ਗ਼ਦਰੀ ਬਾਬਾ ਹਰੀ ਸਿੰਘ ਉਸਮਾਨ ਦੇ ਜਨਮ ਦਿਹਾੜੇ ’ਤੇ ਸਮਾਗਮ
ਪੱਤਰ ਪ੍ਰੇਰਕ
ਗੁਰੂਸਰ ਸੁਧਾਰ, ਮੁੱਲਾਂਪੁਰ, 21 ਅਕਤੂਬਰ
ਕਾਮਾਗਾਟਾਮਾਰੂ ਯਾਦਗਾਰ ਕਮੇਟੀ ਵੱਲੋਂ ਆਜ਼ਾਦ ਹਿੰਦ ਫ਼ੌਜ ਦੇ ਜਰਨੈਲ ਗ਼ਦਰੀ ਬਾਬਾ ਹਰੀ ਸਿੰਘ ਉਸਮਾਨ ਦੇ 144ਵੇਂ ਜਨਮ ਦਿਨ ਮੌਕੇ ਪਿੰਡ ਬੱਦੋਵਾਲ ਦੇ ਵੱਡਾ ਗੁਰਦੁਆਰਾ ਸਾਹਿਬ ਦੇ ਸਾਹਮਣੇ ਦੇਸ਼ ਭਗਤ ਸਮਾਗਮ ਕਰਵਾਇਆ ਗਿਆ। ਐਡਵੋਕੇਟ ਕੁਲਦੀਪ ਸਿੰਘ ਗਰੇਵਾਲ, ਜਸਦੇਵ ਸਿੰਘ ਲਲਤੋਂ ਅਤੇ ਹਰਦੇਵ ਸਿੰਘ ਸੁਨੇਤ ਦੀ ਪ੍ਰਧਾਨਗੀ ਹੇਠ ਸਮਾਗਮ ਦੀ ਸ਼ੁਰੂਆਤ ਬਾਬਾ ਹਰੀ ਸਿੰਘ ਉਸਮਾਨ, ਸਮੂਹ ਦੇਸ਼ ਭਗਤਾਂ ਅਤੇ ਆਜ਼ਾਦੀ ਪਰਵਾਨਿਆਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕਰਨ ਨਾਲ ਕੀਤੀ ਗਈ। ਅਮਰੀਕ ਸਿੰਘ ਤਲਵੰਡੀ, ਹਰਦੇਵ ਸਿੰਘ ਮੁੱਲਾਂਪੁਰ, ਬਲਵਿੰਦਰ ਸਿੰਘ ਗੁੱਜਰਵਾਲ ਸਮੇਤ ਹੋਰ ਬੁਲਾਰਿਆਂ ਨੇ ਬਾਬਾ ਹਰੀ ਸਿੰਘ ਉਸਮਾਨ ਦੇ ਸੰਘਰਸ਼ਮਈ ਜੀਵਨ ਬਾਰੇ ਚਾਨਣਾ ਪਾਇਆ। ਆਗੂਆਂ ਨੇ ਕਿਹਾ ਕਿ ਬਾਬਾ ਹਰੀ ਸਿੰਘ ਉਸਮਾਨ ਨੇ ਨਵੇਂ ਗ਼ਦਰ ਅਤੇ ਆਜ਼ਾਦ ਹਿੰਦ ਫ਼ੌਜ ਲਈ ਕਈ ਸਾਲ ਜ਼ਿੰਮੇਵਾਰੀ ਨਿਭਾਈ। ਆਜ਼ਾਦੀ ਤੋਂ ਬਾਅਦ ਬਾਬਾ ਹਰੀ ਸਿੰਘ ਨੇ ਲੋਕ ਜਮਹੂਰੀ ਰਾਜ ਪ੍ਰਬੰਧ ਸਿਰਜਣ ਲਈ ਕੰਮ ਕੀਤਾ। ਬੁਲਾਰਿਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ ਹੈ।