ਸਾਈਬਰ ਠੱਗੀ ਦੇ ਮਾਮਲਿਆਂ ਨੇ ਲੋਕਾਂ ਦੀ ਚਿੰਤਾ ਵਧਾਈ
ਭਗਵਾਨ ਦਾਸ ਸੰਦਲ
ਦਸੂਹਾ, 1 ਦਸੰਬਰ
ਇੱਥੇ ਸਾਈਬਰ ਠੱਗੀ ਦੇ ਮਾਮਲਿਆਂ ਵਿੱਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ। ਰੋਜ਼ਾਨਾ ਕੋਈ ਨਾ ਕੋਈ ਸਾਈਬਰ ਠੱਗੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਸਬੰਧੀ ਪੀੜਤਾਂ ਵੱਲੋਂ ਸਾਈਬਰ ਸੈੱਲ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਦੇ ਬਾਵਜੂਦ ਵੀ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਇਸ ਤੋਂ ਇਲਾਵਾ ਅਸ਼ਲੀਲ ਤਸਵੀਰਾਂ ਜਾਂ ਵੀਡੀਓ ਰਾਹੀਂ ਬਲੈਕਮੇਲ ਕਰ ਕੇ ਪੈਸੇ ਠੱਗਣ ਦੇ ਮਾਲੇ ਵੀ ਸਾਹਮਣੇ ਆ ਰਹੇ ਹਨ। ਅਜਿਹੇ ਮਾਮਲਿਆਂ ’ਚ ਪੀੜਤ ਬਦਨਾਮੀ ਦੇ ਡਰੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਗੁਰੇਜ਼ ਕਰਦੇ ਹਨ। ਜਾਣਕਾਰੀ ਮੁਤਾਬਕ ਸਾਈਬਰ ਅਪਰਾਧ ਨੂੰ ਠੱਲ ਪਾਉਣ ਵਾਲੀਆਂ ਏਜੰਸੀਆਂ ਵੱਲੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ 3 ਲੱਖ ਸਿਮ ਕਾਰਡਾਂ ਨੂੰ ਬੰਦ ਕੀਤਾ ਜਾ ਚੁੱਕਿਆ ਹੈ ਪਰ ਇਸ ਦੇ ਬਾਵਜੂਦ ਵੀ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਵਪਾਰ ਮੰਡਲ ਦਸੂਹਾ ਦੇ ਪ੍ਰਧਾਨ ਅਮਰੀਕ ਸਿੰਘ ਗੱਗੀ ਠੁਕਰਾਲ ਨੇ ਕਿਹਾ ਕਿ ਸਾਈਬਰ ਸੁਰੱਖਿਆ ਢਾਂਚੇ ਦਾ ਮਜ਼ਬੂਤ ਹੋਣਾ ਅਤਿ ਜ਼ਰੂਰੀ ਹੈ। ਇਸ ਤੋਂ ਲੋਕਾਂ ਨੂੰ ਸਾਈਬਰ ਠੱਗੀਆਂ ਪ੍ਰਤੀ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਸੂਬਾ ਸਰਕਾਰ ਨੂੰ ਇਸ ਬਾਰੇ ਸਖਤ ਕਦਮ ਚੁੱਕਣ ਦੀ ਜ਼ਰੂਰਤ ਹੈ।