ਝੋਨੇ ਦੀ ਖ਼ਰੀਦ ’ਚ ਦੇਰੀ ਲਈ ਕੇਂਦਰ ਜ਼ਿੰਮੇਵਾਰ: ਰਾਜੇਵਾਲ
ਡੀਪੀਐੱਸ ਬੱਤਰਾ
ਸਮਰਾਲਾ, 13 ਅਕਤੂਬਰ
ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਮੰਗ ਸਬੰਧੀ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਇੱਥੇ ਤਿੰਨ ਘੰਟੇ ਲਈ ਸੜਕਾਂ ਜਾਮ ਕੀਤੀਆਂ ਗਈਆਂ।
ਕਿਸਾਨਾਂ ਅਤੇ ਵੱਖ-ਵੱਖ ਮੰਡੀਆਂ ਦੇ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਸਮਰਾਲਾ ਬਾਈਪਾਸ ’ਤੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ। ਰਾਜੇਵਾਲ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਕੀਤੇ ਜਾਣ ਕਾਰਨ ਹਾਲਾਤ ਲਗਾਤਾਰ ਵਿਗੜ ਰਹੇ ਹਨ ਅਤੇ ਜੇਕਰ ਇਸ ਨੂੰ ਸਮਾਂ ਰਹਿੰਦੇ ਨਾ ਸੰਭਾਲਿਆ ਗਿਆ ਤਾਂ ਕਿਸਾਨਾਂ ਦੇ ਰੋਹ ਨੂੰ ਸ਼ਾਂਤ ਕਰਨਾ ਮੁਸ਼ਕਲ ਹੋ ਜਾਵੇਗਾ।
ਉਨ੍ਹਾਂ ਪੰਜਾਬ ’ਚ ਝੋਨੇ ਦੀ ਖਰੀਦ ਨੂੰ ਲੈ ਕੇ ਬਣੀ ਸਥਿਤੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਇਹ ਸਭ ਜਾਣ-ਬੁੱਝ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ੈਲਰਾਂ ਵਿੱਚ ਪਿਛਲੇ ਸਾਲ ਦੇ ਪਏ ਚੌਲ ਨਵੀਂ ਫ਼ਸਲ ਆਉਣ ਤੋਂ ਪਹਿਲਾਂ ਨਹੀਂ ਚੁਕਵਾਏ ਗਏ ਤਾਂ ਜੋ ਖ਼ਰੀਦ ਤੋਂ ਹੱਥ ਖਿੱਚਿਆ ਜਾ ਸਕੇ। ਉਨ੍ਹਾਂ 15 ਦਿਨਾਂ ਤੋਂ ਫ਼ਸਲ ਵੇਚਣ ਲਈ ਮੰਡੀਆਂ ’ਚ ਰੁਲ ਰਹੇ ਕਿਸਾਨਾਂ ਦੀ ਹਾਲਤ ਲਈ ਪੰਜਾਬ ਸਰਕਾਰ ਨੂੰ ਬਰਾਬਰ ਦਾ ਦੋਸ਼ੀ ਮੰਨਦਿਆਂ ਕਿਹਾ ਕਿ ਸਰਕਾਰ ਦੀ ਨਲਾਇਕੀ ਸਦਕਾ ਹੀ ਅੱਜ ਸੂਬੇ ਦੀਆਂ ਮੰਡੀਆਂ ਵਿੱਚ ਅਜਿਹੇ ਹਾਲਾਤ ਬਣੇ ਹਨ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਅਜੇ ਤੱਕ ਝੋਨਾ ਨਹੀਂ ਖਰੀਦਿਆ ਜਾ ਰਿਹਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਬਦਲੇ ਦੀ ਭਾਵਨਾ ਨਾਲ ਕੰਮ ਕਰਦਿਆਂ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਿਸ ਦਾ ਨਤੀਜਾ ਸਰਕਾਰਾਂ ਨੂੰ ਭੁਗਤਣਾ ਪਵੇਗਾ।
ਧਰਨੇ ਨੂੰ ਬੀਕੇਯੂ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਬੀਕੇਯੂ ਰਾਜੇਵਾਲ ਦੇ ਸੂਬਾ ਮੀਤ ਪ੍ਰਧਾਨ ਸੁਖਮਿੰਦਰ ਸਿੰਘ ਭੱਟੀਆ, ਆੜ੍ਹਤੀ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਆਲਮਦੀਪ ਸਿੰਘ ਮੱਲਮਾਜਰਾ, ਚੇਅਰਮੈਨ ਹਰਪਾਲ ਸਿੰਘ ਢਿੱਲੋਂ, ਤੇਜਿੰਦਰ ਸਿੰਘ ਤੇਜੀ, ਰੁਪਿੰਦਰ ਬੈਨੀਪਾਲ ਅਤੇ ਆੜ੍ਹਤੀ ਐਸੋਸੀਏਸ਼ਨ ਮਾਛੀਵਾੜਾ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਸੰਬੋਧਨ ਕੀਤਾ।
ਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਿਰਾਓ ਦਾ ਐਲਾਨ
ਮੋਰਿੰਡਾ (ਸੰਜੀਵ ਤੇਜਪਾਲ): ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਘੰਟਿਆਂ ਲਈ ਸੜਕ ਜਾਮ ਰੱਖਣ ਦੇ ਸੱਦੇ ਨੂੰ ਮੋਰਿੰਡਾ ਵਿੱਚ ਭਰਵਾਂ ਹੁੰਗਾਰਾ ਮਿਲਿਆ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਤੇ ਸ਼ੈੱਲਰ ਮਾਲਕਾਂ ਵੱਲੋਂ ਮੋਰਿੰਡਾ-ਸ੍ਰੀ ਫ਼ਤਹਿਗੜ੍ਹ ਸਾਹਿਬ ਸੜਕ ’ਤੇ ਧਰਨਾ ਦੇ ਕੇ ਜਾਮ ਲਾਇਆ ਗਿਆ।
ਇਸ ਧਰਨੇ ਵਿੱਚ ਪਹੁੰਚੇ ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਤੇ ਬੀਕੇਯੂ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਐਲਾਨ ਕੀਤਾ ਕਿ ਜੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ 14 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਨੂੰ ਘਰਾਂ ਤੋਂ ਅਤੇ ਸੜਕਾਂ ’ਤੇ ਨਿਕਲਣਾ ਬੰਦ ਕਰਨ ਸੱਦਾ ਦਿੱਤਾ ਜਾਵੇਗਾ। ਲੱਖੋਵਾਲ ਨੇ ਕਿਹਾ ਕਿ ਦੇਸ਼ ਭੁੱਖਮਰੀ ਦੇ ਮਾਮਲੇ ’ਚ 105ਵੇਂ ਨੰਬਰ ’ਤੇ ਹੈ ਜਦਕਿ ਸਰਕਾਰਾਂ ਮੰਡੀਆਂ ’ਚ ਪਿਆ ਝੋਨਾ ਨਹੀਂ ਚੁੱਕ ਰਹੀਆਂ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਸ਼ੈੱਲਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਪਨਗਰੇਨ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾ ਤੇ ਅਮਰਜੀਤ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।