ਕਾਲਜ ਵਿੱਚ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਪੱਤਰ ਪ੍ਰੇਰਕ
ਯਮੁਨਾਨਗਰ, 12 ਨਵੰਬਰ
ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਵਿੱਚ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ । ਕਾਲਜ ਦੇ ਬਾਨੀ ਸੰਤ ਪੰਡਤ ਨਿਸ਼ਚਲ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ੁਰੂ ਹੋਏ ਸਹਿਜ ਪਾਠ ਦੀ ਸਮਾਪਤੀ ਅੱਜ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਹੋਈ। ਇਤਿਹਾਸਕ ਗੁਰਦੁਆਰਾ ਪਾਉਂਟਾ ਸਾਹਿਬ ਦੇ ਰਾਗੀ ਭਾਈ ਮੋਹਕਮ ਸਿੰਘ ਅਤੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਓਮਕਾਰ ਸਿੰਘ ਨੇ ਸ਼ਬਦ ਕੀਰਤਨ ਅਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸੰਗਤ ਨੇ ਕਾਲਜ ਵਿਦਿਆਰਥਣਾਂ ਵੱਲੋਂ ਕੀਤੇ ਕੀਰਤਨ ਅਤੇ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਪੇਸ਼ ਕੀਤੇ ਵਿਚਾਰਾਂ ਦਾ ਆਨੰਦ ਮਾਣਿਆ। ਕਾਲਜ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਕਾਲਜ ਦੇ ਜਨਰਲ ਸਕੱਤਰ ਐੱਮਐੱਸ ਸਾਹਨੀ ਨੇ ਸਮਾਗਮ ਵਿੱਚ ਆਏ ਹੋਏ ਸੰਤਾਂ, ਮਹੰਤਾਂ, ਰਾਗੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪ੍ਰਿੰਸੀਪਲ ਡਾ. ਹਰਵਿੰਦਰ ਕੌਰ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਵਰਤਾਇਆ ਗਿਆ।
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ
ਸ਼ਾਹਬਾਦ (ਸਤਨਾਮ ਸਿੰਘ ):
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਤੋਂ ਸ੍ਰੀ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸ਼ਬਦ ਗਾਇਨ ਕਰਦੇ ਹੋਏ ਮੁਹੱਲਾ ਮਾਜਰੀ ਤਰਲੋਚਨ ਸਿੰਘ, ਸਤਵਿੰਦਰ ਪਾਲ ਸਿੰਘ ਹਾਂਡਾ ਦੇ ਨਿਵਾਸ ’ਤੇ ਪੁੱਜੀ। ਪਰਿਵਾਰ ਵੱਲੋਂ ਆਈ ਸੰਗਤ ਦਾ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਗੁਰਦੁਆਰੇ ਦੇ ਹਜ਼ੂਰੀ ਰਾਗੀ ਭਾਈ ਪਵਨਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ। ਨੌਜਵਾਨ ਸੇਵਕ ਸ਼ਬਦੀ ਜਥੇ ਦੇ ਵੀਰਾਂ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸ਼ਬਦ ਗਾਇਨ ਕੀਤਾ। ਸਿੱਖ ਪੰਥ ਦੇ ਵਿਦਵਾਨ ਗਿਆਨੀ ਸਾਹਿਬ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਰੋਸ਼ਨੀ ਪਾਉਂਦੇ ਹੋਏ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਪ੍ਰੇਰਿਆ। ਸਟੇਜ ਸਕੱਤਰ ਦੀ ਸੇਵਾ ਕਰਦੇ ਹੋਏ ਨਰਿੰਦਰ ਸਿੰਘ ਭਿੰਡਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਬੱਚਿਆਂ ਨਾਲ ਪੰਜਾਬੀ ਹੀ ਬੋਲਣ ਤੇ ਉਨ੍ਹਾਂ ਨੂੰ ਪੰਜਾਬੀ ਪੜ੍ਹਾਉਣ ਤਾਂ ਜੋ ਉਹ ਆਪਣੀ ਮਾਂ ਬੋਲੀ ਤੇ ਆਪਣੇ ਵਿਰਸੇ ਨਾਲ ਜੁੜੇ ਰਹਿਣ। ਨੌਜਵਾਨ ਸੇਵਕ ਸਭਾ ਦੇ ਬੁਲਾਰੇ ਭਗਵੰਤ ਸਿੰਘ ਖਾਲਸਾ ਨੇ ਦੱਸਿਆ ਕਿ 13 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸੰਦਰਭ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮਗਰੋਂ ਗਿਆਨੀ ਸਾਹਿਬ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਗਿਆਨੀ ਸੁਬੇਗ ਸਿੰਘ ਨੇ ਹੁਕਮਨਾਮਾ ਲਿਆ ਤੇ ਦੇਗ ਵਰਤਾਈ।