For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਜਾਣ-ਬੁੱਝ ਕੇ ਇਕ ਹਜ਼ਾਰ ਕਰੋੜ ਦੇ ਫੰਡ ਰੋਕੇ: ਭਗਵੰਤ ਮਾਨ

08:25 AM Jul 29, 2024 IST
ਕੇਂਦਰ ਨੇ ਜਾਣ ਬੁੱਝ ਕੇ ਇਕ ਹਜ਼ਾਰ ਕਰੋੜ ਦੇ ਫੰਡ ਰੋਕੇ  ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ਼
ਚੰਡੀਗੜ੍ਹ, 28 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਸਿਹਤ ਸਹੂਲਤਾਂ ਦੇ ਮੁੱਦੇ ਸਬੰਧੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਸਰਕਾਰ ਨੇ ਜਾਣ-ਬੁੱਝ ਕੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ ਇਕ ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਜੋ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਰੱਖਿਆ ਜਾ ਸਕੇ।
ਉਨ੍ਹਾਂ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਤੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਕੁੱਲ 325 ਐਂਬੂਲੈਂਸਾਂ ਲੋਕਾਂ ਦੀ ਸੇਵਾ ਲਈ ਉਪਲਬਧ ਰਹਿਣਗੀਆਂ। ਉਨ੍ਹਾਂ ਕਿਹਾ ਕਿ ਅਤਿ-ਆਧੁਨਿਕ ਐਂਬੂਲੈਂਸਾਂ ਰਾਹੀਂ ਸ਼ਹਿਰੀ ਖੇਤਰ ਦੇ ਲੋੜਵੰਦ ਮਰੀਜ਼ਾਂ ਤੱਕ 15 ਮਿੰਟ ਅਤੇ ਪੇਂਡੂ ਖੇਤਰ ਦੇ ਮਰੀਜ਼ਾਂ ਤੱਕ 20 ਮਿੰਟ ਵਿੱਚ ਪਹੁੰਚ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣ-ਬੁੱਝ ਕੇ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ, ਜਦੋਂ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਲੈ ਕੇ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਨੇ ਅਹਿਮ ਯੋਗਦਾਨ ਪਾਇਆ ਹੈ। ਇਸ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਧੱਕੇਸਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੀ ਲੋੜ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਸਮੇਂ ਵਿਸ਼ੇਸ਼ ਪੈਕੇਜ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀਆਂ ਮੀਟਿੰਗਾਂ ਅਰਥਹੀਣ ਹਨ ਕਿਉਂਕਿ ਇੱਥੇ ਸੂਬਿਆਂ ਨੂੰ ਆਪਣੇ ਮੁੱਦਿਆਂ ਨੂੰ ਦਰਸਾਉਣ ਲਈ ਉਚਿਤ ਸਮਾਂ ਨਹੀਂ ਦਿੱਤਾ ਜਾਂਦਾ ਹੈ। ਇਸੇ ਕਾਰਨ ਇਸ ਵਾਰ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕੀਤਾ ਜਾਵੇਗਾ।

Advertisement

‘ਪੰਜਾਬ ਵਿਧਾਨ ਪਰਿਸ਼ਦ ਨੂੰ ਸੁਰਜੀਤ ਕੀਤਾ ਜਾਵੇਗਾ’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿਧਾਨ ਪਰਿਸ਼ਦ ਨੂੰ ਸੁਰਜੀਤ ਕਰਨ ਦੀ ਚਾਹਵਾਨ ਹੈ। ਸਾਲ 1970 ਵਿੱਚ ਵਿਧਾਨ ਪਰਿਸ਼ਦ ਦੀ ਹੋਂਦ ਖਤਮ ਹੋ ਗਈ ਸੀ। ਉਨ੍ਹਾਂ ਕਿਹਾ ਕਿ ਉਹ ਬੁੱਧੀਜੀਵੀਆਂ ਦੀ ਭਾਲ ਕਰ ਰਹੇ ਹਨ, ਜੋ ਚੋਣ ਨਹੀਂ ਲੜਨਾ ਚਾਹੁੰਦੇ ਹਨ ਪਰ ਨੀਤੀ ਬਣਾਉਣ ਤੇ ਲੋਕਾਂ ਵਿੱਚ ਚੰਗੇ ਕੰਮ ਕਰ ਸਕਦੇ ਹਨ। ਇਸ ਲਈ ਐਡਵੋਕੇਟ ਜਨਰਲ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Advertisement

ਡਾ. ਗੁਰਪ੍ਰੀਤ ਕੌਰ ਨਹੀਂ ਲੜਨਗੇ ਚੋਣ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਹਮਾਇਤ ਵਿੱਚ ਪਰਿਵਾਰ ਸਣੇ ਜਲੰਧਰ ਚੋਣ ਪ੍ਰਚਾਰ ਲਈ ਗਏ ਸਨ। ਡਾ. ਗੁਰਪ੍ਰੀਤ ਕੌਰ ਨੇ ਵੀ ਜਲੰਧਰ ਵਿੱਚ ਹੋਰਨਾਂ ਵਾਲੰਟੀਅਰਾਂ ਵਾਂਗ ਪਾਰਟੀ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਗੁਰਪ੍ਰੀਤ ਕੌਰ ਲੋਕ ਸੇਵਾ ਲਈ ਕੰਮ ਕਰਨਾ ਚਾਹੁੰਦੇ ਹਨ, ਇਸੇ ਕਰਕੇ ਉਨ੍ਹਾਂ ਡਾਕਟਰੀ ਦੀ ਪੜ੍ਹਾਈ ਕੀਤੀ ਹੈ। ਹਾਲਾਂਕਿ ਉਹ ਡਾਕਟਰੀ ਖੇਤਰ ਵਿੱਚ ਪ੍ਰੈਕਟਿਸ ਨਹੀਂ ਕਰ ਰਹੇ ਪਰ ਸਿਆਸੀ ਖੇਤਰ ਵਿੱਚ ਰਹਿ ਕੇ ਲੋਕ ਸੇਵਾ ਕਰਨ ’ਚ ਰੁੱਝੇ ਹੋਏ ਹਨ।

Advertisement
Author Image

sukhwinder singh

View all posts

Advertisement