ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਦੇ ਮੰਦਵਾੜੇ ਨੇ ਪੰਜਾਬ ਦੇ ਤਕਨੀਕੀ ਕਾਲਜ ਤਾਰੇ...!

08:00 AM Oct 24, 2024 IST
ਮਹਾਰਾਜਾ ਰਣਜੀਤ ਸਿੰਘ ਪੀਟੀਯੂ ਦੇ ਕੈਂਪਸ ਦੀ ਤਸਵੀਰ।

ਚਰਨਜੀਤ ਭੁੱਲਰ
ਚੰਡੀਗੜ੍ਹ, 23 ਅਕਤੂਬਰ
ਕੈਨੇਡਾ ਦੇ ਮੰਦਵਾੜੇ ਨੇ ਪੰਜਾਬ ਦੇ ਤਕਨੀਕੀ ਕਾਲਜ ਤਾਰ ਦਿੱਤੇ ਹਨ, ਜਿਨ੍ਹਾਂ ਕਾਲਜਾਂ ਨੂੰ ਤਾਲੇ ਲੱਗਣ ਦੀ ਨੌਬਤ ਬਣ ਗਈ ਸੀ, ਉਨ੍ਹਾਂ ਦੇ ਦਰਵਾਜ਼ੇ ਮੁੜ ਖੁੱਲ੍ਹੇ ਹਨ। ਪਿਛਲੇ ਵਰ੍ਹੇ ਪਿਆ ਮੋੜਾ ਐਤਕੀਂ ਦਾਖ਼ਲਿਆਂ ’ਚ ਰੰਗ ਦਿਖਾਉਣ ਲੱਗਿਆ ਹੈ। ਇਸ ਵੇਲੇ ਪੰਜਾਬ ’ਚ ਚਾਰ ਸਰਕਾਰੀ ਤਕਨੀਕੀ ’ਵਰਸਿਟੀਆਂ ਹਨ ਜਿਨ੍ਹਾਂ ਅਧੀਨ ਸੈਂਕੜੇ ਸਰਕਾਰੀ ਤੇ ਪ੍ਰਾਈਵੇਟ ਕਾਲਜ ਆਉਂਦੇ ਹਨ।
ਇਨ੍ਹਾਂ ’ਵਰਸਿਟੀਆਂ ਦੇ ਕੈਂਪਸਾਂ ਤੇ ਉਨ੍ਹਾਂ ਅਧੀਨ ਪੈਂਦੇ ਤਕਨੀਕੀ ਕਾਲਜਾਂ ’ਚ ਐਤਕੀਂ 10 ਤੋਂ 15 ਫ਼ੀਸਦੀ ਦਾਖ਼ਲੇ ਵਧੇ ਹਨ। ਹੁਣ ਪ੍ਰਾਈਵੇਟ ਕਾਲਜਾਂ ਦੇ ਪ੍ਰਬੰਧਕ ਵੀ ਆਸਵੰਦ ਹੋਏ ਹਨ। ਇਨ੍ਹਾਂ ਸਭਨਾਂ ’ਵਰਸਿਟੀਆਂ ਤੇ ਕਾਲਜਾਂ ਵਿੱਚ ਕੁੱਲ 1,01,092 ਪ੍ਰਵਾਨਿਤ ਸੀਟਾਂ ਸਨ ਜਿਨ੍ਹਾਂ ਵਿੱਚੋਂ ਐਤਕੀਂ 56,959 ਸੀਟਾਂ ਭਰ ਚੁੱਕੀਆਂ ਹਨ ਜੋ ਕਿ 56 ਫ਼ੀਸਦੀ ਬਣਦੀਆਂ ਹਨ। ਪਿਛਲੇ ਵਰ੍ਹੇ 1.09 ਲੱਖ ਪ੍ਰਵਾਨਿਤ ਸੀਟਾਂ ਵਿੱਚੋਂ 51,890 ਸੀਟਾਂ ਭਰੀਆਂ ਸਨ, ਜੋ 47 ਫ਼ੀਸਦੀ ਸਨ। 2022-23 ਵਿੱਚ 1.01 ਲੱਖ ਸੀਟਾਂ ਵਿੱਚੋਂ 47,301 ਸੀਟਾਂ ਭਰੀਆਂ ਸਨ ਜੋ ਕਿ 47 ਫ਼ੀਸਦੀ ਹਨ। ਆਈਕੇ ਗੁਜਰਾਲ ਪੀਟੀਯੂ ਕਪੂਰਥਲਾ ’ਚ ਐਤਕੀਂ 63.50 ਫ਼ੀਸਦੀ ਸੀਟਾਂ ਭਰੀਆਂ ਹਨ। ਇਸ ’ਵਰਸਿਟੀ ਅਤੇ ਉਸ ਦੇ ਅਧੀਨ ਪੈਂਦੇ ਕਾਲਜਾਂ ’ਚ ਕੁੱਲ ਪ੍ਰਵਾਨਿਤ 69,143 ਸੀਟਾਂ ਵਿੱਚੋਂ ਇਸ ਵਾਰ 43,904 ਸੀਟਾਂ ਭਰ ਗਈਆਂ ਹਨ। ਪਿਛਲੇ ਵਰ੍ਹੇ ਇਨ੍ਹਾਂ ਵਿੱਚ 50.74 ਅਤੇ 