ਪਰਾਲੀ ਦੇ ਨਬਿੇੜੇ ਲਈ ਕਿਸਾਨਾਂ ਦੀ ਵਿੱਤੀ ਮਦਦ ਕਰੇ ਕੇਂਦਰ: ਬਲਬੀਰ ਸਿੰਘ
ਪਾਲ ਸਿੰਘ ਨੌਲੀ
ਜਲੰਧਰ, 17 ਨਵੰਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਦੇ ਮਾਮਲੇ ਵਿੱਚ ਪੰਜਾਬ ਦੀ ਮੱਦਦ ਕਰੇ ਅਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਵੇ ਤਾਂ ਜੋ ਉਹ ਪਰਾਲੀ ਦਾ ਪ੍ਰਬੰਧ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦਾ ਯੋਗ ਪ੍ਰਬੰਧ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹ ਅੱਜ ਇੱਥੇ ਗੁਲਾਬ ਦੇਵੀ ਹਸਪਤਾਲ ਵਿੱਚ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਔਖੇ ਸਮੇਂ ਢਿੱਡ ਭਰਿਆ ਸੀ। ਪੰਜਾਬ ਨੇ ਝੋਨਾ ਲਾ ਕੇ ਆਪਣਾ ਧਰਤੀ ਹੇਠਲਾ ਪਾਣੀ ਵੀ ਮੁਕਾ ਲਿਆ ਹੈ ਤੇ ਹੁਣ ਕੇਂਦਰ ਹੱਥ ਪਿੱਛੇ ਖਿੱਚ ਰਿਹਾ ਹੈ। ਉਨ੍ਹਾਂ ਕੇਂਦਰ ਨੂੰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਨਗਦੀ ਦੇਣ ਦੀ ਅਪੀਲ ਵੀ ਕੀਤੀ, ਜਿਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਹਸਪਤਾਲ ਵਿੱਚ ਆਯੁਰਵੈਦਿਕ ਅਤੇ ਪੰਚਕਰਮਾ ਕੇਂਦਰਾਂ ਦੀ ਸ਼ੁਰੂਆਤ ਕਰਦਿਆਂ ਇਸ ਉਪਰਾਲੇ ਲਈ ਟਰੱਸਟ ਦੀ ਸ਼ਲਾਘਾ ਕੀਤੀ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਦੀ ਮੁਕੰਮਲ ਕਾਇਆ ਕਲਪ ਕਰਨ ਲਈ ਵਚਨਬੱਧ ਹੈ ਅਤੇ ਸ਼ਹੀਦ ਲਾਲਾ ਲਾਜਪਤ ਰਾਏ ਦੇ ਸਿਹਤਮੰਦ ਸੂਬੇ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਮਹਾਨ ਆਜ਼ਾਦੀ ਘੁਲਾਟੀਏ ਨੂੰ ਉਨ੍ਹਾਂ ਦੇ 95ਵੇਂ ਸ਼ਹੀਦੀ ਦਿਵਸ ’ਤੇ ਸਥਾਨਕ ਗੁਲਾਬ ਦੇਵੀ ਹਸਪਤਾਲ ਵਿੱਚ ਸ਼ਰਧਾਂਜਲੀ ਭੇਟ ਕਰਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਵੱਲੋਂ ਸੂਬੇ ਵਿੱਚ 645 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਮੰਤਰੀ ਨੇ ਦੱਸਿਆ ਕਿ ਲਾਲਾ ਲਾਜਪਤ ਰਾਏ ਦੀ ਮਾਤਾ ਦੀ ਟੀਬੀ ਨਾਲ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਉਸ ਸਮੇਂ ਇਸ ਜਾਨਲੇਵਾ ਬਿਮਾਰੀ ਤੋਂ ਲੋਕਾਂ ਦੀ ਜਾਨ ਬਚਾਉਣ ਲਈ ਹਸਪਤਾਲ ਚਲਾਉਣ ਲਈ ਆਪਣੀ ਮਾਤਾ ਦੀ ਯਾਦ ਵਿੱਚ ਇੱਕ ਟਰੱਸਟ ਸਥਾਪਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਈਸੀਯੂ, ਟਰਾਮਾ ਸੈਂਟਰ, ਨਿਓਨੈਟਲ ਇੰਟੈਂਸਿਵ ਕੇਅਰ ਯੂਨਿਟਾਂ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।
ਉਨ੍ਹਾਂ ਨੇ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਗ਼ੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਤਣਾਅ ਸਬੰਧੀ ਸਮੱਸਿਆਵਾਂ ਨੂੰ ਘਟਾਉਣ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਵੀ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।