ਚੰਡੀਗੜ੍ਹੀਆਂ ਨੂੰ ਮੁਫ਼ਤ ਪਾਣੀ ਦੇਣ ਦਾ ਏਜੰਡਾ ਰੱਦ
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 13 ਜੂਨ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਮੁਫ਼ਤ ਪਾਣੀ ਮੁਹੱਈਆ ਕਰਵਾਉਣ ਦੇ ਏਜੰਡੇ ਨੂੰ ਰੱਦ ਕਰ ਦਿੱਤਾ ਹੈ। ਸ੍ਰੀ ਪੁਰੋਹਿਤ ਨੇ ਕਿਹਾ ਕਿ ਸ਼ਹਿਰ ਨੂੰ ਪਾਣੀ ਮੁਹੱਈਆ ਕਰਵਾਉਣ ਦੇ ਪਿੱਛਲੇ ਦੋ ਵਿੱਤ ਵਰ੍ਹਿਆਂ ਦੀ ਰਿਪੋਰਟ ਵਿੱਚ ਸਾਹਮਣੇ ਆਇਆ ਕਿ ਲੋਕਾਂ ਨੂੰ ਪਾਣੀ ਮੁਹੱਈਆ ਕਰਵਾਉਣ ’ਤੇ ਖ਼ਰਚ ਜ਼ਿਆਦਾ ਹੋ ਰਿਹਾ ਤੇ ਆਮਦਨ ਪਹਿਲਾਂ ਹੀ ਘੱਟ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤ ਵਰ੍ਹੇ 2022-23 ਵਿੱਚ 118, 2023-24 ਵਿੱਚ 97 ਕਰੋੜ ਰੁਪਏ ਦਾ ਘਾਟਾ ਪਿਆ ਤੇ 2024-25 ’ਚ ਇਹ 157 ਕਰੋੜ ’ਤੇ ਪਹੁੰਚ ਜਾਵੇਗਾ।
ਦੂਜੇ ਪਾਸੇ, ‘ਆਪ’ ਚੰਡੀਗੜ੍ਹ ਦੇ ਸ਼ਹਿ-ਇੰਚਾਰਜ ਸਨੀ ਆਹਲੂਵਾਲੀਆ ਨੇ ਪ੍ਰਸ਼ਾਸਕ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਕੁਲਦੀਪ ਕੁਮਾਰ ਅਤੇ ਕੌਂਸਲਰਾਂ ਵਲੋਂ ਸ਼ਹਿਰ ਵਾਸੀਆਂ ਨੂੰ 20,000 ਲਿਟਰ ਮੁਫ਼ਤ ਪਾਣੀ ਦੇਣ ਦਾ ਮਤਾ ਪਾਸ ਕੀਤਾ ਗਿਆ ਸੀ ਜਿਸ ਨੂੰ ਪ੍ਰਸ਼ਾਸਕ ਬਨਵਾਰੀ ਲਾਲ ਪਰੋਹਿਤ ਵੱਲੋਂ ਫਾਈਲ ਉਨ੍ਹਾਂ ਕੋਲ ਪਹੁੰਚਣ ਤੋਂ ਪਹਿਲਾਂ ਹੀ ਖ਼ਾਰਜ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਅੱਜ ਯੂਟੀ ਪ੍ਰਸ਼ਾਸਕ ਦੇ ਦਫ਼ਤਰ ਵੱਲੋਂ ਦਿੱਤੀ ਗਈ।
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਕੋ-ਇੰਚਾਰਜ ‘ਆਪ’ ਚੰਡੀਗੜ੍ਹ ਡਾ. ਐੱਸਐੱਸ ਆਹਲੂਵਾਲੀਆ ਵੱਲੋਂ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ। ਡਾ. ਆਹਲੂਵਾਲੀਆ ਨੇ ਕਿਹਾ ਕਿ ਚੰਡੀਗੜ੍ਹ ਵਾਸੀਆਂ ਨੂੰ 20,000 ਲਿਟਰ ਮੁਫ਼ਤ ਪਾਣੀ ਦੇਣ ਦਾ ਮਤਾ ਚੰਡੀਗੜ੍ਹ ਵਾਸੀਆਂ ਵੱਲੋਂ ਚੁਣੇ ਕੌਂਸਲਰਾਂ ਤੇ ਮੇਅਰ ਵੱਲੋਂ ਨਿਗਮ ਵਿੱਚ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਕ ਵੱਲੋਂ ਨਿਗਮ ਵੱਲੋਂ ਪਾਸ ਕੀਤਾ ਮੁਫ਼ਤ ਪਾਣੀ ਵਾਲਾ ਪ੍ਰਾਈਵੇਟ ਮੈਂਬਰ ਬਿੱਲ ਉਨ੍ਹਾਂ ਕੋਲ ਜਾਣ ਤੋਂ ਪਹਿਲਾਂ ਹੀ ਰੱਦ ਕਰ ਦਿੱਤਾ ਗਿਆ ਹੈ। ‘ਇੰਡੀਆ’ ਗੱਠਜੋੜ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਵੀ ਮੁਫ਼ਤ ਪਾਣੀ ਦਾ ਵਾਅਦਾ ਕੀਤਾ ਗਿਆ ਹੈ।