For the best experience, open
https://m.punjabitribuneonline.com
on your mobile browser.
Advertisement

ਸ੍ਰੀ ਗੋਇੰਦਵਾਲ ਸਾਹਿਬ ’ਚ ਸ਼ਤਾਬਦੀ ਸਮਾਗਮ ਅੱਜ ਤੋਂ

08:52 AM Sep 15, 2024 IST
ਸ੍ਰੀ ਗੋਇੰਦਵਾਲ ਸਾਹਿਬ ’ਚ ਸ਼ਤਾਬਦੀ ਸਮਾਗਮ ਅੱਜ ਤੋਂ
ਰਾਜਿੰਦਰ ਸਿੰਘ ਮਹਿਤਾ, ਬਲਵਿੰਦਰ ਸਿੰਘ ਕਾਹਲਵਾਂ
Advertisement

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 14 ਸਤੰਬਰ
ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ 15 ਸਤੰਬਰ ਨੂੰ ਧਾਰਮਿਕ ਸਮਾਗਮ ਆਰੰਭ ਹੋਣਗੇ ਅਤੇ 18 ਸਤੰਬਰ ਨੂੰ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 15 ਸਤੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਅਤੇ ਸਹਿਜ ਪਾਠ ਸੰਸਥਾ ਆਸਟਰੇਲੀਆ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੇ ਗਏ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਇਸ ਮਗਰੋਂ ਸਰਬ ਹਿੰਦ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਸਮੂਹਿਕ ਰੂਪ ਵਿਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। 16 ਸਤੰਬਰ ਨੂੰ ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ, ਕਵਿਤਾਵਾਂ ਅਤੇ ਭਾਸ਼ਣ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਸ਼ਾਮ ਨੂੰ ਗਤਕਾ ਮੁਕਾਬਲੇ ਹੋਣਗੇ, ਜਿਸ ਵਿਚ ਕੌਮੀ ਪੱਧਰ ਦੀਆਂ ਟੀਮਾਂ ਭਾਗ ਲੈਣਗੀਆਂ।
ਸ੍ਰੀ ਮਹਿਤਾ ਤੇ ਸ੍ਰੀ ਕਹਾਲਵਾਂ ਨੇ ਕਿਹਾ ਕਿ 17 ਸਤੰਬਰ ਨੂੰ ਸਵੇਰੇ ਨੌਂ ਵਜੇ ਗੁਰਦੁਆਰਾ ਤਪਿਆਣਾ ਸਾਹਿਬ ਖਡੂਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿਚ ਪੈਦਲ ਸੰਗਤ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਪੁੱਜੇਗੀ। ਨਗਰ ਕੀਰਤਨ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲ, ਕਾਰਸੇਵਾ ਸੰਪਰਦਾਵਾਂ, ਸਭਾ-ਸੁਸਾਇਟੀਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ 18 ਸਤੰਬਰ ਨੂੰ ਸ਼ਤਾਬਦੀ ਦੇ ਮੁੱਖ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰ ਜਥੇ ਸੰਗਤ ਨੂੰ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ ਅਤੇ ਪੰਥਕ ਬੁਲਾਰੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ। ਉਨ੍ਹਾਂ ਸੰਗਤ ਨੂੰ ਸ਼ਤਾਬਦੀ ਸਮਾਗਮਾਂ ਸਮੇਂ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

Advertisement

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸੋਵੀਨਾਰ ਰਿਲੀਜ਼

ਸ਼ਤਾਬਦੀ ਨੂੰ ਸਮਰਪਿਤ ਸੋਵੀਨਾਰ ਜਾਰੀ ਕਰਦੇ ਹੋਏ ਗਿਆਨੀ ਰਘਬੀਰ ਸਿੰਘ, ਹਰਜਿੰਦਰ ਸਿੰਘ ਧਾਮੀ ਤੇ ਹੋਰ।

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਾਮਦਾਸ ਦੇ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਬੁਲਾਰਿਆਂ ਨੇ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥਕ ਏਕਤਾ ਦੀ ਲੋੜ ’ਤੇ ਜ਼ੋਰ ਦਿੱਤਾ। ਅਖੰਡ ਪਾਠ ਦੇ ਭੋਗ ਮਗਰੋਂ ਸਜਾਏ ਗਏ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਵਿੱਚ ਸੇਵਾ ਅਤੇ ਸਿਮਰਨ ਸਿੱਖੀ ਦੇ ਦੋ ਅਹਿਮ ਥੰਮ ਹਨ ਅਤੇ ਗੁਰੂ ਸਾਹਿਬਾਨ ਨੇ ਇਸ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੀਜੇ ਅਤੇ ਚੌਥੇ ਗੁਰੂ ਸਾਹਿਬ ਦੇ 450 ਸਾਲਾ ਸ਼ਤਾਬਦੀ ਦਿਹਾੜੇ ਉਨ੍ਹਾਂ ਦੇ ਜੀਵਨ ਇਤਿਹਾਸ ਅਤੇ ਘਾਲਣਾ ਤੋਂ ਸੇਧ ਲੈਣ ਲਈ ਵੱਡੇ ਮਹੱਤਵ ਵਾਲੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਅੱਜ ਕਈ ਸ਼ਕਤੀਆਂ ਸਿੱਖ ਸਿਧਾਂਤਾਂ ਨੂੰ ਸੱਟ ਮਾਰਨ ਦੇ ਯਤਨ ਕਰ ਰਹੀਆਂ ਹਨ, ਜਿਨ੍ਹਾਂ ਨੂੰ ਸਮਝ ਕੇ ਇਕਜੁੱਟਤਾ ਨਾਲ ਠੱਲ੍ਹਣ ਦੀ ਲੋੜ ਹੈ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਸਿੱਖ ਧਰਮ ਇਤਿਹਾਸ ਅਤੇ ਕੌਮੀ ਫਰਜ਼ਾਂ ਪ੍ਰਤੀ ਦ੍ਰਿੜ੍ਹਤਾ ਅਤੇ ਜਜ਼ਬਾ ਪ੍ਰਚੰਡ ਰੱਖਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੋਵੀਨਾਰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਨਮਾਨਿਤ ਵੀ ਕੀਤਾ।

Advertisement

Advertisement
Author Image

sukhwinder singh

View all posts

Advertisement