ ਅਸੀਂ ਪ੍ਰੀ-ਟਰਾਇਲ ਪੀਰੀਅਡ ਦੀ ਮਿਆਦ ਬਾਰੇ ਅਜੇ ਕੋਈ ਅੰਦਾਜ਼ਾ ਲਗਾ ਦੇ ਸਕਦੇ।’ ਬ੍ਰਿਟਿਸ਼ ਕੋਲੰਬੀਆ ਦੇ ਨਿਆਂ ਵਿਭਾਗ ਦੇ ਦਸਤਾਵੇਜ਼ਾਂ ਅਨੁਸਾਰ ਚਾਰੇ ਮੁਲਜ਼ਮ ਹੁਣ ਹਿਰਾਸਤ ਵਿੱਚ ਨਹੀਂ ਹਨ ਅਤੇ ਦਸਤਾਵੇਜ਼ਾਂ ਵਿੱਚ ਚਾਰਾਂ ਦੇ ਨਾਂ ਅੱਗੇ ‘ਐੱਨ’ (N) ਲਿਖਿਆ ਹੋਇਆ ਹੈ। ਨਿੱਝਰ ਦਾ 18 ਜੂਨ, 2023 ਨੂੰ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਚ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਰੌਇਲ ਕੈਨੇਡੀਅਨ ਮਾਊੁਂਟਿਡ ਪੁਲੀਸ ਨੇ ਕਰਨਪ੍ਰੀਤ, ਕਮਲਪ੍ਰੀਤ ਅਤੇ ਕਰਨ ਬਰਾੜ ਨੂੰ ਮਈ 2024 ਵਿਚ ਗ੍ਰਿਫ਼ਤਾਰ ਕੀਤਾ ਸੀ। -ਏਐਨਆਈ