For the best experience, open
https://m.punjabitribuneonline.com
on your mobile browser.
Advertisement

ਕੇਂਦਰ ਨੇ ਹਾਲੇ ਤੱਕ ਨਹੀਂ ਕੀਤਾ ਪਰਾਲੀ ਦਾ ਠੋਸ ਹੱਲ: ਮਾਨ

07:48 AM Nov 14, 2024 IST
ਕੇਂਦਰ ਨੇ ਹਾਲੇ ਤੱਕ ਨਹੀਂ ਕੀਤਾ ਪਰਾਲੀ ਦਾ ਠੋਸ ਹੱਲ  ਮਾਨ
ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 13 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਹੜੇ ਕਿਸਾਨ ਅੱਜ ਦੇਸ਼ ਦੇ ਅੰਨਾਦਾਤਾ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਨੂੰ ਦੋ ਹਫ਼ਤਿਆਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੰਦਭਾਗੀ ਗੱਲ ਹੈ ਕਿ ਵੱਡੇ ਪੱਧਰ ’ਤੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਠੋਸ ਹੱਲ ਨਹੀਂ ਲੱਭਿਆ ਜਾ ਸਕਿਆ। ਉਹ ਇੱਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ‘ਪੰਜਾਬ ਵਿਜ਼ਨ-2047’ ਪ੍ਰੋਗਰਾਮ ਵਿੱਚ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਇਹ ਇਕੱਲੇ ਪੰਜਾਬ ਦਾ ਨਹੀਂ, ਸਗੋਂ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਕੋਈ ਢੁਕਵੀਂ ਵਿਧੀ ਨਹੀਂ ਹੈ। ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ ਪਰ ਕੇਂਦਰ ਵਿੱਚ ਸੱਤਾਧਾਰੀਆਂ ਦੀ ਬੇਰੁਖ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨ ਬਦਲਵੀਆਂ ਫ਼ਸਲਾਂ ਤਾਂ ਹੀ ਅਪਣਾ ਸਕਦੇ ਹਨ ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇਈਈ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੇ ਖਿੱਤੇ ਦੀ ਨਾਮਵਰ ਵਿਦਿਅਕ ਸੰਸਥਾ ਹੈ ਅਤੇ ਇਸ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਹਿੱਸੇ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਦਿੱਤੀ ਜਾਵੇਗੀ ਅਤੇ ਨਾ ਹੀ ਯੂਨੀਵਰਸਿਟੀ ਦੀ ਸੈਨੇਟ ਵਿੱਚ ਪਿਛਲੇ ਦਰਵਾਜ਼ੇ ਤੋਂ ਦਾਖ਼ਲੇ ਲਈ ਹਰਿਆਣਾ ਦੇ ਕਿਸੇ ਯਤਨ ਨੂੰ ਕਾਮਯਾਬ ਹੋਣ ਦਿੱਤਾ ਜਾਵੇਗਾ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਯੂਨੀਵਰਸਿਟੀ ਦੇ ਸਰੂਪ ਨੂੰ ਬਦਲਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ।

Advertisement

ਅੱਠ ਹਾਈਟੈੱਕ ਸੈਂਟਰ ਖੋਲ੍ਹ ਰਹੀ ਹੈ ਪੰਜਾਬ ਸਰਕਾਰ

ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਸਰਕਾਰ ਅੱਠ ਹਾਈ-ਟੈੱਕ ਸੈਂਟਰ ਖੋਲ੍ਹ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਸੈਂਟਰ ਨੌਜਵਾਨਾਂ ਨੂੰ ਯੂਪੀਐੱਸਸੀ ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ।

Advertisement

‘ਪਹਾੜਾਂ ਦੇ ਸਕੂਲਾਂ ’ਚ ਪੜ੍ਹਨ ਵਾਲੇ ਆਮ ਲੋਕਾਂ ਦੀ ਬੋਲੀ ਨਹੀਂ ਜਾਣਦੇ’

ਦੋਦਾ (ਜਸਵੀਰ ਸਿੰਘ ਭੁੱਲਰ):

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜ ਰਹੇ ਪਾਰਟੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਗਿੱਦੜਬਾਹਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਤੀਜਾ ਦੌਰਾ ਹੈ। ਪਿੰਡ ਦੋਦਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਰਗੜੇ ਲਾਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਵਾਰੀਆਂ ਬੰਨ੍ਹੀਆਂ ਹੋਈਆਂ ਸਨ ਕਦੇ ਕਾਂਗਰਸ ਅਤੇ ਕਦੇ ਅਕਾਲੀ। ਇਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਸਤੌਜ ਵਾਲੇ ਮਾਸਟਰ ਮਹਿੰਦਰ ਸਿੰਘ ਦੇ ਮੁੰਡੇ ਦੇ ਭਾਗਾਂ ’ਚ ਵੀ ਮੁੱਖ ਮੰਤਰੀ ਬਣਨਾ ਹੈ। ਉਨ੍ਹਾਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ’ਤੇ ਤਨਜ਼ ਕਸਦਿਆਂ ਕਿਹਾ ਕਿ ਪਹਾੜਾਂ ਦੇ ਸਕੂਲਾਂ ’ਚ ਪੜ੍ਹਨ ਵਾਲਿਆਂ ਨੂੰ ਆਮ ਲੋਕਾਂ ਦੀ ਬੋਲੀ ਨਹੀਂ ਆਉਂਦੀ ਸਗੋਂ ਉਰਦੂ ਬੋਲ ਕੇ ਸੁਣਾਉਂਦੇ ਹਨ। ਪਹਿਲਾਂ ਉਹ ਅਕਾਲੀ ਦਲ ’ਚ ਵਿੱਤ ਮੰਤਰੀ ਬਣੇ ਅਤੇ ਫਿਰ ਕਾਂਗਰਸ ’ਚ ਵਿੱਤ ਮੰਤਰੀ ਰਹਿਣ ਦੇ ਬਾਵਜੂਦ ਗਿੱਦੜਬਾਹਾ ਦੇ ਲੋਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਜਦੋਂ ਬਠਿੰਡਾ ਤੋਂ ਲੋਕਾਂ ਨੇ 64,500 ਹਜ਼ਾਰ ਵੋਟਾਂ ਨਾਲ ਹਰਾ ਦਿੱਤਾ ਤਾਂ ਗਿੱਦੜਬਾਹਾ ਲਈ ਮੋਹ ਜਾਗ ਪਿਆ। ਹੁਣ ਫਿਰ ਲੋਕਾਂ ਨੂੰ ਲਾਰਿਆਂ ਨਾਲ ਗੁਮਰਾਹ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਡਿੰਪੀ ਢਿੱਲੋਂ ਨੂੰ ਪਾਉਣ ਦੀ ਅਪੀਲ ਵੀ ਕੀਤੀ। ਇਸ ਦੌਰਾਨ ਡਿੰਪੀ ਢਿੱਲੋਂ ਨੇ ਵੀ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਬਲਕਾਰ ਸਿੰਘ ਸਿੱਧੂ ਤੇ ਕਰਮਜੀਤ ਅਨਮੋਲ ਆਦਿ ਹਾਜ਼ਰ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭਲਾਈਆਣਾ ਵਿੱਚ ਵੀ ਚੋਣ ਪ੍ਰਚਾਰ ਕੀਤਾ।

ਮੰਡੀ ਵਿੱਚ ਰਾਤ ਕੱਟ ਕੇ ਡਰਾਮਾ ਕਰਦੈ ਰਾਜਾ ਵੜਿੰਗ

ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਪਤੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ’ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਰਾਜਾ ਵੜਿੰਗ ਹੰਕਾਰ ’ਚ ਇਸ ਤਰ੍ਹਾਂ ਤੁਰਦਾ ਹੈ, ਜਿਵੇਂ ਕਬੱਡੀ ਪਾਉਣ ਚੱਲਿਆ ਹੋਵੇ ਅਤੇ ਮੰਡੀ ’ਚ ਰਾਤ ਕੱਟ ਕੇ ਡਰਾਮੇ ਕਰਦਾ ਹੈ। ਇਸ ਤੋਂ ਪਹਿਲਾਂ ਕਦੇ ਕਿਸੇ ਨੇ ਉਸ ਨੂੰ ਮੰਡੀ ’ਚ ਦੇਖਿਆ ਹੈ ਤਾਂ ਦੱਸੋ।’’

Advertisement
Author Image

joginder kumar

View all posts

Advertisement