ਨਕਦੀ ਵਿਵਾਦ: ਜਸਟਿਸ ਵਰਮਾ ਦੇ ਤਬਾਦਲੇ ਨੂੰ ਲੈ ਕੇ ਅਲਾਹਾਬਾਦ ਹਾਈ ਕੋਰਟ ਦੇ ਵਕੀਲਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ
ਪ੍ਰਯਾਗਰਾਜ, 25 ਮਾਰਚ
ਅਲਾਹਾਬਾਦ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਦੇ ਪ੍ਰਸਤਾਵਿਤ ਤਬਾਦਲੇ ਦੇ ਵਿਰੋਧ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਾਈ ਕੋਰਟ ਦੇ ਗੇਟ ਨੰਬਰ 3 ’ਤੇ ਇਕੱਠੇ ਹੋਏ ਪ੍ਰਦਰਸ਼ਨਕਾਰੀ ਵਕੀਲਾਂ ਦੀ ਅਗਵਾਈ ਕਰਦੇ ਹੋਏ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਤਿਵਾੜੀ ਨੇ ਪੱਤਰਕਾਰਾਂ ਨੂੰ ਕਿਹਾ, "ਇਹ ਵਿਰੋਧ ਕਿਸੇ ਅਦਾਲਤ ਜਾਂ ਜੱਜ ਦੇ ਵਿਰੁੱਧ ਨਹੀਂ ਹੈ, ਸਗੋਂ ਉਨ੍ਹਾਂ ਲੋਕਾਂ ਦੇ ਵਿਰੁੱਧ ਹੈ ਜਿਨ੍ਹਾਂ ਨੇ ਨਿਆਂਇਕ ਪ੍ਰਣਾਲੀ ਨਾਲ ਵਿਸ਼ਵਾਸਘਾਤ ਕੀਤਾ ਹੈ।"
ਉਨ੍ਹਾਂ ਅੱਗੇ ਕਿਹਾ, "ਸਾਡੀ ਲੜਾਈ ਭ੍ਰਿਸ਼ਟਾਚਾਰ ਵਿਚ ਸ਼ਾਮਲ ਲੋਕਾਂ ਅਤੇ ਇਕ ਅਜਿਹੀ ਪ੍ਰਣਾਲੀ ਦੇ ਵਿਰੁੱਧ ਹੈ ਜਿਸ ਵਿੱਚ ਪਾਰਦਰਸ਼ਤਾ ਦੀ ਘਾਟ ਹੈ। ਫਿਲਹਾਲ, ਸਾਡੀ ਮੰਗ ਮੁੜ ਵਿਚਾਰ ਅਤੇ ਤਬਾਦਲੇ ਦੇ ਆਦੇਸ਼ ਨੂੰ ਵਾਪਸ ਲੈਣ ਦੀ ਹੈ।" ਬਾਰ ਐਸੋਸੀਏਸ਼ਨ ਨੇ ਸੋਮਵਾਰ ਨੂੰ ਜਸਟਿਸ ਵਰਮਾ ਦੇ ਤਬਾਦਲੇ ਦਾ ਵਿਰੋਧ ਦੁਹਰਾਇਆ ਸੀ ਅਤੇ ਮੰਗਲਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਸੀ। ਤਿਵਾੜੀ ਨੇ ਜ਼ੋਰ ਦੇ ਕੇ ਕਿਹਾ ਕਿ ਐਸੋਸੀਏਸ਼ਨ ਇਸ ਮੁੱਦੇ ’ਤੇ ਪੂਰੀ ਲੜਾਈ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ, ‘‘ਸ਼ੁਰੂ ਤੋਂ ਹੀ ਇਸ ਮਾਮਲੇ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਅੱਜ ਦੇਸ਼ ਭਰ ਦੇ ਵਕੀਲ ਇਹ ਲੜਾਈ ਲੜ ਰਹੇ ਹਨ। ਜਦੋਂ ਤੱਕ ਕੋਈ ਹੱਲ ਨਹੀਂ ਹੋ ਜਾਂਦਾ, ਅਸੀਂ ਕੰਮ ਦੁਬਾਰਾ ਸ਼ੁਰੂ ਨਹੀਂ ਕਰਾਂਗੇ, ਭਾਵੇਂ ਨਤੀਜੇ ਕੁਝ ਵੀ ਹੋਣ।’’
ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਸੋਮਵਾਰ ਨੂੰ ਜਸਟਿਸ ਵਰਮਾ ਨੂੰ ਇਲਾਹਾਬਾਦ ਹਾਈ ਕੋਰਟ ਵਿਚ ਤਬਦੀਲ ਕਰਨ ਦੀ ਸਿਫ਼ਾਰਸ਼ ਕਰਨ ਦੇ ਆਪਣੇ ਫੈਸਲੇ ਦੀ ਪੁਸ਼ਟੀ ਕੀਤੀ। ਕੇਂਦਰ ਨੂੰ ਕੀਤੀ ਗਈ ਤਬਾਦਲੇ ਦੀ ਸਿਫ਼ਾਰਸ਼ ਨੂੰ ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤੇ ਗਏ ਇਕ ਮਤੇ ਵਿੱਚ ਜਨਤਕ ਕੀਤਾ ਗਿਆ ਸੀ। -ਪੀਟੀਆਈ