For the best experience, open
https://m.punjabitribuneonline.com
on your mobile browser.
Advertisement

ਕੇਂਦਰ ਵੱਲੋਂ ਪੰਜਾਬ ਦੇ ਅੱਠ ਸੜਕੀ ਪ੍ਰਾਜੈਕਟ ਰੱਦ ਕਰਨ ਦੀ ਚਿਤਾਵਨੀ

07:55 AM Aug 11, 2024 IST
ਕੇਂਦਰ ਵੱਲੋਂ ਪੰਜਾਬ ਦੇ ਅੱਠ ਸੜਕੀ ਪ੍ਰਾਜੈਕਟ ਰੱਦ ਕਰਨ ਦੀ ਚਿਤਾਵਨੀ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 10 ਅਗਸਤ
ਕੇਂਦਰੀ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਚ ਕੋਈ ਨਾ ਸੁਧਾਰ ਨਾ ਹੋਇਆ ਤਾਂ ਉਨ੍ਹਾਂ ਕੋਲ ਪੰਜਾਬ ਵਿਚਲੇ 8 ਹੋਰ ਸੜਕੀ ਪ੍ਰਾਜੈਕਟ ਰੱਦ ਕਰਨ ਤੋਂ ਬਿਨਾਂ ਕੋਈ ਰਾਹ ਨਹੀਂ ਬਚੇਗਾ। ਉਨ੍ਹਾਂ 293 ਕਿਲੋਮੀਟਰ ਲੰਬਾਈ ਵਾਲੇ ਇਨ੍ਹਾਂ ਪ੍ਰਾਜੈਕਟਾਂ ਦੀ ਲਾਗਤ ਕੀਮਤ 14,288 ਕਰੋੜ ਰੁਪਏ ਦੱਸੀ ਹੈ।
ਉਨ੍ਹਾਂ ਪੱਤਰ ’ਚ ਲਿਖਿਆ ਹੈ ਕਿ 15 ਜੁਲਾਈ ਨੂੰ ਨਵੀਂ ਦਿੱਲੀ ’ਚ ਹੋਈ ਮੀਟਿੰਗ ਵਿਚ ਸੂਬਾ ਸਰਕਾਰ ਨੂੰ ਪੂਰੇ ਹਾਲਾਤ ਤੋਂ ਜਾਣੂ ਕਰਾਇਆ ਗਿਆ ਸੀ ਜਿਨ੍ਹਾਂ ਬਾਰੇ ਪੰਜਾਬ ਨੇ ਅਮਨ ਕਾਨੂੰਨ ਦੀ ਸਥਿਤੀ ’ਚ ਸੁਧਾਰ ਅਤੇ ਜ਼ਮੀਨ ਪ੍ਰਾਪਤੀ ਵਿਚਲੇ ਅੜਿੱਕੇ ਦੂਰ ਕਰਨ ਦਾ ਭਰੋਸਾ ਦਿੱਤਾ ਸੀ। ਗਡਕਰੀ ਨੇ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਇਸ ਪਾਸੇ ਕੋਈ ਕਦਮ ਨਹੀਂ ਚੁੱਕਿਆ ਬਲਕਿ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ।
ਗਡਕਰੀ ਨੇ ਦਿੱਲੀ-ਅੰਮ੍ਰਿਤਸਰ ਕਟੜਾ ਐਕਸਪ੍ਰੈੱਸਵੇਅ ਦੇ ਠੇਕੇਦਾਰਾਂ ਦੇ ਇੰਜਨੀਅਰਾਂ ਨਾਲ ਵਾਪਰੀਆਂ ਦੋ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਲੁਧਿਆਣਾ ਜ਼ਿਲ੍ਹੇ ਵਿਚ ਵਾਪਰੀ ਘਟਨਾ ਦੇ ਸਬੰਧ ਵਿੱਚ ਤਾਂ ਪੁਲੀਸ ਨੇ ਹਾਲੇ ਤੱਕ ਕੇਸ ਹੀ ਦਰਜ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਾਪਰਨ ਤੋਂ ਰੋਕੀਆਂ ਜਾਣ। ਉਨ੍ਹਾਂ ਕਿਹਾ ਕਿ ਕਈ ਅੜਿੱਕਿਆਂ ਕਰਕੇ ਸੜਕੀ ਪ੍ਰਾਜੈਕਟਾਂ ਵਾਸਤੇ ਜ਼ਮੀਨ ਐਕੁਆਇਰ ਦੇ ਮਸਲੇ ਲਟਕੇ ਹੋਏ ਹਨ ਜਿਸ ਕਾਰਨ ਠੇਕੇਦਾਰਾਂ ਵੱਲੋਂ ਕੌਮੀ ਸੜਕ ਅਥਾਰਿਟੀ ਕੋਲ ਕਲੇਮ ਪਾਏ ਜਾ ਰਹੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਨਿੱਜੀ ਦਖਲ ਦੇਣ ਵਾਸਤੇ ਕਿਹਾ ਹੈ।
ਕੇਂਦਰੀ ਮੰਤਰੀ ਨੇ ਉਨ੍ਹਾਂ ਇੰਜਨੀਅਰਾਂ ਦੀਆਂ ਤਸਵੀਰਾਂ ਵੀ ਭੇਜੀਆਂ ਹਨ ਜਿਨ੍ਹਾਂ ’ਤੇ ਹਮਲੇ ਹੋਏ ਹਨ। ਚੇਤੇ ਰਹੇ ਕਿ ਕੇਂਦਰ ਸਰਕਾਰ ਪਹਿਲਾਂ ਹੀ 3263 ਕਰੋੜ ਰੁਪਏ ਦੇ ਤਿੰਨ ਸੜਕੀ ਪ੍ਰਾਜੈਕਟ ਰੱਦ ਕਰ ਚੁੱਕੀ ਹੈ। ਜੇ ਅੜਿੱਕੇ ਨਾ ਦੂਰ ਹੋਏ ਤਾਂ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨਾਂ ਵਿੱਚ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਸਨ ਤਾਂ ਜੋ ਇਹ ਅੜਿੱਕੇ ਦੂਰ ਕੀਤੇ ਜਾ ਸਕਣ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨੇ ਮਸਲੇ ਹੱਲ ਕਰਨ ਲਈ ਕਮਾਨ ਆਪਣੇ ਹੱਥ ਵਿੱਚ ਲੈ ਲਈ ਹੈ ਅਤੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਪੰਜਾਬ ਨੂੰ ਨਫ਼ਰਤ ਕਰਦੀ ਹੈ ਭਾਜਪਾ: ਚੀਮਾ

