ਕੈਪਟਨ ਸਰਕਾਰ ਖ਼ਿਲਾਫ਼ ਘੜਾ ਭੰਨ ਪ੍ਰਦਰਸ਼ਨ
ਪਵਨ ਕੁਮਾਰ ਵਰਮਾ
ਧੂਰੀ, 25 ਜੁਲਾਈ
ਕੈਪਟਨ ਸਰਕਾਰ ਵੱਲੋਂ ਨਵੀਂ ਭਰਤੀ ’ਤੇ ਕੇਂਦਰੀ ਪੈਟਰਨ ਦੇ ਸਕੇਲ ਲਾਗੂ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਖ਼ਿਲਾਫ਼ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ’ਤੇ ਸਫ਼ਾਈ ਸੇਵਕ ਯੂਨੀਅਨ ਧੂਰੀ ਵੱਲੋਂ ਨਗਰ ਕੌਂਸਲ ਦੇ ਦਫ਼ਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਘੜੇ ਭੰਨ ਪ੍ਰਦਰਸ਼ਨ ਕੀਤਾ ਗਿਆ।
ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਮਨੋਜ ਰਾਣੀ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਰਬਜੀਤ ਸਿੰਘ ਪੁੰਨਾਵਾਲ, ਜਗਦੀਸ ਮੇਟ, ਸੰਜੇ ਕੁਮਾਰ, ਅਸ਼ੋਕ ਕੁਮਾਰ, ਰਾਮੇਸ ਕੁਮਾਰ, ਧਰਮ ਪਾਲ, ਕਮਲੇਸ਼ ਰਾਣੀ ਅਤੇ ਸੁਨੀਤਾ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਕਾਮਿਆਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾਂਦਾ ਹੈ ਉਹਨਾਂ ਨੂੰ ਦਿੱਤੀਆਂ ਜਾਂਦੀਆਂ ਨਿਗੂਣੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲਦੀਆਂ। ਪੰਜਾਬ ਸਰਕਾਰ ਨੂੰ ਸੱਤਾ ਵਿੱਚ ਸਾਢੇ ਤਿੰਨ ਸਾਲਾਂ ਤੋਂ ਉੱਪਰ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਚੋਣ ਮਨੋਰਥ ਪੱਤਰ ਵਿੱਚ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਹਰ ਰੋਜ਼ ਮੁਲਾਜ਼ਮ ਮਾਰੂ ਫ਼ੈਸਲੇ ਕੀਤੇ ਜਾ ਰਹੇ ਹਨ। ਧੜਾ-ਧੜ ਮਹਿਕਮਿਆਂ ਦੀ ਅਕਾਰ ਘਟਾਈ ਕਰਕੇ ਪੋਸਟਾਂ ਖ਼ਤਮ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮ ਵਿਰੋਧੀ ਫ਼ੈਸਲੇ ਲੈਣੇ ਬੰਦ ਕਰੇ ਅਤੇ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਕਰਨ ਦੇ ਨਾਲ-ਨਾਲ ਮੁਲਾਜ਼ਮਾਂ ਦੀਆਂ ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਜਾਰੀ ਅਤੇ ਪੇਅ ਕਮਿਸ਼ਨ ਨੂੰ ਲਾਗੂ ਕਰੇ। ਠੇਕੇਦਾਰੀ ਸਿਸਟਮ ਬੰਦ ਕਰਕੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ, ਮਾਨ-ਭੱਤਾ ਲੈ ਰਹੀਆ ਆਸ਼ਾਂ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤ ਦੇ ਘੇਰੇ ਵਿੱਚ ਲਿਆ ਜਾਵੇ। ਜੀਟੀਯੂ ਦੇ ਸੂਬਾ ਪ੍ਰਧਾਨ ਸੁਖਵਿੰਦਰ ਚਾਹਲ ਦੀ ਦੋਸ਼ ਸੂਚੀ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।