ਐੱਨਆਰਆਈ ’ਤੇ ਗੋਲੀਬਾਰੀ ਦਾ ਮਾਮਲਾ: ਪੁਲੀਸ ਮੁਕਾਬਲੇ ਵਿੱਚ ਦੋ ਸ਼ੂਟਰ ਜ਼ਖ਼ਮੀ
ਜਗਤਾਰ ਸਿੰਘ ਲਾਂਬਾ/ਹਰਪ੍ਰੀਤ ਕੌਰ
ਅੰਮ੍ਰਿਤਸਰ/ਹੁਸ਼ਿਆਰਪੁਰ, 26 ਅਗਸਤ
ਇੱਕ ਪਰਵਾਸੀ ਭਾਰਤੀ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਸ਼ੂਟਰ ਅੱਜ ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਏ। ਪੁਲੀਸ ਮੁਲਜ਼ਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਵਾਸਤੇ ਉਨ੍ਹਾਂ ਵੱਲੋਂ ਦੱਸੀ ਥਾਂ ’ਤੇ ਲੈ ਕੇ ਗਈ ਸੀ। ਹਥਿਆਰ ਪ੍ਰਾਪਤ ਕਰਨ ਮਗਰੋਂ ਉਨ੍ਹਾਂ ਪੁਲੀਸ ’ਤੇ ਗੋਲੀ ਚਲਾ ਦਿੱਤੀ ਅਤੇ ਪੁਲੀਸ ਨੇ ਬਚਾਅ ਵਿੱਚ ਜਵਾਬੀ ਫਾਇਰਿੰਗ ਕੀਤੀ। ਇਸ ਦੌਰਾਨ ਦੋਵੇਂ ਸ਼ੂਟਰ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲੀਸ ਨੇ ਘਟਨਾ ਲਈ ਵਰਤੀਆਂ ਤਿੰਨੋਂ ਪਿਸਤੌਲਾਂ ਅਤੇ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਜਦੋਂ ਪੁਲੀਸ ਪਾਰਟੀ ਪਿਸਤੌਲਾਂ ਦੀ ਬਰਾਮਦਗੀ ਕਰਵਾਉਣ ਲਈ ਉਨ੍ਹਾਂ ਨੂੰ ਵੱਲਾ ਨਹਿਰ ਨੇੜਲੇ ਇਲਾਕੇ ਵਿੱਚ ਲੈ ਕੇ ਗਈ ਤਾਂ ਮੁਲਜ਼ਮ ਗੁਰਕੀਰਤ ਸਿੰਘ ਅਤੇ ਸੁਖਵਿੰਦਰ ਸਿੰਘ ਦੋਹਾਂ ਨੇ ਪੁਲੀਸ ਨੂੰ ਚਕਮਾ ਦੇ ਕੇ ਅਚਾਨਕ ਪੁਲੀਸ ’ਤੇ ਫਾਇਰਿੰਗ ਕਰ ਦਿੱਤੀ। ਜਵਾਬ ਵਿੱਚ ਪੁਲੀਸ ਵੱਲੋਂ ਵੀ ਬਚਾਅ ਵਜੋਂ ਜਵਾਬੀ ਫਾਇਰਿੰਗ ਕੀਤੀ ਗਈ, ਜਿਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਇਹ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਹੁਣ ਦੋਹਾਂ ਮੁਲਜ਼ਮਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਤੋਂ ਪਹਿਲਾਂ ਅੱਜ ਇਕ ਖੁਫ਼ੀਆ ਸੂਚਨਾ ਮਿਲਣ ’ਤੇ ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੀ ਪੁਲੀਸ ਨੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਹੁਸ਼ਿਆਰਪੁਰ ਦੇ ਗਊਸ਼ਾਲਾ ਬਾਜ਼ਾਰ ਇਲਾਕੇ ਵਿੱਚ ਇਕ ਸਰਾਂ ਵਿੱਚ ਲੁਕੇ ਇਨ੍ਹਾਂ ਮੁਲਜ਼ਮਾਂ ਨੂੰ ਛਾਪਾ ਮਾਰ ਕੇ ਗ੍ਰਿਫ਼ਤਾਰ ਕੀਤਾ। ਅਪਰੇਸ਼ਨ ਦੀ ਅਗਵਾਈ ਹੁਸ਼ਿਆਰਪੁਰ ਦੇ ਐੱਸਪੀ (ਡੀ) ਸਰਬਜੀਤ ਸਿੰਘ ਬਾਹੀਆ ਨੇ ਕੀਤੀ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਐੱਨਆਰਆਈ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਪੁਲੀਸ ਨੇ ਉਸ ਦੀ ਪਹਿਲੀ ਪਤਨੀ ਦੇ ਪਿਤਾ ਨੂੰ ਕੱਲ੍ਹ ਟਾਂਡਾ ਦੇ ਪਿੰਡ ਬੈਂਸ ਅਵਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।