ਅਸ਼ਲੀਲ ਹਰਕਤਾਂ ਦੇ ਦੋਸ਼ ਹੇਠ ਅਧਿਆਪਕ ਖ਼ਿਲਾਫ਼ ਕੇਸ ਦਰਜ
ਮਹਿੰਦਰ ਸਿੰਘ ਰੱਤੀਆਂ
ਮੋਗਾ, 15 ਜਨਵਰੀ
ਇਥੇ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ਦੇ ਅਧਿਆਪਕ ਖ਼ਿਲਾਫ਼ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਦੱਖਣੀ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਆਪਕ ਦਾ ਕਹਿਣਾ ਹੈ ਕਿ ਉਸ ਨੂੰ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ ਅਤੇ ਉਸ ’ਤੇ ਲੱਗੇ ਸਾਰੇ ਦੋਸ਼ ਝੂਠੇ ਅਤੇ ਬੁਨਿਆਦ ਹਨ। ਥਾਣਾ ਮੁਖੀ ਇੰਸਪੈਕਟਰ ਗੁਰਜਿੰਦਰਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਪੀੜਤ ਵਿਦਿਆਰਥਣ ਦੀ ਮਾਂ ਦੀ ਸ਼ਿਕਾਇਤ ’ਤੇ ਅਧਿਆਪਕ ਸੋਨੂੰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਪੁੱਛ-ਪੜਤਾਲ ਲਈ ਮੁਲਜ਼ਮ ਦਾ ਰਿਮਾਂਡ ਹਾਸਲ ਕੀਤਾ ਹੈ। ਮੁਲਜ਼ਮ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ ’ਚ ਗਣਿਤ ਦਾ ਅਧਿਆਪਕ ਹੈ। ਪੀੜਤ ਧਿਰ ਦਾ ਦੋਸ਼ ਹੈ ਕਿ ਮੁਲਜ਼ਮ ਉਸ ਦੀ ਧੀ ਸਮੇਤ ਹੋਰ ਸਹਿਪਾਠੀ ਵਿਦਿਆਰਥਣਾਂ ਨੂੰ ਪੜ੍ਹਾਉਂਦੇ ਸਮੇਂ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਦਾ ਸੀ। ਸੂਤਰਾਂ ਨੇ ਦਾਅਵਾ ਕੀਤਾ ਕਿ ਇਹ ਮਾਮਲਾ ਕਾਫ਼ੀ ਪੁਰਾਣਾ ਅਕਤੂਬਰ 2023 ਦਾ ਹੈ ਉਸ ਸਮੇਂ ਸਕੂਲ ਵਿੱਚ ਹੰਗਾਮਾ ਵੀ ਹੋਇਆ ਸੀ ਅਤੇ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਰਿਹਾ ਸੀ। ਸਿੱਖਿਆ ਅਧਿਕਾਰੀਆਂ ਨੇ ਦੋਵਾਂ ਧਿਰਾਂ ਵਿਚਾਲੇ ਕਥਿਤ ਸਮਝੌਤਾ ਕਰਵਾ ਕੇ ਮਾਮਲਾ ਰਫ਼ਾ ਦਫ਼ਾ ਕਰ ਦਿੱਤਾ ਸੀ ਪਰ ਹੁਣ ਮਾਮਲਾ ਮੁੜ ਭਖ਼ਿਆ ਹੈ। ਪੀੜਤਾ ਨੇ ਇਨਸਾਫ਼ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਰਿੱਟ ਦਾਇਰ ਕਰ ਦਿੱਤੀ ਤਾਂ ਹਾਈ ਕੋਰਟ ਨੇ ਇਸ ਮਾਮਲੇ ’ਤੇ ਤੁਰੰਤ ਕਾਰਵਾਈ ਲਈ ਹੁਕਮ ਜਾਰੀ ਕੀਤੇ ਹਨ ਜਿਸ ’ਤੇ ਸਿਟੀ ਪੁਲੀਸ ਨੇ ਬੀਤੀ ਰਾਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਅਸ਼ੀਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਗੁਰਦਿਆਲ ਸਿੰਘ ਨੇ ਕਿਹਾ ਕਿ ਉਨ੍ਹਾਂ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ।