ਪਰਾਲੀ ਪ੍ਰਬੰਧਨ ਲਈ ਕੇਂਦਰ ਨੇ ਮਸ਼ੀਨਾਂ ’ਤੇ ਨਹੀਂ ਰੋਕੀ ਸਬਸਿਡੀ
ਮਹਿੰਦਰ ਸਿੰਘ ਰੱਤੀਆਂ
ਮੋਗਾ, 18 ਨਵੰਬਰ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਪਰਾਲੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਦੀ ਸਬਸਿਡੀ ਰੋਕਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਡਾਇਰੈਕਟਰ ਡਾ. ਜਸਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਬਸਿਡੀ ਵਾਲੀ ਮਸ਼ੀਨਰੀ ਦੀ ਅੱਧੀ ਰਾਸ਼ੀ 175 ਕਰੋੜ ਰੁਪਏ ਰਾਜ ਸਰਕਾਰ ਨੂੰ ਭੇਜ ਦਿੱਤੀ ਹੈ ਅਤੇ ਬਾਕੀ ਵੀ ਛੇਤੀ ਆ ਜਾਵੇਗੀ। ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਮੁਹੱਈਆ ਕਰਵਾਈ ਗਈ ਸਬਸਿਡੀ ਮਸ਼ੀਨਰੀ ਵਿਚ ਕਈ ਜ਼ਿਲ੍ਹਿਆਂ ’ਚ ਮਸ਼ੀਨਾਂ ਦੀ ਖਰੀਦ-ਵੇਚ ਤੋਂ ਬਿਨਾਂ ਹੀ 140 ਕਰੋੜ ਰੁਪਏ ਦੀ ਸਬਸਿਡੀ ਦਾ ਘੁਟਾਲਾ ਹੋਣ ਦੀ ਚਰਚਾ ਹੈ। ਤਾਜ਼ਾ ਸਰਵੇਖਣ ਵਿੱਚ ਸਾਹਮਣੇ ਆਇਆ ਕਿ 11 ਹਜ਼ਾਰ ਤੋਂ ਵੱਧ ਮਸ਼ੀਨਾਂ ਕਿਸਾਨਾਂ ਦੇ ਘਰਾਂ ਵਿੱਚ ਨਹੀਂ ਮਿਲੀਆਂ। ਹੁਣ ਕੇਂਦਰੀ ਟੀਮਾਂ ਮਸ਼ੀਨਾਂ ਦੀ ਜਾਂਚ ਕਰ ਰਹੀਆਂ ਹਨ। ਸੂਬਾਈ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਚੇਅਰਮੈਨ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਮਸ਼ੀਨਰੀ ਲਈ ਕਿਸਾਨ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੋਰਟਲ ’ਤੇ ਆਨਲਾਈਨ ਅਰਜ਼ੀਆਂ ਦਿੰਦੇ ਹਨ ਤੇ ਡਰਾਅ ਨਿਕਲਣ ਉਪਰੰਤ ਕਿਸਾਨਾਂ ਵੱਲੋਂ ਮਸ਼ੀਨਾਂ ਦੀ ਖਰੀਦ ਕੀਤੀ ਜਾਂਦੀ ਹੈ। ਇਸ ਮਗਰੋਂ ਖੇਤੀ ਅਧਿਕਾਰੀਆਂ ਵੱਲੋਂ ਭੌਤਿਕ ਪੜਤਾਲ ਲਈ ਕਿਸਾਨਾਂ ਦੇ ਘਰਾਂ ਵਿੱਚ ਜਾ ਕੇ ਖਰੀਦ ਕੀਤੀ ਮਸ਼ੀਨਰੀ ਨਾਲ ਕਿਸਾਨਾਂ ਦੀਆਂ ਤਸਵੀਰਾਂ ਆਦਿ ਅਪਲੋਡ ਕੀਤੀਆਂ ਜਾਂਦੀਆਂ ਹਨ। ਇਸ ਤੋਂ ਬਾਅਦ ਸਬਸਿਡੀ ਕਿਸਾਨ ਦੇ ਬੈਂਕ ਖਾਤੇ ਵਿੱਚ ਮੁੱਖ ਦਫ਼ਤਰ ਵੱਲੋਂ ਪਾਈ ਜਾਂਦੀ ਹੈ।