2022-23 ਵਿੱਚ 50.56 ਫ਼ੀਸਦੀ ਸੀਟਾਂ ਭਰੀਆਂ ਸਨ। ਪੀਟੀਯੂ ਕਪੂਰਥਲਾ ਦੇ ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ ਆਖਦੇ ਹਨ ਕਿ ਕੈਨੇਡਾ ਦੀ ਸਖ਼ਤੀ ਤੇ ਮੰਦਵਾੜੇ ਦਾ ਵੱਡਾ ਯੋਗਦਾਨ ਹੈ ਕਿ ਤਕਨੀਕੀ ਸਿੱਖਿਆ ’ਚ ਰੁਝਾਨ ਮੁੜ ਵਧਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੌਜੂਦਾ ਸਿਸਟਮ ਵਿਚ ਭਰੋਸਾ ਵਧਿਆ ਹੈ, ਜਿਸ ਕਰਕੇ ਰੁਜ਼ਗਾਰ ਦਰ ਵੀ ਵਧੀ ਹੈ। ਇਸ ਨਾਲ ਸਰਕਾਰ ਦਾ ਖਰਚਾ ਵੀ ਘਟੇਗਾ ਅਤੇ ’ਵਰਸਿਟੀਆਂ ਦੇ ਵਿੱਤੀ ਸਰੋਤ ਵੀ ਵਧਣਗੇ। ਉਧਰ, ਕੈਨੇਡਾ ਵਾਸੀ ਕਮਲਜੀਤ ਸਿੰਘ ਸਿੱਧੂ (ਰਾਈਆ ਵਾਲੇ) ਆਖਦੇ ਹਨ ਕਿ ਕੈਨੇਡਾ ਸਰਕਾਰ ਨੇ ਨਿਯਮ ਸਖ਼ਤ ਕੀਤੇ ਹਨ ਅਤੇ ਹੁਣ ਤਾਂ ਵਰਕ ਪਰਮਿਟ ਹੋਲਡਰਾਂ ਨੂੰ ਵੀ ਕੰਮ ਨਹੀਂ ਮਿਲ ਰਿਹਾ। ਸੋਸ਼ਲ ਮੀਡੀਆ ਦੀਆਂ ਖ਼ਬਰਾਂ ਕਾਰਨ ਪੰਜਾਬੀ ਮਾਪੇ ਵੀ ਹੁਣ ਬੱਚਿਆਂ ਨੂੰ ਵਿਦੇਸ਼ ਭੇਜਣ ਤੋਂ ਕਿਨਾਰਾ ਕਰਨ ਲੱਗੇ ਹਨ। ਮਹਾਰਾਜਾ ਰਣਜੀਤ ਸਿੰਘ ਪੀਟੀਯੂ ਬਠਿੰਡਾ ਜੋ ਪਹਿਲਾਂ ਵਿੱਤੀ ਵਸੀਲਿਆਂ ਦੇ ਸੰਕਟ ਨਾਲ ਜੂਝ ਰਹੀ ਸੀ, ਇਸ ਮੌਜੂਦਾ ਰੁਝਾਨ ਤੋਂ ਕਾਫ਼ੀ ਆਸਵੰਦ ਹੈ। ਬਠਿੰਡਾ ’ਵਰਸਿਟੀ ਦੇ ਡੀਨ ਪ੍ਰੋ. ਬੂਟਾ ਸਿੰਘ ਜੋ ਕਿ ਪਹਿਲਾਂ ’ਵਰਸਿਟੀ ਦੇ ਵਾਈਸ ਚਾਂਸਲਰ ਰਹਿ ਚੁੱਕੇ ਹਨ ਦਾ ਕਹਿਣਾ ਸੀ ਕਿ ਯੂਨੀਵਰਸਿਟੀ ਕੈਂਪਸ ਵਿਚ ਦਾਖ਼ਲੇ ਵਧੇ ਹਨ ਅਤੇ ਕਾਲਜਾਂ ਵਿਚ ਨਵੇਂ ਕੋਰਸਾਂ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਅਧੀਨ ਕੋਈ ਕਾਲਜ ਨਹੀਂ ਹੈ ਪ੍ਰੰਤੂ ਇਸ ’ਵਰਸਿਟੀ ਦੇ ਕੈਂਪਸ ਵਿੱਚ ਐਤਕੀਂ 46.13 ਫ਼ੀਸਦੀ ਸੀਟਾਂ ਭਰ ਚੁੱਕੀਆਂ ਹਨ। ਇਸੇ ਤਰ੍ਹਾਂ ਹੀ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਚ ਵੀ ਇਸ ਸਾਲ 72.23 ਫ਼ੀਸਦੀ ਸੀਟਾਂ ਭਰ ਚੁੱਕੀਆਂ ਹਨ।

