ਕੈਨੇਡਾ: ਪੱਕੇ ਹੋਣ ਲਈ ਐੱਲਐੱਮਆਈਏ ਦਾ ਰਾਹ ਵੀ ਹੋਵੇਗਾ ਬੰਦ
ਸੁਰਿੰਦਰ ਮਾਵੀ
ਵਿਨੀਪੈਗ, 27 ਨਵੰਬਰ
ਕੈਨੇਡਾ ਸਰਕਾਰ ਆਏ ਦਿਨ ਸਖ਼ਤ ਫ਼ੈਸਲੇ ਲੈ ਕੇ ਪੰਜਾਬੀਆਂ ਦੀਆਂ ਮੁਸ਼ਕਲਾਂ ਵਧਾਉਂਦੀ ਜਾ ਰਹੀ ਹੈ। ਹੁਣ ਪੰਜਾਬੀਆਂ ਦੇ ਕੈਨੇਡਾ ਵਿਚ ਪੱਕੇ ਹੋਣ ਦਾ ਆਖ਼ਰੀ ਰਾਹ ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟਸ (ਐੱਲਐੱਮਆਈਏ) ਵੀ ਬੰਦ ਕੀਤਾ ਜਾ ਰਿਹਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਕੈਨੇਡੀਅਨ ਪੀਆਰ ਲਈ ਐੱਲਐੱਮਆਈਏ ਦੀ ਵੱਡੇ ਪੱਧਰ ’ਤੇ ਦੁਰਵਰਤੋਂ ਹੋ ਰਹੀ ਹੈ ਅਤੇ ਫੈਡਰਲ ਸਰਕਾਰ ਇਸ ਰਾਹੀਂ ਮਿਲਣ ਵਾਲੇ 50 ਵਾਧੂ ਅੰਕਾਂ ਦੀ ਸਹੂਲਤ ਖ਼ਤਮ ਕਰਨ ’ਤੇ ਵਿਚਾਰ ਕਰ ਰਹੀ ਹੈ। ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟਸ ਦੇ ਨਾਂ ’ਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਹੈ ਅਤੇ ਕਾਲਾ ਬਾਜ਼ਾਰੀ ਕਰਦਿਆਂ ਇਕ ਕਾਗ਼ਜ਼ ਲਈ 70 ਹਜ਼ਾਰ ਡਾਲਰ ਤੱਕ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਨਿਯਮਾਂ ਵਿਚ ਸਖ਼ਤੀ ਕਰਨ ਲਈ ਮਜਬੂਰ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫ਼ਰਜ਼ੀ ਨੌਕਰੀਆਂ ਲਈ ਐੱਲਐੱਮਆਈਏ ਤਿਆਰ ਕਰਵਾਏ ਜਾਂਦੇ ਹਨ ਅਤੇ ਨੌਜਵਾਨਾਂ ਦਾ ਵੱਡੇ ਪੱਧਰ ’ਤੇ ਸ਼ੋਸ਼ਣ ਕੀਤਾ ਜਾਂਦਾ ਹੈ। ਇਸ ਵੇਲੇ ਕੈਨੇਡੀਅਨ ਪੀਆਰ ਲਈ ਸੀਆਰਐੱਸ ਸਕੋਰ 500 ਤੋਂ ਉੱਤੇ ਚੱਲ ਰਿਹਾ ਹੈ ਅਤੇ ਐੱਲਐੱਮਆਈਏ ਦੇ 50 ਵਾਧੂ ਅੰਕ ਪੀਆਰ ਦਿਵਾਉਣ ’ਚ ਕਾਰਗਰ ਸਾਬਤ ਹੁੰਦੇ ਹਨ ਪਰ ਜ਼ਿਆਦਾਤਰ ਮਾਮਲਿਆਂ ਵਿਚ ਇਸ ਸਹੂਲਤ ਦੀ ਵਰਤੋਂ ਠੱਗੀ ਲਈ ਕੀਤੀ ਜਾ ਰਹੀ ਹੈ।
ਸਟੱਡੀ ਵੀਜ਼ੇ ਤੋਂ ਪੀਆਰ ਤੱਕ ਦਾ ਰਾਹ ਸੌਖਾ ਨਹੀਂ: ਮਾਰਕ ਮਿਲਰ
ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵਰਕ ਪਰਮਿਟ ਦੀ ਮਿਆਦ ਵਿਚ ਵਾਧਾ ਕਰਨ ਲਈ ਬਰੈਂਪਟਨ ਵਿੱਚ ਧਰਨੇ ’ਤੇ ਬੈਠੇ ਸਾਬਕਾ ਕੌਮਾਂਤਰੀ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਟੱਡੀ ਵੀਜ਼ੇ ਤੋਂ ਕੈਨੇਡੀਅਨ ਪੀਆਰ ਤੱਕ ਪਹੁੰਚਣ ਦਾ ਰਾਹ ਸੌਖਾ ਨਹੀਂ ਹੈ। ਕੋਈ ਵਿਦਿਆਰਥੀ ਇਹ ਸੋਚ ਕੇ ਕੈਨੇਡਾ ਨਾ ਆਵੇ ਕਿ ਉਹ ਯਕੀਨੀ ਤੌਰ ’ਤੇ ਪੀਆਰ ਹਾਸਲ ਕਰ ਲਵੇਗਾ।