ਪਰਾਲੀ ਸਾੜਨ ਦੇ ਦੋਸ਼ ਹੇਠ 23 ਕਿਸਾਨਾਂ ਖ਼ਿਲਾਫ਼ ਕੇਸ
ਜਸਵੰਤ ਜੱਸ
ਫ਼ਰੀਦਕੋਟ, 16 ਨਵੰਬਰ
ਜ਼ਿਲ੍ਹਾ ਪੁਲੀਸ ਨੇ ਫ਼ਰੀਦਕੋਟ ਵਿੱਚ ਇੱਕੋ ਦਿਨ 23 ਕਿਸਾਨਾਂ ਖਿਲਾਫ਼ ਪਰਾਲੀ ਸਾੜਨ ਦੇ ਇਲਜ਼ਾਮਾਂ ਤਹਿਤ ਪਰਚਾ ਦਰਜ ਕੀਤਾ ਹੈ। ਪੁਲੀਸ ਪਿਛਲੇ ਇੱਕ ਹਫ਼ਤੇ ਤੋਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੀ ਹੈ, ਇਸ ਦੇ ਬਾਵਜੂਦ ਵੀ ਖੇਤਾਂ ਵਿੱਚ ਪਰਾਲੀ ਸਾੜਨ ਦਾ ਰੁਝਾਨ ਨਹੀਂ ਘਟ ਰਿਹਾ। ਇਸੇ ਦਰਮਿਆਨ ਖੇਤੀਬਾੜੀ ਵਿਭਾਗ ਨੇ ਜ਼ਿਲ੍ਹੇ ਭਰ ਵਿੱਚ ਛਾਪੇਮਾਰੀ ਕਰਕੇ ਪਰਾਲੀ ਸਾੜਨ ਵਾਲੇ 181 ਕਿਸਾਨਾਂ ਦੇ ਚਲਾਨ ਕੀਤੇ ਹਨ ਅਤੇ ਉਨ੍ਹਾਂ ਤੋਂ 4 ਲੱਖ 50 ਹਜ਼ਾਰ ਰੁਪਏ ਜੁਰਮਾਨਾ ਵਸੂਲ ਕੀਤਾ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਕਰ ਰਿਹਾ ਹੈ ਅਤੇ ਪਿੰਡਾਂ ਵਿੱਚ ਲੋੜੀਂਦੀ ਮਸ਼ੀਨਰੀ ਭੇਜੀ ਜਾ ਰਹੀ ਹੈ। ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਦਸਤੇ ਬਣਾਏ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲੀਸ ਦੀਆਂ ਟੀਮਾਂ ਵੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਬਾਰੇ ਪ੍ਰੇਰਿਤ ਕਰ ਰਹੀਆਂ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਪੁਲੀਸ ਨੇ ਨਰੈਣਗੜ੍ਹ, ਕੋਟਕਪੂਰਾ, ਭੋਲੂਵਾਲਾ, ਗੋਲੇਵਾਲਾ, ਕਾਬਲਵਾਲਾ, ਮੋਰਾਂਵਾਲੀ, ਬੁੱਟਰ, ਦੇਵੀਵਾਲਾ, ਪੰਜਗਰਾਈਂ ਕਲਾਂ, ਬੱਗੇਆਣਾ, ਸੰਧਵਾਂ ਆਦਿ ਪਿੰਡਾਂ ਦੇ ਕਿਸਾਨਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 188 ਤਹਿਤ ਮੁਕੱਦਮਾ ਦਰਜ ਕੀਤਾ ਹੈ ਪਰ ਅਜੇ ਤੱਕ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਪਿੰਡਾਂ ਵਿੱਚ ਜਾ ਕੇ ਪਰਾਲੀ ਦੇ ਹੱਲ ਸੰਬੰਧੀ ਕਿਸਾਨਾਂ ਨਾਲ ਵਿਚਾਰ-ਚਰਚਾ ਵੀ ਕੀਤੀ।