Advertisement

ਪੰਜਾਬ ਵਿੱਚ ਮੁੜ ਮਾਹੌਲ ਬਣਿਆ: ਧਾਲੀਵਾਲ

ਜੁਆਇੰਟ ਐਸੋਸੀਏਸ਼ਨ ਆਫ਼ ਕਾਲਜ਼ਿਜ਼ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ ਆਖਦੇ ਹਨ ਕਿ ਜਿਹੜੇ ਕਾਲਜ ਆਖ਼ਰੀ ਸਾਹਾਂ ’ਤੇ ਸਨ, ਉਨ੍ਹਾਂ ਨੂੰ ‘ਵਤਨ ਵਾਪਸੀ’ ਨੇ ਬਚਾਅ ਲਿਆ ਹੈ। ਉਹ ਆਖਦੇ ਹਨ ਕਿ ਢਾਈ ਵਰ੍ਹਿਆਂ ਤੋਂ ਜੋ ਸਰਕਾਰ ਨੇ ਰੈਗੂਲਰ ਨੌਕਰੀਆਂ ਦੇਣੀਆਂ ਸ਼ੁਰੂ ਕੀਤੀਆਂ ਹਨ, ਉਸ ਨਾਲ ਵੀ ਮਾਹੌਲ ਸਿਰਜਿਆ ਗਿਆ ਹੈ। ਹੁਣ ਪੰਜਾਬ ਵਿਚ ਹੁਨਰ ਵੀ ਮਿਲਦਾ ਹੈ ਅਤੇ ਨੌਕਰੀ ਵੀ।

Advertisement
Advertisement