ਪੰਜਾਬ ਵਿੱਚ 25 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ
ਆਤਿਸ਼ ਗੁਪਤਾ
ਚੰਡੀਗੜ੍ਹ, 11 ਸਤੰਬਰ
ਪੰਜਾਬ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ 25 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲੀਸ ਨੇ ਬਿਨਾਂ ਲਾਇਸੈਂਸ ਤੋਂ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਲਾਲਚ ਦੇਣ ਵਾਲਿਆਂ ਵਿਰੁੱਧ ਵੀ 20 ਕੇਸ ਦਰਜ ਕੀਤੇ ਹਨ। ਇਹ ਕਾਰਵਾਈ ਪੰਜਾਬ ਪੁਲੀਸ ਦੇ ਐੱਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਕੀਤੀ ਹੈ। ਪੁਲੀਸ ਨੇ ਲੁਧਿਆਣਾ ਦੇ 6, ਜਲੰਧਰ ਤੇ ਅੰਮ੍ਰਿਤਸਰ ਦੇ 5-5, ਹੁਸ਼ਿਆਰਪੁਰ ਦੇ ਤਿੰਨ, ਮੁਹਾਲੀ ਤੇ ਸੰਗਰੂਰ ਦੇ 2-2, ਪਟਿਆਲਾ ਅਤੇ ਕਪੂਰਥਲਾ ਦੇ ਇਕ-ਇਕ ਟਰੈਵਲ ਏਜੰਟ ਵਿਰੁੱਧ ਕੇਸ ਦਰਜ ਕੀਤੇ ਹਨ।
ਏਡੀਜੀਪੀ (ਐੱਨਆਰਆਈ ਮਾਮਲੇ) ਪ੍ਰਵੀਨ ਕੇ. ਸਿਨਹਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੂਬੇ ਵਿੱਚ ਗ਼ੈਰ-ਕਾਨੂੰਨੀ ਟਰੈਵਲ ਏਜੰਟਾਂ ਅਤੇ ਬਿਨਾਂ ਲਾਇਸੈਂਸ ਤੋਂ ਵਿਦੇਸ਼ ਭੇਜਣ ਬਾਰੇ ਸੋਸ਼ਲ ਮੀਡੀਆ ’ਤੇ ਇਸ਼ਤਿਹਾਰਬਾਜ਼ੀ ਕਰਕੇ ਲੋਕਾਂ ਨਾਲ ਧੋਖਾਧੜੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ। ਇਸੇ ਨੂੰ ਵੇਖਦਿਆਂ ਅੱਜ ਸੂਬੇ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਬਿਨਾਂ ਲਾਇਸੈਂਸਾਂ ਤੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਇਸ਼ਤਿਹਾਰ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ 20 ਜਣਿਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਟਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਮੀਗਰੇਸ਼ਨ ਐਕਟ, 1983 ਤਹਿਤ ਵੈਧ ਰਿਕਰੂਟਿੰਗ ਏਜੰਟਾਂ ਅਤੇ ਲਾਇਸੈਂਸ ਪ੍ਰਾਪਤ ਏਜੰਸੀਆਂ ਕੋਲ ਹੀ ਲੋਕ ਜਾਣ।