ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਵਾਉਣ ਲਈ ਮੋਮਬੱਤੀ ਮਾਰਚ
ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਨਵੰਬਰ
ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੀ ਅਗਵਾਈ ਵਿੱਚ ਆਰੀਆ ਪ੍ਰਤੀਨਿਧੀ ਸਭਾ ਵੱਲੋਂ ਚਲਾਏ ਜਾਂਦੇ ਕਾਲਜਾਂ ਵਿੱਚ ਸੱਤਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਅੱਜ ਅਧਿਆਪਕਾਂ ਨੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਦੇ ਘਰ ਦੇ ਬਾਹਰ ਮੋਮਬੱਤੀ ਮਾਰਚ ਕੱਢਿਆ। ਯੂਨੀਅਨ ਦੇ ਪ੍ਰਧਾਨ ਡਾ. ਵਿਨੈ ਸੋਫਤ ਨੇ ਦੱਸਿਆ ਕਿ ਇਸ ਤੋਂ ਵੱਧ ਮਾੜੀ ਗੱਲ ਕੀ ਹੋਵੇਗੀ ਕਿ ਪੰਜਾਬ ਦੇ ਬਹੁਤੇ ਕਾਲਜਾਂ ਵਿੱਚ ਪ੍ਰਬੰਧਕ ਕਮੇਟੀਆਂ ਨੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਤੇ ਪਾ ਕੇ ਡੀਪੀਆਈ ਆਫਿਸ ਨੂੰ ਭੇਜੇ ਜਾ ਚੁੱਕੇ ਹਨ ਪਰ ਕਈ ਕਾਲਜਾਂ ਵਿੱਚ ਅਜੇ ਵੀ ਅਧਿਆਪਕਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਮੌਕੇ ਅਧਿਆਪਕਾਂ ਨੇ ਆਰੀਆ ਪ੍ਰਤੀਨਿਧੀ ਸਭਾ ਦੀਆਂ ਕਥਿਤ ਅਧਿਆਪਕ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਡਾ. ਸੋਫਤ ਨੇ ਕਿਹਾ ਕਿ ਜੇਕਰ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 25 ਨਵੰਬਰ ਨੂੰ ਜਲੰਧਰ ਵਿੱਚ ਸਭਾ ਦੇ ਪ੍ਰਧਾਨ ਸੁਦਰਸ਼ਨ ਸ਼ਰਮਾ ਦੇ ਘਰ ਅੱਗੇ ਕੈਂਡਲ ਮਾਰਚ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਭਾ ਵੱਲੋਂ ਚਲਾਏ ਜਾਂਦੇ ਕਾਲਜਾਂ ਵਿੱਚ ਹੋਰਨਾਂ ਮਸਲਿਆਂ ’ਚ ਪ੍ਰੋ. ਪੀਐੱਸ ਭੋਗਲ ਦੀ ਪਿਛਲੇ ਦੋ ਸਾਲਾਂ ਤੋਂ ਲਟਕ ਰਹੀ ਤਨਖਾਹ ਜਾਰੀ ਕਰਨ ਅਤੇ ਹੋਰਨਾਂ ਸਥਾਨਕ ਪ੍ਰਸਾਸਨਿਕ ਮਸਲਿਆਂ ਦਾ ਜਲਦੀ ਤੋਂ ਜਲਦੀ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਆਰੀਆ ਕਾਲਜ ਟੀਚਰਜ਼ ਯੂਨੀਅਨ ਦੇ ਪ੍ਰਧਾਨ ਪ੍ਰੋ. ਪੀਐਸ ਭੋਗਲ ਨੇ ਕਿਹਾ ਕਿ ਕਾਲਜ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਲਾਪ੍ਰਵਾਹੀ ਵਰਤੀ ਜਾ ਰਹੀ ਹੈ।