ਛੋਟੇ ਅਪਰਾਧਾਂ ਸਬੰਧੀ ਪਹਿਲ ਦੇ ਆਧਾਰ ’ਤੇ ਕੇਸ ਦਰਜ ਕੀਤੇ ਜਾਣ: ਡੀਜੀਪੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੁਲਾਈ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਸੂਬੇ ਵਿੱਚ ਗੈਰ-ਸਮਾਜਿਕ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਸਬੰਧੀ ਪੁਲੀਸ ਦੇ ਉੱਚ ਅਧਿਕਾਰੀਆਂ ਤੇ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਡੀਜੀਪੀ ਨੇ ਜ਼ਿਲ੍ਹਾ ਮੁਖੀਆਂ ਨੂੰ ਸੂਬੇ ਵਿੱਚ ਅਪਰਾਧ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਲਈ ਲੁੱਟ-ਖੋਹ ਤੇ ਚੋਰੀ ਵਰਗੇ ਛੋਟੇ ਅਪਰਾਧਾਂ ਦੇ ਮਾਮਲਿਆਂ ’ਚ ਵੀ ਪਹਿਲ ਦੇ ਆਧਾਰ ’ਤੇ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ।
ਉਨ੍ਹਾਂ ਸਾਰੇ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਘਿਨਾਉਣੇ ਅਪਰਾਧਾਂ ਵਿੱਚ ਗ੍ਰਿਫ਼ਤਾਰੀਆਂ ਕਰਨ ਅਤੇ ਅਦਾਲਤ ਵਿੱਚ ਸਮਾਂਬੱਧ ਢੰਗ ਨਾਲ ਚਲਾਨ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਪੁਲੀਸ ਅਧਿਕਾਰੀਆਂ ਨੂੰ ਵੱਖ-ਵੱਖ ਕੇਸਾਂ ਵਿੱਚ ਸਮਾਂਬੱਧ ਢੰਗ ਨਾਲ ਜਾਂਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਡੀਜੀਪੀ ਨੇ ਵੱਖ-ਵੱਖ ਕੇਸਾਂ ਵਿੱਚ ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ’ਤੇ ਜ਼ੋਰ ਦਿੱਤਾ। ਡੀਜੀਪੀ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਵੀ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਨਸ਼ਾਂ ਤਸਕਰਾਂ ’ਤੇ ਨੱਥ ਪਾਉਣ ਲਈ ਕਿਹਾ ਤਾਂ ਜੋ ਨਸ਼ਿਆਂ ਦੀ ਆਮ ਉਪਲਬਧਤਾ ਨੂੰ ਘੱਟ ਕੀਤਾ ਜਾ ਸਕੇ। ਗੌਰਵ ਯਾਦਵ ਨੇ ਪੁਲੀਸ ਕਮਿਸ਼ਨਰ ਤੇ ਐੱਸਐੱਸਪੀ’ਜ਼ ਨੂੰ ਸੂਬੇ ਵਿੱਚ ਹੋਰ ਵਿਲੇਜ ਲੈਵਲ ਡਿਫੈਂਸ ਕਮੇਟੀਆਂ (ਵੀਐੱਲਡੀਸੀ) ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 6500 ਦੇ ਕਰੀਬ ਕਮੇਟੀਆਂ ਬਣੀਆਂ ਹੋਈਆਂ ਹਨ, ਜਦੋਂ ਕਿ ਸੂਬੇ ਵਿੱਚ 12000 ਦੇ ਕਰੀਬ ਕਮੇਟੀਆਂ ਦੀ ਕੁੱਲ ਲੋੜ ਹੈ। ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰਐੱਨ ਢੋਕੇ ਨੇ ਦੱਸਿਆ ਕਿ ਇਸ ਸਾਲ ਪੰਜਾਬ ਪੁਲੀਸ ਨੇ ਪੰਜ ਅਤਿਵਾਦੀ ਸੰਗਠਨਾਂ ਦਾ ਪਰਦਾਫਾਸ਼ ਕਰ ਕੇ 35 ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਟਿੰਗ ਵਿੱਚ ਸਪੈਸ਼ਲ ਡੀਜੀਪੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਇੰਟਰਨਲ ਸਕਿਉਰਿਟੀ ਆਰਐੱਨ ਢੋਕੇ, ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਪ੍ਰਮੋਦ ਬਾਨ, ਪੁਲੀਸ ਕਮਿਸ਼ਨਰ (ਸੀਪੀਜ਼), ਰੇਂਜ ਦੇ ਆਈਜੀਪੀਜ਼/ਡੀਆਈਜੀਜ਼ ਅਤੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀਜ਼) ਹਾਜ਼ਰ ਸਨ।