ਢਿੱਲੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਿਆਸੀ ਪਾਰਟੀਆਂ ਤੇ ਹੋਰਾਂ ਵੱਲੋਂ ਮੋਮਬੱਤੀ ਮਾਰਚ
ਹਤਿੰਦਰ ਮਹਿਤਾ
ਜਲੰਧਰ, 19 ਅਕਤੂਬਰ
ਐੱਸਐੱਚਓ ਨਵਦੀਪ ਸਿੰਘ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਬੀਰ ਸਿੰਘ ਢਿੱਲੋਂ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨੂੰ ਇਨਸਾਫ਼ ਦਿਵਾਉਣ ਲਈ ਇੱਥੇ ਅੱਜ ਦੇਰ ਸ਼ਾਮ ਨੂੰ ਵਿਸ਼ਾਲ ਮੋਮਬੱਤੀ ਮਾਰਚ ਕੀਤਾ ਗਿਆ। ਇਸ ਵਿਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਪਰਿਵਾਰਕ ਮੈਂਬਰ ਅਤੇ ਸਮਾਜ ਸੇਵੀ ਸੰਸਥਾਵਾਂ ਵੀ ਸ਼ਾਮਲ ਹੋਈਆਂ ਤੇ ਇਹ ਮਾਰਚ ਦੇਸ਼ ਭਗਤ ਯਾਦਗਾਰ ਹਾਲ ਤੋਂ ਸ਼ੁਰੂ ਹੋ ਕੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰੂ ਨਾਨਕ ਮਿਸ਼ਨ ਚੌਕ ਵਿੱਚ ਸਮਾਪਤ ਹੋਇਆ।
ਇਸ ਮਾਰਚ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੱਜਰ, ਅਮਰਜੀਤ ਸਿੰਘ ਅਮਰੀ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਢਿੱਲੋਂ ਭਰਾਵਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਉੱਤੇ ਸ਼ਬਦੀ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਕੇਸ ਸੀਬੀਆਈ ਨੂੰ ਦਿੱਤਾ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਧਾਇਕਾਂ ਅਤੇ ਹੋਰ ਆਗੂਆਂ ਖ਼ਿਲਾਫ਼ ਐਕਸ਼ਨ ਲੈਣ ਵਾਲੀ ਸਰਕਾਰ ਨੂੰ ਫਰਾਰ ਐੱਸਐੱਚਓ ਨਹੀਂ ਮਿਲ ਰਿਹਾ ਜੋ ਕਿ ਪੁਲੀਸ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਅਹਿਲੀਅਤ ਹੈ। ਹਾਈ ਕੋਰਟ ਵਲੋਂ ਨਵਦੀਪ ਸਿੰਘ ਦੀ ਜ਼ਮਾਨਤ ਰੱਦ ਕਰ ਦੇਣ ਦਾ ਉਨ੍ਹਾਂ ਨੇ ਸਵਾਗਤ ਕੀਤਾ ਹੈ ਤੇ ਕਿਹਾ ਕਿ ਫ਼ਰਾਰ ਨਵਦੀਪ ਸਿੰਘ ਨੂੰ ਸਰਕਾਰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ ਪੁੱਛ-ਪੜਤਾਲ ਕਰੇ। ਇਸ ਮੌਕੇ ਮਾਰਚ ਵਿਚ ਹਾਜ਼ਰ ਆਗੂਆਂ, ਲੋਕਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।