ਮਨੀਪੁਰ ਹਿੰਸਾ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਮੋਮਬੱਤੀ ਮਾਰਚ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 31 ਜੁਲਾਈ
ਮਨੀਪੁਰ ਹਿੰਸਾ ਖ਼ਿਲਾਫ਼ ਯੁੂਥ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਨਵਜਿੰਦਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਸ਼ਹਿਰ ਵਿਚ ਮੋਮਬੱਤੀ ਮਾਰਚ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮਾਹਿਲਪੁਰ ਅੱਡਾ ਸਥਿਤ ਦਫ਼ਤਰ ਤੋਂ ਸ਼ੁਰੂ ਹੋਇਆ ਇਹ ਮਾਰਚ ਸ਼ਹੀਦ ਭਗਤ ਸਿੰਘ ਚੌਕ ’ਚ ਪਹੁੰਚ ਕੇ ਸਮਾਪਤ ਹੋਇਆ। ਇਸ ਮੌਕੇ ਨਵਜਿੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਮਨੀਪੁਰ ਦੀਆਂ ਘਟਨਾਵਾਂ ਨੇ ਪੂਰੀ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ ਅਤੇ ਕੇਂਦਰ ਸਰਕਾਰ ਦਾ ਇਨ੍ਹਾਂ ਘਟਨਾਵਾਂ ’ਤੇ ਚੁੱਪੀ ਸਾਧਨਾ ਅਪਰਾਧੀਆਂ ਦੇ ਹੌਂਸਲਿਆਂ ਨੂੰ ਬੁਲੰਦ ਕਰਦਾ ਹੈ। ਉਨ੍ਹਾਂ ਕਿਹਾ ਕਿ ਗੈਰ ਮਨੁੱਖੀ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਸੂਬਾ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਕੇਂਦਰ ਨੂੰ ਇਸ ਮਾਮਲੇ ’ਚ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ ਭਾਜਪਾ ਦੀ ਸਰਕਾਰ ਆਈ ਹੈ, ਦੇਸ਼ ਦਾ ਮਾਹੌਲ ਖਰਾਬ ਹੋਣ ਲੱਗ ਪਿਆ ਹੈ। ਰੋਸ ਮਾਰਚ ਹਲਕਾ ਪ੍ਰਧਾਨ ਪਵਿੱਤਰ ਆਹਲੂਵਾਲੀਆ, ਗੁਰਪ੍ਰੀਤ ਚੱਬੇਵਾਲ, ਦੁਰਲੱਭ ਉੜਮੁੜ ਟਾਂਡਾ, ਉਪ ਪ੍ਰਧਾਨ ਅਨੰਤ ਗਰਗ, ਸਹਿਜ ਕਲਿਆਣ, ਜਤਿੰਦਰ ਗੜ੍ਹਸ਼ੰਕਰ, ਅੰਕਿਤ ਦਸੂਹਾ, ਜਨਰਲ ਸਕੱਤਰ ਅਨਮੋਲ ਆਦਿ ਸ਼ਾਮਲ ਸਨ।