ਕੋਲਕਾਤਾ ਕਾਂਡ ਖ਼ਿਲਾਫ਼ ਮੋਮਬੱਤੀ ਮਾਰਚ
ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਅਗਸਤ
ਸਨਅਤੀ ਸ਼ਹਿਰ ਲੁਧਿਆਣਾ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਕੱਠੇ ਹੋ ਕੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਵਿਰੁੱਧ ਮੋਮਬੱਤੀ ਮਾਰਚ ਕੱਢਿਆ ਗਿਆ। ਇਕੱਠੇ ਹੋਏ ਲੋਕਾਂ ਦਾ ਕਹਿਣਾ ਸੀ ਕਿ ਅਸੀਂ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਨਾਅਰੇ ਤਾਂ ਲਗਾਉਂਦੇ ਹਾਂ ਪਰ ਅਸਲੀਅਤ ਵਿੱਚ ਇਸ ਤੋਂ ਬਿਲਕੁਲ ਉਲਟ ਹੋ ਰਿਹਾ ਹੈ। ਸਮਾਜ ਵਿੱਚ ਘੁੰਮਦੇ ਕਈ ਦਰਿੰਦੇ ਧੀਆਂ, ਭੈਣਾਂ ਦੀਆਂ ਨਾ ਸਿਰਫ ਇੱਜ਼ਤਾਂ ਨਾਲ ਖੇਡ ਰਹੇ ਹਨ ਸਗੋਂ ਉਨ੍ਹਾਂ ਦੀਆਂ ਹੱਤਿਆਵਾਂ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੇ ਦਰਿੰਦਿਆਂ ਨੂੰ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਜੋ ਭਵਿੱਖ ’ਚ ਕੋਈ ਅਜਿਹਾ ਕਾਰਾ ਕਰਨ ਤੋਂ ਪਹਿਲਾਂ ਇੱਕ ਵਾਰ ਜ਼ਰੂਰ ਸੋਚੇ। ਮੋਮਬੱਤੀ ਮਾਰਚ ਸਮੇਂ ਆਪਣੇ ਹੱਥਾਂ ਵਿੱਚ ਵੱਖ ਵੱਖ ਨਾਅਰੇ ਲਿਖੀਆਂ ਫੱਟੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਮਹਿੰਦਰ ਸਿੰਘ ਸੇਖੋਂ, ਅਧਿਆਪਕ ਗੁਰਮੀਤ ਸਿੰਘ, ਪ੍ਰਿੰ. ਗੁਰਨੇਕ ਸਿੰਘ, ਰਣਜੋਧ ਸਿੰਘ, ਜਨਮੇਜਾ ਸਿੰਘ ਜੌਹਲ ਤੋਂ ਇਲਾਵਾ ਕੁੜੀਆਂ, ਮੁੰਡੇ ਅਤੇ ਸ਼ਹਿਰ ਵਾਸੀ ਹਾਜ਼ਰ ਸਨ।