Advertisement

ਨਵੀਂ ਦਿੱਲੀ (ਪੱਤਰ ਪ੍ਰੇਰਕ): ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਆਗੂ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਸੋਚੀ ਸਮਝੀ ਸਾਜ਼ਿਸ਼ ਤਹਿਤ ਉਨ੍ਹਾਂ ਅਜਿਹਾ ਬਿਆਨ ਦਿੱਤਾ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚੰਗੀ ਹੈ ਅਤੇ ਉਦਯੋਗ ਪੰਜਾਬ ਵਿੱਚ ਆ ਰਹੇ ਹਨ ਤੇ ਸੂਬਾ ਅੱਗੇ ਵਧ ਰਿਹਾ ਹੈ। ਮੈਨੂੰ ਲੱਗਦਾ ਹੈ ਕਿ ਭਾਜਪਾ ਪੰਜਾਬ ਨੂੰ ਨਫ਼ਰਤ ਕਰਦੀ ਹੈ।’ ਸ੍ਰੀ ਚੀਮਾ ਨੇ ਕਿਹਾ ਕਿ ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ। ਅਮਨ ਕਾਨੂੰਨ ਦੀ ਕੋਈ ਸਮੱਸਿਆ ਨਹੀਂ ਹੈ। ਅਮਨ ਅਰੋੜਾ ਨੇ ਕਿਹਾ ਕਿ ਕਿਸਾਨ ਅੰਦੋਲਨ ਮਗਰੋਂ ਪੰੰਜਾਬ ਦੇ ਕਿਸਾਨ ਕੇਂਦਰ ਸਰਕਾਰ ਨਾਲ ਨਾਰਾਜ਼ ਹਨ ਕਿਉਂਕਿ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸਾਨ ਮੁਆਵਜ਼ੇ ਲਈ ਸੰਘਰਸ਼ ਕਰ ਰਹੇ ਹਨ ਤੇ ਉਨ੍ਹਾਂ ਦੀ ਗੱਲ ਸੁਣੀ ਜਾਵੇ।

Advertisement
Author Image

Advertisement