ਦੋ ਸਾਲ ਬਾਅਦ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ
ਜੋਗਿੰਦਰ ਸਿੰਘ ਓਬਰਾਏ
ਖੰਨਾ, 25 ਅਕਤੂਬਰ
ਲੰਬੀ ਚੁੱਪ ਮਗਰੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਮੁੜ ਸਰਗਰਮ ਦਿਖਾਈ ਦਿੱਤੇ। ਉਨ੍ਹਾਂ ਅੱਜ ਸਵੇਰੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਪਟਨ ਦੀ ਇਹ ਸਰਗਰਮੀ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਪਹਿਲੀ ਵਾਰ ਨਜ਼ਰ ਆਈ। ਉਨ੍ਹਾਂ ਨਾਲ ਫ਼ਤਹਿਜੰਗ ਸਿੰਘ ਬਾਜਵਾ, ਬੀਬੀ ਜੈਇੰਦਰ ਕੌਰ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਭੱਟੀ, ਇਕਬਾਲ ਸਿੰਘ ਚੰਨੀ, ਹਰਸਿਮਰਤ ਸਿੰਘ ਰਿਚੀ, ਅਮਰਿੰਦਰ ਢੀਂਡਸਾ ਅਤੇ ਹੋਰ ਸੀਨੀਅਰ ਭਾਜਪਾ ਆਗੂ ਹਾਜ਼ਰ ਸਨ। ਕੈਪਟਨ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੰਡੀ ਵਿੱਚ ਝੋਨੇ ਦੀਆਂ ਬੋਰੀਆਂ ਦੇ ਢੇਰਾਂ ਨੂੰ ਦੇਖਿਆ ਅਤੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕਿਸਾਨਾਂ ਅਤੇ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ 44 ਹਜ਼ਾਰ ਕਰੋੜ ਰੁਪਏ ਝੋਨੇ ਦੀ ਖ਼ਰੀਦ ਲਈ ਜਾਰੀ ਕੀਤੇ ਗਏ ਸਨ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ ਸਹੀ ਢੰਗ ਨਾਲ ਅਦਾਇਗੀ ਨਹੀਂ ਕੀਤੀ ਨਹੀਂ। ਕੈਪਟਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਕਿਸਾਨ ਪੱਖੀ ਰਹੀ ਹੈ ਅਤੇ ਕਿਸਾਨਾਂ ਦੇ ਕਈ ਅਹਿਮ ਮਸਲਿਆਂ ਨੂੰ ਹੱਲ ਕੀਤਾ ਹੈ, ਬਾਕੀ ਰਹਿੰਦੇ ਮਸਲੇ ਵੀ ਜਲਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਹੱਲ ਕੀਤੇ ਜਾਣਗੇ।
‘ਸ਼੍ਰੋਮਣੀ ਅਕਾਲੀ ਨਾਲ ਰਲ ਕੇ ਚੋਣ ਲੜਨਾ ਚਾਹੁੰਦੀ ਸੀ ਭਾਜਪਾ’
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਭਾਜਪਾ ਸਰਕਾਰ ਚੋਣਾਂ ਸਮੇਂ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਰਲ ਕੇ ਚੋਣਾਂ ਲੜਨਾ ਚਾਹੁੰਦੀ ਸੀ ਅਤੇ ਇਸ ਬਾਰੇ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਈ ਵਾਰ ਗੱਲਬਾਤ ਵੀ ਹੋਈ ਪਰ ਅਕਾਲੀ ਦਲ ਨੇ ਭਾਜਪਾ ਨਾਲ ਰਲ ਕੇ ਚੋਣਾਂ ਲੜਨ ਕਦੇ ਵੀ ਹਾਮੀ ਨਹੀਂ ਭਰੀ, ਜਿਸ ਦਾ ਨਤੀਜਾ ਇਹ ਹੈ ਕਿ ਅੱਜ ਪੰਜਾਬ ਵਿੱਚ ਅਕਾਲੀ ਦਲ ਹਾਸ਼ੀਏ ’ਤੇ ਚਲਾ ਗਿਆ ਹੈ ਅਤੇ ਇਸ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਕੈਪਟਨ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਬਾਰੇ ਕਿਹਾ ਕਿ ਉਹ ਇਸ ਬਾਰੇ ਸਹਿਮਤ ਨਹੀਂ ਕਿਉਂਕਿ ਜਾਖੜ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਨੂੰ ਭਾਜਪਾ ਲਈ ਪੰਜਾਬ ਵਿੱਚ ਅਗਵਾਈ ਕਰਨੀ ਚਾਹੀਦੀ ਹੈ।