ਚੋਰੀ ਦੇ 12 ਮੋਬਾਈਲ ਫੋਨਾਂ ਸਣੇ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੁਲਾਈ
ਚੰਡੀਗੜ੍ਹ ਪੁਲੀਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਸ਼ਹਿਰ ਵਿੱਚ ਚੋਰੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੀ ਕਬਜ਼ੇ ’ਚੋਂ ਚੋਰੀ ਦੇ 12 ਮੋਬਾਈਲ ਫੋਨ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਰਵੀ ਨੇਗੀ ਵਾਸੀ ਸੈਕਟਰ-41 ਵਜੋਂ ਹੋਈ ਹੈ। ਇਹ ਕਾਰਵਾਈ ਪੁਲੀਸ ਨੇ ਰਾਜ ਕੁਮਾਰ ਨਾਮ ਦੇ ਵਿਅਕਤੀ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸਵੇਰੇ 7 ਵਜੇ ਦੁੱਧ ਲੈਣ ਲਈ ਮਾਰਕੀਟ ਤੱਕ ਗਿਆ ਸੀ ਤੇ 10 ਮਿੰਟ ਬਾਅਦ ਜਦੋਂ ਘਰ ਵਾਪਸ ਆਇਆ ਤਾਂ ਦੇਖਿਆ ਕਿ ਉਸ ਦਾ ਮੋਬਾਈਲ ਫੋਨ ਗਾਇਬ ਸੀ। ਇਸ ਬਾਰੇ ਰਾਜ ਕੁਮਾਰ ਨੇ ਥਾਣਾ ਸੈਕਟਰ-39 ਦੀ ਪੁਲੀਸ ਨੂੰ ਸ਼ਿਕਾਇਤ ਕੀਤੀ। ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਉਕਤ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਜਾਂਚ ਸ਼ੁਰੂ ਕੀਤੀ ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਚੋਰੀ ਦੇ 12 ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸਵੇਰ ਸਮੇਂ ਘਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਚੰਡੀਗੜ੍ਹ ਪੁਲੀਸ ਵੱਲੋਂ ਉਕਤ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।